IMG-LOGO
ਹੋਮ ਪੰਜਾਬ, ਰਾਸ਼ਟਰੀ, ਟੈਕਨਾਲੋਜੀ ਸਭਾ 2026 ‘ਚ ਪੰਜਾਬ ਸਰਕਾਰ ਨੂੰ “ਡਿਜੀਟਲ ਐਕਸੀਲੈਂਸ” ਐਵਾਰਡ...

ਟੈਕਨਾਲੋਜੀ ਸਭਾ 2026 ‘ਚ ਪੰਜਾਬ ਸਰਕਾਰ ਨੂੰ “ਡਿਜੀਟਲ ਐਕਸੀਲੈਂਸ” ਐਵਾਰਡ ਨਾਲ ਕੀਤਾ ਗਿਆ ਸਨਮਾਨਿਤ

Admin User - Mar 01, 2026 06:41 PM
IMG

ਨਾਗਰਿਕ-ਕੇਂਦ੍ਰਿਤ ਸੁਧਾਰਾਂ, ਪਾਰਦਰਸ਼ਤਾ ਅਤੇ ਸਰਕਾਰੀ ਸੇਵਾਵਾਂ ਦੀ ਸੁਚੱਜੀ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਪ੍ਰਭਾਵਸ਼ਾਲੀ ਵਰਤੋਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਟੈਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਨਾਲ ਨਵਾਜਿਆ ਗਿਆ। ਇਹ ਐਵਾਰਡ ਹੈਦਰਾਬਾਦ ਵਿੱਚ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਆਯੋਜਿਤ ਸਮਾਰੋਹ ਦੌਰਾਨ ਪ੍ਰਦਾਨ ਕੀਤਾ ਗਿਆ, ਜਿਸ ਵਿੱਚ ਦੇਸ਼ ਭਰ ਦੇ ਪ੍ਰਮੁੱਖ ਤਕਨਾਲੋਜੀ ਵਿਦਵਾਨਾਂ ਅਤੇ ਨੀਤੀ-ਨਿਰਧਾਰਕਾਂ ਨੇ ਸ਼ਿਰਕਤ ਕੀਤੀ।

ਸੂਬਾ ਸਰਕਾਰ ਦੀ ਤਰਫੋਂ ਇਹ ਸਨਮਾਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਉਪਲਬਧੀ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਪੂਰੀ ਟੀਮ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ।

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਸ਼ਾਸਨਿਕ ਢਾਂਚਾ ਤਿਆਰ ਕਰਨ ਦੇ ਲਗਾਤਾਰ ਯਤਨਾਂ ਦੀ ਪੁਸ਼ਟੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ‘ਵਿਚੋਲੇ ਸੱਭਿਆਚਾਰ’ ਨੂੰ ਖਤਮ ਕਰਕੇ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਸਨਮਾਨਜਨਕ ਅਤੇ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਹੈ।

ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਪ੍ਰਮੁੱਖ ਸਕੀਮ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਤਹਿਤ ਨਾਗਰਿਕ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ 430 ਤੋਂ ਵੱਧ ਸਰਕਾਰੀ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਰਹੇ ਹਨ। ਹੁਣ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਨੂੰ ਆਨਲਾਈਨ ਤਸਦੀਕ ਦੇ ਅਧਿਕਾਰ ਦਿੱਤੇ ਗਏ ਹਨ, ਜਿਸ ਨਾਲ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਕਾਫ਼ੀ ਤੇਜ਼ ਹੋਈ ਹੈ।

ਉਨ੍ਹਾਂ ਦੱਸਿਆ ਕਿ ਪਟਵਾਰੀਆਂ ਅਤੇ ਫੀਲਡ ਸਟਾਫ ਦੀ ਸਫਲ ਆਨਬੋਰਡਿੰਗ ਨਾਲ ਹੁਣ ਤੱਕ 12.5 ਲੱਖ ਤੋਂ ਵੱਧ ਅਰਜ਼ੀਆਂ ‘ਤੇ ਆਨਲਾਈਨ ਕਾਰਵਾਈ ਹੋ ਚੁੱਕੀ ਹੈ ਅਤੇ ਲੰਬਿਤ ਮਾਮਲਿਆਂ ਦੀ ਦਰ ਸਿਰਫ਼ 0.33 ਫ਼ੀਸਦੀ ਰਹਿ ਗਈ ਹੈ। ਇਸ ਤੋਂ ਇਲਾਵਾ, ਐਮ-ਸੇਵਾ ਅਤੇ ਕਨੈਕਟ ਪੰਜਾਬ ਵਰਗੇ ਡਿਜੀਟਲ ਪਲੇਟਫਾਰਮ ਨਾਗਰਿਕਾਂ ਨੂੰ ਅਰਜ਼ੀਆਂ ਟਰੈਕ ਕਰਨ ਅਤੇ ਤੁਰੰਤ ਫੀਡਬੈਕ ਦੇਣ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ।

ਭਵਿੱਖ ਦੀ ਯੋਜਨਾ ਬਾਰੇ ਗੱਲ ਕਰਦਿਆਂ ਸ੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਅਗਲੇ ਪੜਾਅ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ (ਐਮਐਲ) ਨੂੰ ਸਰਕਾਰੀ ਸੇਵਾਵਾਂ ਨਾਲ ਜੋੜਿਆ ਜਾਵੇਗਾ। ਟੀਚਾ ਇਹ ਹੈ ਕਿ ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ ਸਮੇਤ ਸਾਰੀਆਂ ਮੁੱਖ ਸੇਵਾਵਾਂ ਲਈ 100 ਫ਼ੀਸਦੀ ਕਾਗਜ਼ ਰਹਿਤ ਅਤੇ ਸੰਪਰਕ ਰਹਿਤ ਪ੍ਰਣਾਲੀ ਬਣਾਈ ਜਾਵੇ, ਤਾਂ ਜੋ ਹਰ ਸਰਕਾਰੀ ਸੇਵਾ ਸਿਰਫ਼ ਇੱਕ ਕਲਿੱਕ ‘ਤੇ ਆਮ ਲੋਕਾਂ ਲਈ ਉਪਲਬਧ ਹੋ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.