ਤਾਜਾ ਖਬਰਾਂ
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਕੱਲ੍ਹ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਗਭਗ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰਨਗੇ। 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਜਟ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸਰਕਾਰ ਵੱਲੋਂ ਇਸ ਵਾਰੀ ਮਹਿਲਾਵਾਂ ਲਈ ਵੱਡੇ ਤੋਹਫ਼ਿਆਂ ‘ਤੇ ਖਾਸ ਫੋਕਸ ਕੀਤਾ ਜਾ ਰਿਹਾ ਹੈ।
ਸਭ ਤੋਂ ਵੱਡਾ ਐਲਾਨ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦੀ ਯੋਜਨਾ ਹੋ ਸਕਦੀ ਹੈ। ਇਹ ਵਾਅਦਾ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਦੌਰਾਨ ਕੀਤਾ ਸੀ, ਜਿਸ ਨੂੰ ਹੁਣ ਪੂਰਾ ਕਰਨ ਲਈ ਸਰਕਾਰ ਬਜਟ ਵਿੱਚ ਪ੍ਰਬੰਧ ਕਰਨ ਜਾ ਰਹੀ ਹੈ। ਇਹ ਰਕਮ 18 ਮਾਰਚ ਤੋਂ ਵੰਡਣ ਦੀ ਸੰਭਾਵਨਾ ਹੈ, ਹਾਲਾਂਕਿ ਯੋਜਨਾ ਦਾ ਅਧਿਕਾਰਕ ਨਾਮ ਅਤੇ ਪੂਰੀਆਂ ਸ਼ਰਤਾਂ ਅਜੇ ਤੱਕ ਜਾਰੀ ਨਹੀਂ ਕੀਤੀਆਂ ਗਈਆਂ।
ਸੂਤਰਾਂ ਮੁਤਾਬਕ ਇਸ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਮਹਿਲਾ ਕੋਲ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਆਈਡੀ ਹੋਣਾ ਲਾਜ਼ਮੀ ਹੋਵੇਗਾ। ਸੰਭਾਵਨਾ ਹੈ ਕਿ ਸਰਕਾਰ ਕੰਮਕਾਜੀ ਔਰਤਾਂ, ਕਾਰੋਬਾਰੀਆਂ, ਪੈਨਸ਼ਨ ਲੈਣ ਵਾਲੀਆਂ ਅਤੇ ਟੈਕਸ ਭਰਨ ਵਾਲੀਆਂ ਮਹਿਲਾਵਾਂ ਨੂੰ ਇਸ ਯੋਜਨਾ ਦੇ ਘੇਰੇ ਤੋਂ ਬਾਹਰ ਰੱਖ ਸਕਦੀ ਹੈ। ਪੰਜਾਬ ਵਿੱਚ ਲਗਭਗ 1 ਕਰੋੜ ਮਹਿਲਾ ਵੋਟਰ ਹਨ, ਪਰ ਅੰਦਾਜ਼ਾ ਹੈ ਕਿ ਇਸ ਯੋਜਨਾ ਦਾ ਲਾਭ ਲਗਭਗ 40 ਲੱਖ ਮਹਿਲਾਵਾਂ ਤੱਕ ਹੀ ਪਹੁੰਚੇਗਾ।
ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਸਰਕਾਰ 22 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦਾ ਐਲਾਨ ਵੀ ਕਰ ਸਕਦੀ ਹੈ। ਸਰਕਾਰ ਵੱਲੋਂ ਇਹ ਵੀ ਸੰਕੇਤ ਦਿੱਤੇ ਗਏ ਹਨ ਕਿ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਹਾਲ ਹੀ ਵਿੱਚ ਬਿਜਲੀ ਦੀਆਂ ਦਰਾਂ ਘਟਾ ਕੇ ਵੀ ਸਰਕਾਰ ਲੋਕਾਂ ਨੂੰ ਰਾਹਤ ਦੇ ਚੁੱਕੀ ਹੈ।
ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੀ ਵੱਡੇ ਫੰਡ ਵਧਾਉਣ ਦੀ ਸੰਭਾਵਨਾ ਹੈ, ਕਿਉਂਕਿ 2022 ਦੀਆਂ ਚੋਣਾਂ ਵਿੱਚ ਇਹ ਦੋਵੇਂ ਮੁੱਦੇ ਆਪ ਸਰਕਾਰ ਦੀ ਜਿੱਤ ਦੇ ਮੁੱਖ ਕਾਰਣ ਰਹੇ ਸਨ। ਪਿਛਲੇ ਸਾਲ ਪੰਜਾਬ ਸਰਕਾਰ ਨੇ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਸੀ, ਜਦਕਿ ਇਸ ਵਾਰੀ ਬਜਟ ਹੋਰ ਵੱਡਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Get all latest content delivered to your email a few times a month.