ਤਾਜਾ ਖਬਰਾਂ
ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਖਾਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਫੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਵਾਈ ਤੋਂ ਬਾਅਦ ਸਿਟੀ ਪੁਲਿਸ ਨੇ 7 ਹਵਾਲਾਤੀਆਂ ਅਤੇ ਇੱਕ ਕੈਦੀ ਖ਼ਿਲਾਫ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਜੇਲ੍ਹ ਦੇ ਸਹਾਇਕ ਅਧੀਕਸ਼ਕ ਗੁਰਚਰਨ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਜੇਲ੍ਹ ਸੁਪਰਿੰਟੈਂਡੈਂਟ ਦੇ ਹੁਕਮਾਂ ‘ਤੇ ਜੇਲ੍ਹ ਅੰਦਰ ਵੱਖ-ਵੱਖ ਟੀਮਾਂ ਬਣਾਕੇ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਫਾਜ਼ਿਲਕਾ ਦੇ ਕੇਵਲ ਸਿੰਘ, ਮੋਗਾ ਦੇ ਹਰਪ੍ਰੀਤ ਸਿੰਘ, ਅਬੋਹਰ ਦੇ ਰਾਹੁਲ ਕੁਮਾਰ, ਮੋਗਾ ਦੇ ਕਮਲਜੀਤ ਸਿੰਘ, ਤਰਨਤਾਰਨ ਦੇ ਗੁਰਜੰਟ ਸਿੰਘ, ਮੋਗਾ ਦੇ ਪਰਮਜੀਤ ਸਿੰਘ, ਮੋਗਾ ਦੇ ਹਰਵਿੰਦਰ ਸਿੰਘ ਅਤੇ ਕੈਦੀ ਜਸਵਿੰਦਰ ਸਿੰਘ ਕੋਲੋਂ ਇੱਕ-ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ।
ਸ਼ਿਕਾਇਤ ਦੇ ਆਧਾਰ ‘ਤੇ ਸਿਟੀ ਪੁਲਿਸ ਨੇ ਸਾਰੇ ਨਾਮਜ਼ਦ ਮੁਲਜ਼ਮਾਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਫਰੀਦਕੋਟ ਜੇਲ੍ਹ ਵਿੱਚੋਂ ਮੋਬਾਈਲ ਫੋਨ ਮਿਲਣ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਜੇਲ੍ਹ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਉਠ ਰਹੇ ਹਨ।
ਇਸ ਮਾਮਲੇ ਸਬੰਧੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਨਾਮਜ਼ਦ ਹਵਾਲਾਤੀਆਂ ਅਤੇ ਕੈਦੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਜੇਲ੍ਹ ਅਧਿਕਾਰੀ ਜਾਂ ਕਰਮਚਾਰੀ ਦੀ ਸਾਂਝ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ ਵੀ ਕੜੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.