ਤਾਜਾ ਖਬਰਾਂ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਦੋ ਧਿਰਾਂ ਵਿਚਕਾਰ ਝਗੜਾ ਖੂਨੀ ਟਕਰਾਅ ਵਿੱਚ ਬਦਲ ਗਿਆ। ਜਾਣਕਾਰੀ ਮੁਤਾਬਕ ਗੁਰੂ ਘਰ ਦੀ ਸੇਵਾ-ਸੰਭਾਲ ਅਤੇ ਪ੍ਰਬੰਧ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਪਿੰਡ ਵਿੱਚ ਦੋ ਧਿਰਾਂ ਵਿਚਕਾਰ ਤਣਾਅ ਬਣਿਆ ਹੋਇਆ ਸੀ।
ਦੱਸਿਆ ਜਾਂਦਾ ਹੈ ਕਿ ਗੁਰਦੁਆਰਾ ਸਾਹਿਬ ਦੀ ਕਮੇਟੀ ਪਹਿਲਾਂ ਮਹਿੰਦਰ ਸਿੰਘ ਦੀ ਅਗਵਾਈ ਹੇਠ ਕੰਮ ਕਰ ਰਹੀ ਸੀ। ਇਸ ਦੌਰਾਨ ਪਿੰਡ ਦੇ ਕੁਝ ਹੋਰ ਲੋਕਾਂ ਨੇ ਗੁਰਦੁਆਰੇ ਦੇ ਪ੍ਰਬੰਧ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕੀਤੀ। ਅੱਜ ਇਹ ਧਿਰ ਪਿੰਡ ਦੇ ਸਰਪੰਚ ਅਮਨਦੀਪ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਪਹੁੰਚ ਗਈ। ਮੌਕੇ ‘ਤੇ ਪਹੁੰਚਣ ਤੋਂ ਬਾਅਦ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰੇ ਉਤਾਰ ਦਿੱਤੇ ਗਏ, ਜਿਸ ਕਾਰਨ ਦੋਨਾਂ ਧਿਰਾਂ ਵਿਚਕਾਰ ਤਣਾਅ ਹੋਰ ਵੱਧ ਗਿਆ।
ਥੋੜ੍ਹੀ ਦੇਰ ਬਾਅਦ ਦੋਨਾਂ ਪਾਸਿਆਂ ਵਿਚਕਾਰ ਤਿੱਖੀ ਬਹਿਸ ਹੋਈ ਜੋ ਜਲਦੀ ਹੀ ਹੱਥਾਪਾਈ ਵਿੱਚ ਬਦਲ ਗਈ। ਮਾਮਲਾ ਇਤਨਾ ਵਧ ਗਿਆ ਕਿ ਦੋਨਾਂ ਧਿਰਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ। ਇਸ ਦੌਰਾਨ ਸਾਬਕਾ ਸਰਪੰਚ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਨਿਸ਼ਾਨਾ ਬਣਾਇਆ ਗਿਆ। ਟਕਰਾਅ ਦੌਰਾਨ ਤਿੰਨ ਗੱਡੀਆਂ ਦੀ ਭੰਨਤੋੜ ਵੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਟਭਾਈ ਦੇ ਐਸ.ਐਚ.ਓ. ਦੀਪਕ ਕੰਬੋਜ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਗੋਲਕ ਖੋਲ੍ਹਣ ਨੂੰ ਲੈ ਕੇ ਦੋਨਾਂ ਧਿਰਾਂ ਵਿਚਕਾਰ ਵਿਵਾਦ ਹੋਇਆ ਸੀ। ਇੱਕ ਧਿਰ ਦੀ ਅਗਵਾਈ ਮਹਿੰਦਰ ਸਿੰਘ ਕਰ ਰਹੇ ਸਨ ਜਦਕਿ ਦੂਜੇ ਪਾਸੇ ਸਰਪੰਚ ਅਮਨਦੀਪ ਸਿੰਘ ਦੀ ਅਗਵਾਈ ਸੀ।
ਉਨ੍ਹਾਂ ਦੱਸਿਆ ਕਿ ਫਾਇਰਿੰਗ ਦੌਰਾਨ ਸੁਖਦੇਵ ਸਿੰਘ, ਬਲਵਿੰਦਰ ਸਿੰਘ ਅਤੇ ਮਹਿੰਦਰ ਸਿੰਘ ਨੂੰ ਗੋਲੀਆਂ ਦੇ ਛਰਲੇ ਲੱਗੇ ਹਨ, ਜਦਕਿ ਇਕ ਹੋਰ ਵਿਅਕਤੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।
Get all latest content delivered to your email a few times a month.