ਤਾਜਾ ਖਬਰਾਂ
ਗੁਰਦਾਸਪੁਰ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਆਦੀਆਂ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮਾਹੌਲ ਬੇਹੱਦ ਗ਼ਮਗੀਨ ਰਿਹਾ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੇ ਰਣਜੀਤ ਸਿੰਘ ਨੂੰ ਨਮ ਅੱਖਾਂ ਨਾਲ ਆਖਰੀ ਵਿਦਾਇਗੀ ਦਿੱਤੀ।
ਜ਼ਿਕਰਯੋਗ ਹੈ ਕਿ ਪਹਿਲਾਂ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਇਸ ਐਨਕਾਊਂਟਰ ਨੂੰ 'ਫ਼ਰਜ਼ੀ' ਦੱਸਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਹੋਣ ਤੱਕ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ। ਪਹਿਲਾਂ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਦੇਣ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਸੀ। ਹਾਲਾਂਕਿ, ਪਿੰਡ ਆਦੀਆਂ ਵਿੱਚ ਸਮੂਹ ਜਥੇਬੰਦੀਆਂ, ਪਰਿਵਾਰਕ ਮੈਂਬਰਾਂ ਅਤੇ ਐਕਸ਼ਨ ਕਮੇਟੀ ਦੀ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਅੰਤਿਮ ਸਸਕਾਰ ਕਰਨ ਦਾ ਫੈਸਲਾ ਲਿਆ ਗਿਆ।
ਅੱਜ ਸਵੇਰੇ ਤੈਅ ਕੀਤੇ ਗਏ ਪ੍ਰੋਗਰਾਮ ਅਨੁਸਾਰ ਰਣਜੀਤ ਸਿੰਘ ਦੀ ਦੇਹ ਦਾ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ, ਜਦਕਿ ਪਿੰਡ ਵਾਸੀਆਂ ਨੇ ਇਸ ਪੂਰੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੱਸਣਯੋਗ ਹੈ ਕਿ 21-22 ਫਰਵਰੀ ਦੀ ਰਾਤ ਨੂੰ ਪਿੰਡ ਆਦੀਆਂ ਵਿੱਚ ਚੈੱਕ ਪੋਸਟ 'ਤੇ ਡਿਊਟੀ ਕਰ ਰਹੇ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਵਿੱਚੋਂ ਰਣਜੀਤ ਸਿੰਘ ਨੂੰ 25 ਫਰਵਰੀ ਨੂੰ ਇੱਕ ਐਨਕਾਊਂਟਰ ਦੌਰਾਨ ਮਾਰ ਦਿੱਤਾ ਸੀ। ਜਦਕਿ ਬਾਕੀ ਦੋ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।
Get all latest content delivered to your email a few times a month.