ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਸਬੂਤਾਂ ਦੇ ਆਧਾਰ 'ਤੇ ਡੇਰਾ ਮੁਖੀ ਨੂੰ ਇਸ ਮਾਮਲੇ ਵਿੱਚੋਂ ਬਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਸਾਲ 2019 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਮੁਖੀ ਸਮੇਤ ਚਾਰ ਦੋਸ਼ੀਆਂ ਨੂੰ ਕਤਲ ਦਾ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਫੈਸਲੇ ਵਿਰੁੱਧ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਅੱਜ ਦੀ ਸੁਣਵਾਈ ਦੌਰਾਨ ਅਦਾਲਤ ਨੇ ਡੇਰਾ ਮੁਖੀ ਨੂੰ ਤਾਂ ਰਾਹਤ ਦੇ ਦਿੱਤੀ, ਪਰ ਮਾਮਲੇ ਵਿੱਚ ਸ਼ਾਮਲ ਬਾਕੀ ਤਿੰਨ ਦੋਸ਼ੀਆਂ ਨੂੰ ਕੋਈ ਰਿਆਇਤ ਨਹੀਂ ਮਿਲੀ।
ਹਾਈਕੋਰਟ ਨੇ ਇਸ ਕਤਲ ਕਾਂਡ ਵਿੱਚ ਸ਼ਾਮਲ ਤਿੰਨ ਹੋਰ ਦੋਸ਼ੀਆਂ— ਕੁਲਦੀਪ ਸਿੰਘ, ਨਿਰਮਲ ਸਿੰਘ ਅਤੇ ਕਿਸ਼ਨ ਲਾਲ ਦੀ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਪਾਇਆ ਕਿ ਇਨ੍ਹਾਂ ਤਿੰਨਾਂ ਦੀ ਭੂਮਿਕਾ ਨੂੰ ਲੈ ਕੇ ਹੇਠਲੀ ਅਦਾਲਤ ਦਾ ਫੈਸਲਾ ਸਹੀ ਸੀ, ਜਿਸ ਕਾਰਨ ਇਨ੍ਹਾਂ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਗਿਆ।
ਪੱਤਰਕਾਰ ਰਾਮਚੰਦਰ ਛਤਰਪਤੀ, ਜੋ ਆਪਣੇ ਅਖ਼ਬਾਰ 'ਪੂਰਾ ਸੱਚ' ਰਾਹੀਂ ਡੇਰੇ ਦੀਆਂ ਗਤੀਵਿਧੀਆਂ ਬਾਰੇ ਲਗਾਤਾਰ ਲਿਖ ਰਹੇ ਸਨ, 'ਤੇ ਅਕਤੂਬਰ 2002 ਵਿੱਚ ਹਮਲਾ ਹੋਇਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਲਗਭਗ ਦੋ ਦਹਾਕਿਆਂ ਤੋਂ ਚੱਲ ਰਹੀ ਇਸ ਕਾਨੂੰਨੀ ਲੜਾਈ ਵਿੱਚ ਅੱਜ ਦਾ ਫੈਸਲਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.