ਤਾਜਾ ਖਬਰਾਂ
ਈਰਾਨ ਅਤੇ ਇਜ਼ਰਾਈਲ ਵਿਚਾਲੇ ਚੱਲ ਰਹੀ ਤਣਾਅਪੂਰਨ ਸਥਿਤੀ ਦੌਰਾਨ ਅਯਤੁੱਲਾਹ ਅਲੀ ਖਾਮੇਨੇਈ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਵਿੱਚ ਵੱਡਾ ਰੋਸ ਪ੍ਰਦਰਸ਼ਨ ਵੇਖਣ ਨੂੰ ਮਿਲਿਆ। ਸ਼ਹਿਰ ਦੇ ਜਾਮਾ ਮਸਜਿਦ ਲੁਧਿਆਣਾ ਦੇ ਬਾਹਰ ਮੁਸਲਿਮ ਭਾਈਚਾਰੇ ਦੇ ਲੋਕ ਭਾਰੀ ਗਿਣਤੀ ਵਿੱਚ ਇਕੱਠੇ ਹੋਏ ਅਤੇ ਇਜ਼ਰਾਈਲ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਦੌਰਾਨ ਲੋਕਾਂ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬਿਨਯਾਮਿਨ ਨਿਤਨਯਾਹੂ ਦਾ ਪੁਤਲਾ ਸਾੜ ਕੇ ਆਪਣਾ ਗੁੱਸਾ ਜਤਾਇਆ। ਦੁਪਹਿਰ ਦੀ ਨਮਾਜ਼ ਤੋਂ ਬਾਅਦ ਖਾਮੇਨੇਈ ਦੀ ਯਾਦ ਵਿੱਚ ਖ਼ਾਸ ਦੁਆ ਵੀ ਕਰਵਾਈ ਗਈ ਅਤੇ ਉਨ੍ਹਾਂ ਦੀ ਮੌਤ ਨੂੰ “ਕੁਰਬਾਨੀ” ਵਜੋਂ ਯਾਦ ਕੀਤਾ ਗਿਆ।
ਇਸ ਮੌਕੇ ਮਜਲਿਸ ਅਹਿਰਾਰ ਇਸਲਾਮ ਹਿੰਦ ਨਾਲ ਜੁੜੇ ਅਤੇ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਭੀੜ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਘਟਨਾ ਸਰਕਾਰੀ ਅੱਤਵਾਦ ਦੀ ਨਿਸ਼ਾਨੀ ਹੈ ਅਤੇ ਦੁਨੀਆ ਦੀ ਖਾਮੋਸ਼ੀ ਚਿੰਤਾਜਨਕ ਹੈ। ਉਨ੍ਹਾਂ ਨੇ ਕਿਹਾ ਕਿ ਖਾਮੇਨੇਈ ਸਿਰਫ਼ ਈਰਾਨ ਹੀ ਨਹੀਂ, ਸਗੋਂ ਦੁਨੀਆ ਭਰ ਦੇ ਮੁਸਲਮਾਨਾਂ ਲਈ ਪ੍ਰੇਰਣਾ ਸਨ।
ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ‘ਤੇ ਆਪਣਾ ਵਿਰੋਧ ਸੰਯੁਕਤ ਰਾਸ਼ਟਰ ਸੰਘ ਵਿੱਚ ਦਰਜ ਕਰਵਾਇਆ ਜਾਵੇ ਅਤੇ ਈਰਾਨ ਨਾਲ ਇਤਿਹਾਸਕ ਸਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਕੌਮੀ ਸੋਗ ਦਾ ਐਲਾਨ ਕੀਤਾ ਜਾਵੇ।
ਪ੍ਰਦਰਸ਼ਨ ਦੌਰਾਨ ਲੋਕਾਂ ਵੱਲੋਂ “ਖਾਮੇਨੇਈ ਜ਼ਿੰਦਾਬਾਦ” ਅਤੇ “ਇਜ਼ਰਾਈਲ ਮੁਰਦਾਬਾਦ” ਦੇ ਨਾਅਰੇ ਵੀ ਲਗਾਏ ਗਏ, ਜਿਸ ਨਾਲ ਇਲਾਕੇ ਵਿੱਚ ਤਣਾਅਪੂਰਨ ਮਾਹੌਲ ਬਣਿਆ ਰਿਹਾ।
Get all latest content delivered to your email a few times a month.