ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਅੱਜ ਵੱਡੀ ਹਲਚਲ ਦੇਖਣ ਨੂੰ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਮੌਜੂਦਾ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਕਰਨ ਜਾ ਰਹੀ ਹੈ। ਜਿੱਥੇ ਸਰਕਾਰ ਇਸ ਨੂੰ 'ਲੋਕ-ਪੱਖੀ' ਬਜਟ ਦੱਸ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਕਾਂਗਰਸ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।
ਸੂਬੇ ਦੀ ਮੁੱਖ ਵਿਰੋਧੀ ਧਿਰ ਪੰਜਾਬ ਕਾਂਗਰਸ ਨੇ ਅੱਜ ਸਵੇਰੇ 11 ਵਜੇ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ। ਕਾਂਗਰਸ ਵੱਲੋਂ ਇਹ ਪ੍ਰਦਰਸ਼ਨ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਸਰਕਾਰ ਦੇ ਅਧੂਰੇ ਵਾਅਦਿਆਂ ਦੇ ਖਿਲਾਫ਼ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਸੈਸ਼ਨ ਦੇ ਪਹਿਲੇ ਦਿਨ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਸਭ ਤੋਂ ਵੱਧ ਚਰਚਾ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ 'ਗਾਰੰਟੀ' ਨੂੰ ਲੈ ਕੇ ਹੋ ਰਹੀ ਹੈ। ਸਾਲ 2022 ਦੀਆਂ ਚੋਣਾਂ ਦੌਰਾਨ ਕੀਤਾ ਗਿਆ ਇਹ ਵਾਅਦਾ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਲਟਕ ਰਿਹਾ ਹੈ। ਸੂਤਰਾਂ ਅਨੁਸਾਰ, 8 ਮਾਰਚ (ਐਤਵਾਰ) ਨੂੰ ਪੇਸ਼ ਹੋਣ ਵਾਲੇ ਬਜਟ ਵਿੱਚ ਇਸ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ।
6 ਮਾਰਚ ਤੋਂ 16 ਮਾਰਚ ਤੱਕ ਚੱਲਣ ਵਾਲੇ ਇਸ ਸੈਸ਼ਨ ਦੌਰਾਨ ਭਾਰੀ ਹੰਗਾਮਾ ਹੋਣ ਦੇ ਆਸਾਰ ਹਨ। ਇੱਕ ਪਾਸੇ ਜਿੱਥੇ ਸਰਕਾਰ ਆਪਣੇ ਚਾਰ ਸਾਲਾਂ ਦੇ ਵਿਕਾਸ ਕਾਰਜਾਂ ਦਾ ਗੁਣਗਾਨ ਕਰੇਗੀ, ਉੱਥੇ ਹੀ ਦੂਜੇ ਪਾਸੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਸੜਕਾਂ ਤੋਂ ਲੈ ਕੇ ਸਦਨ ਤੱਕ ਸਰਕਾਰ ਨੂੰ ਘੇਰਨਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਜਨਤਾ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹੈ ਅਤੇ ਇਹ ਬਜਟ ਪੰਜਾਬ ਦੇ ਹਰ ਵਰਗ ਲਈ ਖੁਸ਼ਹਾਲੀ ਲੈ ਕੇ ਆਵੇਗਾ।
Get all latest content delivered to your email a few times a month.