ਤਾਜਾ ਖਬਰਾਂ
ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰਸਹਾਏ ਹਲਕੇ ਵਿੱਚ ਪੁਲਿਸ ਵੱਲੋਂ ਇੱਕ ਹੋਰ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਪਿੰਡ ਛਾਂਗਾ ਰਾਏ ਹਿੱਠਾੜ੍ਹ ਵਿੱਚ ਪੁਲਿਸ ਅਤੇ ਨਹਿਰੀ ਵਿਭਾਗ ਦੀ ਸਾਂਝੀ ਟੀਮ ਨੇ ਨਸ਼ਾ ਤਸਕਰੀ ਨਾਲ ਜੁੜੇ ਇੱਕ ਮੁਲਜ਼ਮ ਦੇ ਗੈਰਕਾਨੂੰਨੀ ਤੌਰ ‘ਤੇ ਬਣੇ ਮਕਾਨ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ।
ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਨੇ ਨਹਿਰੀ ਵਿਭਾਗ ਦੀ ਸਰਕਾਰੀ ਜ਼ਮੀਨ ‘ਤੇ ਗੈਰਕਾਨੂੰਨੀ ਕਬਜ਼ਾ ਕਰਕੇ ਆਪਣਾ ਮਕਾਨ ਤਿਆਰ ਕੀਤਾ ਹੋਇਆ ਸੀ। ਇਸ ਗੈਰਕਾਨੂੰਨੀ ਕਬਜ਼ੇ ਨੂੰ ਖਤਮ ਕਰਨ ਲਈ ਨਹਿਰੀ ਵਿਭਾਗ ਦੀ ਮਦਦ ਨਾਲ ਮੌਕੇ ‘ਤੇ ਪੀਲੇ ਪੰਜੇ ਦੀ ਕਾਰਵਾਈ ਕੀਤੀ ਗਈ ਅਤੇ ਮਕਾਨ ਨੂੰ ਢਾਹ ਦਿੱਤਾ ਗਿਆ।
ਇਸ ਮੌਕੇ ਐਸਪੀ (ਡੀ) ਮਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਜਿੰਦਰ ਸਿੰਘ ਨਸ਼ਾ ਤਸਕਰੀ ਦੇ ਕਈ ਮਾਮਲਿਆਂ ਵਿੱਚ ਪਹਿਲਾਂ ਹੀ ਵਾਂਛਿਤ ਹੈ ਅਤੇ ਉਸ ਦੇ ਖ਼ਿਲਾਫ ਚਾਰ ਮਾਮਲੇ ਦਰਜ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਦੌਰਾਨ ਮੁਲਜ਼ਮ ਦੀ ਡਰੋਨ ਗਤੀਵਿਧੀਆਂ ਵਿੱਚ ਵੀ ਸੰਭਾਵਿਤ ਸ਼ਮੂਲੀਅਤ ਸਾਹਮਣੇ ਆਈ ਹੈ, ਜੋ ਕਿ ਸਰਹੱਦੀ ਇਲਾਕਿਆਂ ਵਿੱਚ ਨਸ਼ਿਆਂ ਦੀ ਤਸਕਰੀ ਨਾਲ ਜੁੜੀ ਹੋ ਸਕਦੀ ਹੈ।
ਪੁਲਿਸ ਅਨੁਸਾਰ ਮੁਲਜ਼ਮ ਇਸ ਸਮੇਂ ਫਰਾਰ ਹੈ ਅਤੇ ਉਸ ਦੀ ਤਲਾਸ਼ ਜਾਰੀ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਲਿਪਤ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ।
Get all latest content delivered to your email a few times a month.