ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਆਪਣੀ ਅੰਤਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਆਉਣ ਵਾਲੇ ਬਜਟ ਇਜਲਾਸ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਬੁਲਾਇਆ ਗਿਆ ਹੈ। ਇਹ ਇਜਲਾਸ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ 12 ਵਜੇ ਸ਼ੁਰੂ ਹੋਵੇਗਾ, ਜਿਸ ਦੌਰਾਨ ਕਮੇਟੀ ਵੱਲੋਂ ਆਉਣ ਵਾਲੇ ਸਾਲ ਲਈ ਬਜਟ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸੈਕਸ਼ਨ 85 ਦੇ ਤਹਿਤ ਉਹ ਸਾਰੇ ਗੁਰਦੁਆਰੇ, ਜਿਨ੍ਹਾਂ ਦਾ ਸਿੱਧਾ ਪ੍ਰਬੰਧ SGPC ਕੋਲ ਹੈ, ਉਨ੍ਹਾਂ ਦੇ ਟਰੱਸਟਾਂ, ਵੱਖ-ਵੱਖ ਵਿਭਾਗਾਂ ਅਤੇ ਜਨਰਲ ਬੋਰਡ ਨਾਲ ਸੰਬੰਧਿਤ ਬਜਟ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੈਕਸ਼ਨ 87 ਅਧੀਨ ਆਉਂਦੇ ਗੁਰਦੁਆਰਿਆਂ, ਪ੍ਰਿੰਟਿੰਗ ਪ੍ਰੈਸਾਂ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦਾ ਬਜਟ ਵੀ ਇਸ ਮੌਕੇ ਰੱਖਿਆ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ SGPC ਵੱਲੋਂ ਹਮੇਸ਼ਾਂ ਧਰਮ ਪ੍ਰਚਾਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਂਦੀ ਹੈ ਅਤੇ ਬਜਟ ਦਾ ਵੱਡਾ ਹਿੱਸਾ ਵੀ ਇਸੇ ਮਕਸਦ ਲਈ ਰਾਖਵਾਂ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਦੀ ਸੰਭਾਲ ਅਤੇ ਪ੍ਰਚਾਰ ਲਈ ਸਿੱਖ ਇਤਿਹਾਸ ਬੋਰਡ ਲਈ ਵੀ ਵੱਖਰਾ ਬਜਟ ਨਿਰਧਾਰਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ SGPC ਵੱਲੋਂ ਅਮਰ ਸ਼ਹੀਦ ਭਾਈ ਤਾਰਾ ਸਿੰਘ ਦੀ 300ਵੀਂ ਸ਼ਹੀਦੀ ਸ਼ਤਾਬਦੀ ਵੀ ਮਨਾਈ ਜਾ ਰਹੀ ਹੈ। ਇਹ ਸਮਾਗਮ 11 ਤੋਂ 14 ਮਾਰਚ ਤੱਕ ਆਯੋਜਿਤ ਕੀਤੇ ਜਾਣਗੇ। ਇਸ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ 8 ਮਾਰਚ ਨੂੰ ਇਕ ਵੱਡੇ ਮਾਰਚ ਨਾਲ ਕੀਤੀ ਜਾਵੇਗੀ।
ਧਾਮੀ ਨੇ ਕਿਹਾ ਕਿ ਇਸ ਮੌਕੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਚਾਰਕਾਂ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਗੁਰਮਤਿ ਸਮਾਗਮ ਕਰਵਾਉਣ ਦੀ ਹਦਾਇਤ ਦਿੱਤੀ ਗਈ ਹੈ, ਤਾਂ ਜੋ ਸਿੱਖ ਇਤਿਹਾਸ ਅਤੇ ਗੁਰਬਾਣੀ ਦੇ ਸੰਦੇਸ਼ ਨੂੰ ਵੱਡੇ ਪੱਧਰ ’ਤੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
Get all latest content delivered to your email a few times a month.