ਤਾਜਾ ਖਬਰਾਂ
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਉਪਲੱਖ ਵਿੱਚ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ, ਸੈਕਟਰ-11 ਵਿੱਚ “ਸਸ਼ਕਤ ਨਾਰੀ ਸਮ੍ਰਿੱਧ ਸਮਾਜ” ਵਿਸ਼ੇ ਤਹਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਕਾਲਜ ਦੀ ਲਿੰਗ ਸਮਾਨਤਾ ਅਤੇ ਸਵੈ-ਰੱਖਿਆ ਸੋਸਾਇਟੀ ਦੀ ਪਹਿਲਕਦਮੀ ਹੇਠ ਕਰਵਾਇਆ ਗਿਆ, ਜਿਸਦਾ ਮੁੱਖ ਮਕਸਦ ਵਿਦਿਆਰਥੀਆਂ ਵਿੱਚ ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਸਮਾਗਮ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਕਾਲਜ ਪ੍ਰਬੰਧਕ ਕਮੇਟੀ ਅਤੇ ਫੈਕਲਟੀ ਮੈਂਬਰਾਂ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ।
ਇਸ ਮੌਕੇ “ਸਸ਼ਕਤ ਨਾਰੀ ਸਮ੍ਰਿੱਧ ਸਮਾਜ” ਥੀਮ 'ਤੇ ਪੋਸਟਰ ਮੇਕਿੰਗ ਅਤੇ ਕਵਿਤਾ ਪਾਠ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਅਤੇ ਵਿਚਾਰਾਂ ਨੂੰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਮੁਕਾਬਲਿਆਂ ਦਾ ਨਿਰਣਾ ਡਾ. ਸੋਨੀਆ ਕੁਮਾਰ ਅਤੇ ਡਾ. ਪੂਨਮ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਭਾਗੀਦਾਰਾਂ ਦੀ ਕਾਬਲਿਯਤ, ਆਤਮਵਿਸ਼ਵਾਸ ਅਤੇ ਸਮਾਜਿਕ ਸੰਦੇਸ਼ਾਂ ਨਾਲ ਭਰੇ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ।
ਪੋਸਟਰ ਮੇਕਿੰਗ ਮੁਕਾਬਲੇ ਵਿੱਚ ਮਨਸ਼ਵੀ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਓਮ ਕੁਮਾਰੀ ਨੇ ਦੂਜਾ ਅਤੇ ਵੈਸ਼ਾਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਵੰਸ਼ਿਕਾ ਰਾਠੌਰ ਨੂੰ ਹੌਸਲਾ ਅਫਜ਼ਾਈ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਕਵਿਤਾ ਪਾਠ ਮੁਕਾਬਲੇ ਵਿੱਚ ਰਾਘਵ ਨੇ ਪਹਿਲਾ ਸਥਾਨ ਹਾਸਲ ਕੀਤਾ, ਸਾਕਸ਼ੀ ਨੇ ਦੂਜਾ ਅਤੇ ਅਨੰਨਿਆ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਮਾਗਮ ਦੇ ਅੰਤ ਵਿੱਚ ਇਹ ਸੰਦੇਸ਼ ਦਿੱਤਾ ਗਿਆ ਕਿ ਕਿਸੇ ਵੀ ਦੇਸ਼ ਜਾਂ ਸਮਾਜ ਦੀ ਤਰੱਕੀ ਲਈ ਮਹਿਲਾਵਾਂ ਦਾ ਸਸ਼ਕਤ ਹੋਣਾ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਨੇ ਵਿਦਿਆਰਥੀਆਂ ਵਿੱਚ ਲਿੰਗ ਸਮਾਨਤਾ ਅਤੇ ਮਹਿਲਾ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸਮਾਜ ਦੀ ਨੀਂਹ ਮਜ਼ਬੂਤ ਕਰਨ ਦਾ ਸੰਦੇਸ਼ ਵੀ ਦਿੱਤਾ।
Get all latest content delivered to your email a few times a month.