ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਯੋਜਨਾ ਦਾ ਲਾਭ ਲੈਂਦਿਆਂ ਹੁਣ ਤੱਕ ਜ਼ਿਲ੍ਹਾ ਬਠਿੰਡਾ ਦੇ ਸਰਕਾਰੀ ਹਸਪਤਾਲਾਂ ਵਿੱਚ 2464 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਯੋਜਨਾ ਲਈ ਹੁਣ ਤੱਕ ਜ਼ਿਲ੍ਹੇ ਦੇ 1,06,089 ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਜੇ ਤੱਕ ਰਜਿਸਟਰ ਨਹੀਂ ਹੋਏ, ਉਹ ਇਸ ਸਕੀਮ ਦਾ ਲਾਭ ਲੈਣ ਲਈ ਆਪਣੇ ਨੇੜਲੇ ਸਰਕਾਰੀ ਹਸਪਤਾਲ, ਵਿਸ਼ੇਸ਼ ਕੈਂਪ ਜਾਂ ਕਾਮਨ ਸਰਵਿਸ ਸੈਂਟਰ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਦੌਰਾਨ ਇੱਕ ਪਰਿਵਾਰ ਵਿੱਚੋਂ 18 ਸਾਲ ਤੋਂ ਵੱਧ ਉਮਰ ਦੇ ਦੋ ਮੈਂਬਰਾਂ ਦਾ ਮੌਜੂਦ ਹੋਣਾ ਜ਼ਰੂਰੀ ਹੈ ਅਤੇ ਆਧਾਰ ਕਾਰਡ ਤੇ ਵੋਟਰ ਆਈਡੀ ਲਾਜ਼ਮੀ ਦਸਤਾਵੇਜ਼ ਹਨ।
ਪਿੰਡ ਚੱਕ ਰਾਮ ਸਿੰਘ ਵਾਲਾ ਦੇ ਵਾਸੀ ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਯੋਜਨਾ ਤਹਿਤ ਆਪਣੇ ਚੂਲੇ ਦਾ ਇਲਾਜ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਮੁਫ਼ਤ ਕਰਵਾਇਆ, ਜਦਕਿ ਪ੍ਰਾਈਵੇਟ ਹਸਪਤਾਲ ਵੱਲੋਂ ਇਸ ਦਾ ਖਰਚਾ ਲਗਭਗ 2 ਲੱਖ ਰੁਪਏ ਦੱਸਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।
ਇਸੇ ਤਰ੍ਹਾਂ ਪਿੰਡ ਰਾਈਆ ਦੀ ਰਹਿਣ ਵਾਲੀ ਸੰਦੀਪ ਕੌਰ ਨੇ ਦੱਸਿਆ ਕਿ 17 ਫਰਵਰੀ ਨੂੰ ਉਨ੍ਹਾਂ ਨੇ ਆਪਣੇ ਗੋਡੇ ਦਾ ਅਪਰੇਸ਼ਨ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਮੁਫ਼ਤ ਕਰਵਾਇਆ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲ ਵੱਲੋਂ ਇਸ ਅਪਰੇਸ਼ਨ ਲਈ ਲਗਭਗ 4.50 ਲੱਖ ਰੁਪਏ ਦਾ ਖਰਚਾ ਦੱਸਿਆ ਗਿਆ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਦੀ ਮਦਦ ਨਾਲ ਉਨ੍ਹਾਂ ਦਾ ਇਲਾਜ ਬਿਨਾਂ ਕਿਸੇ ਖਰਚੇ ਦੇ ਹੋ ਗਿਆ। ਉਨ੍ਹਾਂ ਨੇ ਹਸਪਤਾਲ ਦੇ ਸਟਾਫ ਵੱਲੋਂ ਕੀਤੀ ਗਈ ਚੰਗੀ ਦੇਖਭਾਲ ਦੀ ਵੀ ਸਰਾਹਨਾ ਕੀਤੀ।
ਰਾਮਪੁਰਾ ਫੂਲ ਦੇ ਸਾਬਕਾ ਐਮ.ਸੀ. ਕਮਲੇਸ਼ ਕੁਮਾਰ ਨੇ ਦੱਸਿਆ ਕਿ 19 ਫਰਵਰੀ ਨੂੰ ਉਨ੍ਹਾਂ ਦੀ ਧੀ ਦਾ ਅਪਰੇਸ਼ਨ ਸਿਵਲ ਹਸਪਤਾਲ ਰਾਮਪੁਰਾ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਫਲਤਾਪੂਰਵਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਅਪਰੇਸ਼ਨ ਲਈ 60 ਤੋਂ 70 ਹਜ਼ਾਰ ਰੁਪਏ ਦਾ ਖਰਚਾ ਆਉਣਾ ਸੀ, ਪਰ ਸਰਕਾਰੀ ਹਸਪਤਾਲ ਵਿੱਚ ਇਹ ਇਲਾਜ ਮੁਫ਼ਤ ਹੋਇਆ।
ਇਸੇ ਤਰ੍ਹਾਂ ਤਲਵੰਡੀ ਸਾਬੋ ਨੇੜਲੇ ਪਿੰਡ ਦੇ ਵਾਸੀ ਗੁਰਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵੱਡੇ ਭਰਾ ਕੇਵਲ ਸਿੰਘ ਦੇ ਗੋਡਿਆਂ ਦਾ ਇਲਾਜ ਵੀ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਮੁਫ਼ਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਪਰੇਸ਼ਨ ਤੋਂ ਬਾਅਦ ਮਰੀਜ਼ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਗਈ, ਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਇੱਕ ਬੈਠਕ ਵੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕੋਈ ਵੀ ਜ਼ਿਲ੍ਹਾ ਵਾਸੀ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਬੈਠਕ ਵਿੱਚ ਐਸ.ਡੀ.ਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸ.ਡੀ.ਐਮ ਰਾਮਪੁਰਾ ਵੀਰਪਾਲ ਕੌਰ, ਮੈਡਮ ਹਰਸ਼ਿਤਾ ਆਈਏਐਸ (ਯੂਟੀ), ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸੀ.ਐਸ.ਸੀ. ਦੇ ਜ਼ਿਲ੍ਹਾ ਇੰਚਾਰਜ ਤਰਸੇਮ ਸਿੰਘ ਬਰਾੜ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
