ਤਾਜਾ ਖਬਰਾਂ
ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਕਤਲ ਕੇਸ ਵਿੱਚ ਸੁਪਰੀਮ ਕੋਰਟ ਨੇ ਦੋ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਪਵਨ ਕੁਮਾਰ ਬਿਸ਼ਨੋਈ ਅਤੇ ਜਗਤਾਰ ਸਿੰਘ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਇਹ ਫੈਸਲਾ ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਵੱਲੋਂ ਸੁਣਾਇਆ ਗਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਦੀਆਂ ਜ਼ਮਾਨਤ ਅਰਜ਼ੀਆਂ ਸੈਸ਼ਨ ਕੋਰਟ ਅਤੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਕਈ ਵਾਰ ਰੱਦ ਕੀਤੀਆਂ ਜਾ ਚੁੱਕੀਆਂ ਸਨ। ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਸੀ ਕਿ ਜਦੋਂ ਤੱਕ ਇਸ ਕੇਸ ਦੇ ਚਸ਼ਮਦੀਦ ਗਵਾਹਾਂ ਦੀਆਂ ਗਵਾਹੀਆਂ ਮੁਕੰਮਲ ਨਹੀਂ ਹੋ ਜਾਂਦੀਆਂ, ਉਦੋਂ ਤੱਕ ਮੁਲਜ਼ਮਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਪਵਨ ਕੁਮਾਰ ਬਿਸ਼ਨੋਈ 'ਤੇ ਪੁਲਿਸ ਨੇ ਇਲਜ਼ਾਮ ਲਗਾਇਆ ਸੀ ਕਿ ਉਸ ਨੇ ਕਤਲ ਦੀ ਵਾਰਦਾਤ ਵਿੱਚ ਵਰਤੀ ਗਈ ਬੋਲੇਰੋ ਗੱਡੀ ਸ਼ੂਟਰਾਂ ਨੂੰ ਮੁਹੱਈਆ ਕਰਵਾਈ ਸੀ। ਹਾਲਾਂਕਿ, ਬਿਸ਼ਨੋਈ ਨੇ ਆਪਣੀ ਪਟੀਸ਼ਨ ਵਿੱਚ ਦਾਅਵਾ ਕੀਤਾ ਕਿ:
ਉਹ ਬਿਲਕੁਲ ਬੇਕਸੂਰ ਹੈ ਅਤੇ ਉਸ ਨੇ ਕਿਸੇ ਨੂੰ ਕੋਈ ਗੱਡੀ ਮੁਹੱਈਆ ਨਹੀਂ ਕਰਵਾਈ।
ਉਸ ਨੇ ਇਲਜ਼ਾਮ ਲਾਇਆ ਕਿ ਮੋਗਾ ਦੇ ਤਤਕਾਲੀ SSP ਨੇ ਉਸ ਨੂੰ ਇਸ ਕੇਸ ਵਿੱਚ ਗਲਤ ਤਰੀਕੇ ਨਾਲ ਫਸਾਇਆ ਹੈ।
ਮੁਲਜ਼ਮਾਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਹ ਲਗਭਗ ਚਾਰ ਸਾਲਾਂ ਤੋਂ ਹਿਰਾਸਤ ਵਿੱਚ ਹਨ ਅਤੇ ਕੇਸ ਦੀ ਸੁਣਵਾਈ ਬਹੁਤ ਹੌਲੀ ਰਫ਼ਤਾਰ ਨਾਲ ਚੱਲ ਰਹੀ ਹੈ।
ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਨੇੜੇ ਕੀਤਾ ਗਿਆ ਸੀ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਸੀ ਕਿ ਇਹ ਲਾਰੈਂਸ ਬਿਸ਼ਨੋਈ ਗੈਂਗ ਦੀ ਪੁਰਾਣੀ ਰੰਜਿਸ਼ ਦਾ ਨਤੀਜਾ ਹੈ। ਮੂਸੇਵਾਲਾ 'ਤੇ ਉਸ ਸਮੇਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਸਨ ਜਦੋਂ ਉਹ ਆਪਣੀ ਥਾਰ ਗੱਡੀ ਵਿੱਚ ਸਵਾਰ ਹੋ ਕੇ ਜਾ ਰਹੇ ਸਨ।
ਇਸ ਮਾਮਲੇ ਵਿੱਚ ਪ੍ਰਭਦੀਪ ਸਿੰਘ, ਮਨਪ੍ਰੀਤ ਸਿੰਘ, ਨਸੀਬ ਦੀਨ ਅਤੇ ਸਰਾਜ ਸਿੰਘ ਸਮੇਤ ਕਈ ਹੋਰ ਮੁਲਜ਼ਮ ਅਜੇ ਵੀ ਜੇਲ੍ਹ ਵਿੱਚ ਹਨ। ਸੁਪਰੀਮ ਕੋਰਟ ਦੇ ਇਸ ਤਾਜ਼ਾ ਫੈਸਲੇ ਤੋਂ ਬਾਅਦ ਹੁਣ ਹੋਰਨਾਂ ਮੁਲਜ਼ਮਾਂ ਦੀਆਂ ਜ਼ਮਾਨਤ ਪਟੀਸ਼ਨਾਂ 'ਤੇ ਵੀ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Get all latest content delivered to your email a few times a month.