ਤਾਜਾ ਖਬਰਾਂ
ਪੰਜਾਬ ਸਰਕਾਰ ਦੇ ਵਿੱਤ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਸੂਬਾ ਤੇਜ਼ੀ ਨਾਲ ਉੱਤਰੀ ਭਾਰਤ ਵਿਚ ਮੈਡੀਕਲ ਸਿੱਖਿਆ ਦਾ ਮਹੱਤਵਪੂਰਨ ਕੇਂਦਰ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਨਿਵੇਸ਼ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਇਸ ਯੋਜਨਾ ਤਹਿਤ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸ.ਬੀ.ਐਸ. ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਇਨ੍ਹਾਂ ਕਾਲਜਾਂ ਦੇ ਸ਼ੁਰੂ ਹੋਣ ਨਾਲ ਸੂਬੇ ਵਿੱਚ ਐਮ.ਬੀ.ਬੀ.ਐਸ. ਦੀਆਂ ਲਗਭਗ 600 ਨਵੀਆਂ ਸੀਟਾਂ ਵਧਣਗੀਆਂ, ਜਿਸ ਨਾਲ ਪੰਜਾਬ ਦੇ ਵਿਦਿਆਰਥੀਆਂ ਲਈ ਮੈਡੀਕਲ ਸਿੱਖਿਆ ਦੇ ਹੋਰ ਵਧੀਆ ਮੌਕੇ ਪੈਦਾ ਹੋਣਗੇ।
ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਲਾਗਤਾਂ ਨੂੰ ਸੰਤੁਲਿਤ ਰੱਖਦੇ ਹੋਏ ਉੱਚ ਦਰਜੇ ਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਇਸ ਦੀ ਮਿਸਾਲ ਹੁਸ਼ਿਆਰਪੁਰ ਮੈਡੀਕਲ ਕਾਲਜ ਪ੍ਰੋਜੈਕਟ ਹੈ, ਜਿਸ ਦੀ ਅਸਲ ਲਾਗਤ ₹550 ਕਰੋੜ ਅੰਦਾਜ਼ੀ ਲਗਾਈ ਗਈ ਸੀ ਪਰ ਯੋਜਨਾਬੱਧ ਪ੍ਰਬੰਧ ਨਾਲ ਇਸ ਨੂੰ ਘਟਾ ਕੇ ₹275 ਕਰੋੜ ਤੱਕ ਲਿਆਂਦਾ ਗਿਆ। ਇਸ ਤਰ੍ਹਾਂ ਲਗਭਗ ₹250 ਕਰੋੜ ਦੀ ਬਚਤ ਹੋਈ ਹੈ, ਜਦਕਿ ਪ੍ਰੋਜੈਕਟ ਦੀ ਗੁਣਵੱਤਾ ‘ਤੇ ਕੋਈ ਸਮਝੌਤਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਮੈਡੀਕਲ ਸਿੱਖਿਆ ਦੇ ਮੌਕੇ ਵਧਣ ਨਾਲ ਹੁਣ ਪੰਜਾਬ ਦੇ ਵਿਦਿਆਰਥੀਆਂ ਨੂੰ ਡਾਕਟਰੀ ਪੜ੍ਹਾਈ ਲਈ ਯੂਕਰੇਨ, ਚੀਨ ਜਾਂ ਹੋਰ ਵਿਦੇਸ਼ੀ ਦੇਸ਼ਾਂ ਦਾ ਰੁਖ ਨਹੀਂ ਕਰਨਾ ਪਵੇਗਾ ਅਤੇ ਉਹ ਆਪਣੇ ਹੀ ਰਾਜ ਵਿਚ ਉੱਚ ਗੁਣਵੱਤਾ ਵਾਲੀ ਸਿੱਖਿਆ ਹਾਸਲ ਕਰ ਸਕਣਗੇ।
ਇਸਦੇ ਨਾਲ ਹੀ ਸਰਕਾਰ ਵੱਲੋਂ ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਟਰਾਮਾ ਸੈਂਟਰਾਂ, ਨਵੇਂ ਹੋਸਟਲਾਂ ਅਤੇ ਡਾਕਟਰਾਂ ਲਈ ਰਿਹਾਇਸ਼ੀ ਸਹੂਲਤਾਂ ਦੇ ਵਿਕਾਸ ‘ਤੇ ਵੀ ਕੰਮ ਕੀਤਾ ਜਾ ਰਿਹਾ ਹੈ। 2026-27 ਦੇ ਵਿੱਤੀ ਸਾਲ ਦੇ ਬਜਟ ਵਿਚ ਇਸ ਲਈ ਵੱਖਰਾ ਫੰਡ ਰੱਖਿਆ ਗਿਆ ਹੈ।
ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਵੱਡੀ ਪ੍ਰਾਪਤੀ ਦਾ ਜ਼ਿਕਰ ਕਰਦੇ ਹੋਏ ਵਿੱਤ ਮੰਤਰੀ ਨੇ ਦੱਸਿਆ ਕਿ ਨਵੰਬਰ 2025 ਵਿਚ ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਵਿਚ ਪਹਿਲਾ ਸਫਲ ਜਿਗਰ ਟ੍ਰਾਂਸਪਲਾਂਟ ਕੀਤਾ ਗਿਆ, ਜਿਸ ਦੀ ਲਾਗਤ ਕਰੀਬ 10 ਲੱਖ ਰੁਪਏ ਰਹੀ।
ਉਨ੍ਹਾਂ ਨੇ ਕਿਹਾ ਕਿ ਇਸ ਸੰਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਨਵਾਂ ਡਾਇਗਨੌਸਟਿਕ ਬਲਾਕ ਤਿਆਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ 175 ਬਿਸਤਰਿਆਂ ਵਾਲਾ ਆਧੁਨਿਕ ਹਸਪਤਾਲ ਵੀ ਬਣਾਇਆ ਜਾ ਰਿਹਾ ਹੈ। ਇਹ ਪ੍ਰੋਜੈਕਟ ਰਾਜ ਵਿੱਚ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।
Get all latest content delivered to your email a few times a month.