ਮੰਡੀ ਗੋਬਿੰਦਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਈ ਨੌਜਵਾਨਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਯੂਥ ਆਗੂ ਕੰਵਲਦੀਪ ਸਿੰਘ ਮੰਡੀ ਗੋਬਿੰਦਗੜ੍ਹ ਦੀ ਅਗਵਾਈ ਹੇਠ ਇਹ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ। ਇਸ ਮੌਕੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨੌਜਵਾਨਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ।
ਇਸ ਦੌਰਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਪਾਰਟੀ ਲਈ ਹੌਸਲਾ ਅਫਜ਼ਾਈ ਵਾਲੀ ਗੱਲ ਹੈ ਅਤੇ ਇਹ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਨੌਜਵਾਨ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਵੱਲੋਂ ਕੰਵਲਦੀਪ ਸਿੰਘ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ ਗਿਆ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਨਿਰਾਸ਼ ਹੋ ਰਹੇ ਹਨ ਅਤੇ ਹੁਣ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।
ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਝੂਠੀਆਂ ਗਾਰੰਟੀਆਂ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ, ਪਰ ਹੁਣ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿੱਚ ਇਸਦਾ ਜਵਾਬ ਦੇਣਗੇ। ਰਾਜੂ ਖੰਨਾ ਨੇ ਇਹ ਵੀ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਮੁਹਿੰਮ ਤਹਿਤ ਸੂਬੇ ਭਰ ਵਿੱਚ ਹਲਕਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਹਲਕਾ ਅਮਲੋਹ ਦੀ ਵੱਡੀ ਰੈਲੀ 25 ਮਾਰਚ ਨੂੰ ਅਨਾਜ ਮੰਡੀ ਅਮਲੋਹ ਵਿੱਚ ਆਯੋਜਿਤ ਕੀਤੀ ਜਾਵੇਗੀ।
