ਤਾਜਾ ਖਬਰਾਂ
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਕਈ ਗੰਭੀਰ ਦਾਅਵੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫੈਸਲੇ ਤੋਂ ਬਾਅਦ ਹੀ ਉਨ੍ਹਾਂ ਨੂੰ ਅੰਦਾਜ਼ਾ ਸੀ ਕਿ ਉਨ੍ਹਾਂ ਨੂੰ ਅਹੁਦੇ ਤੋਂ ਲਾਂਭਾ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਮਰਿਆਦਾ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖ਼ਲਅੰਦਾਜ਼ੀ ਨੂੰ ਉਹ ਕਦੇ ਮਨਜ਼ੂਰ ਨਹੀਂ ਕਰ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਫਖਰ-ਏ-ਕੌਮ ਪਦਵੀ ਵਾਪਸ ਲੈਣ ਦੇ ਮਾਮਲੇ ਤੋਂ ਬਾਅਦ ਤੋਂ ਹੀ ਉਨ੍ਹਾਂ ਨਾਲ ਨਾਰਾਜ਼ਗੀ ਬਣੀ ਹੋਈ ਸੀ, ਜਿਸ ਦਾ ਪ੍ਰਭਾਵ ਹੁਣ ਨਜ਼ਰ ਆ ਰਿਹਾ ਹੈ।
ਗਿਆਨੀ ਰਘਬੀਰ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦੇ ਮਾਮਲੇ ‘ਚ ਉਨ੍ਹਾਂ ਦੇ ਰੁਖ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਹੋ ਰਹੀਆਂ ਗੜਬੜੀਆਂ ‘ਤੇ ਆਵਾਜ਼ ਉਠਾਉਣ ਵਾਲਿਆਂ ‘ਚ ਉਹ ਇਕੱਲੇ ਸਨ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਈ ਵਾਰ ਉਨ੍ਹਾਂ ‘ਤੇ ਦਬਾਅ ਬਣਾਇਆ ਗਿਆ ਕਿ 2 ਦਸੰਬਰ ਦੇ ਫੈਸਲੇ ਨੂੰ ਭਾਰਤੀ ਜਨਤਾ ਪਾਰਟੀ ਦੇ ਕਹਿਣ ‘ਤੇ ਹੋਇਆ ਦੱਸਿਆ ਜਾਵੇ, ਪਰ ਉਨ੍ਹਾਂ ਇਸ ਤੋਂ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਤਰਨਤਾਰਨ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹੱਕ ‘ਚ ਬੋਲਣ ਲਈ ਵੀ ਕਿਹਾ ਗਿਆ, ਜੋ ਉਨ੍ਹਾਂ ਅਨੁਸਾਰ ਗੁਰਮਰਿਆਦਾ ਦੇ ਉਲਟ ਸੀ।
ਉਨ੍ਹਾਂ ਕਿਹਾ ਕਿ ਮੌਜੂਦਾ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਫੈਸਲੇ ਨੂੰ ਉਹ ਸਵੀਕਾਰ ਕਰਦੇ ਹਨ, ਪਰ ਨਾਲ ਹੀ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਕਈ ਸਬੂਤ ਮੌਜੂਦ ਹਨ ਜੋ ਸਮੇਂ ਆਉਣ ‘ਤੇ ਸਾਹਮਣੇ ਲਿਆਂਦੇ ਜਾਣਗੇ।
ਯਾਦ ਰਹੇ ਕਿ ਅੱਜ ਹੋਈ ਐਸਜੀਪੀਸੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਅਧਿਕਾਰਕ ਤੌਰ ‘ਤੇ ਸੇਵਾਵਾਂ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ।
Get all latest content delivered to your email a few times a month.