ਤਾਜਾ ਖਬਰਾਂ
ਨਾਨਕਸ਼ਾਹੀ ਸੰਮਤ 558 ਦੇ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਸਾਰ ਭਰ ਦੀ ਸਿੱਖ ਸੰਗਤ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਇਸ ਮੌਕੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਅਤੇ ਗੁਰੂ ਸਾਹਿਬ ਦੀ ਸਿੱਖਿਆ ਨੂੰ ਅਮਲ ਵਿਚ ਲਿਆਉਣ ਦੀ ਪ੍ਰੇਰਣਾ ਦਿੱਤੀ।
ਧਾਮੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਿੱਖ ਪਰੰਪਰਾਵਾਂ ਮੁਤਾਬਕ 1 ਚੇਤ ਤੋਂ ਨਵੇਂ ਵਰ੍ਹੇ ਦੀ ਸ਼ੁਰੂਆਤ ਹੁੰਦੀ ਹੈ ਅਤੇ ਇਹ ਦਿਨ ਸਿੱਖ ਕੌਮ ਲਈ ਖਾਸ ਮਹੱਤਵ ਰੱਖਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਨਵੇਂ ਵਰ੍ਹੇ ਵਿੱਚ ਦੁਨੀਆ ਭਰ ਦੀਆਂ ਸੰਗਤਾਂ ਨੂੰ ਸੁੱਖ-ਸ਼ਾਂਤੀ, ਚੜ੍ਹਦੀ ਕਲਾ ਅਤੇ ਆਪਸੀ ਭਾਈਚਾਰੇ ਦੀ ਦਾਤ ਬਖ਼ਸ਼ਣ।
ਉਨ੍ਹਾਂ ਕਿਹਾ ਕਿ ਸਿੱਖੀ ਅਤੇ ਗੁਰਮਤਿ ਵਿਚਾਰਧਾਰਾ ਮਨੁੱਖੀ ਜੀਵਨ ਨੂੰ ਸਹੀ ਰਾਹ ਦਿਖਾਉਂਦੀ ਹੈ ਅਤੇ ਜੇਕਰ ਇਨਸਾਨ ਗੁਰਬਾਣੀ ਦੇ ਉਪਦੇਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਲਾਗੂ ਕਰੇ ਤਾਂ ਬਹੁਤੀਆਂ ਸਮੱਸਿਆਵਾਂ ਦਾ ਹੱਲ ਆਪਣੇ ਆਪ ਹੀ ਨਿਕਲ ਆਉਂਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਵੇਂ ਵਰ੍ਹੇ ਦੀ ਆਮਦ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕਰਦੀਆਂ ਹਨ।
ਐਡਵੋਕੇਟ ਧਾਮੀ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਧਾਰਮਿਕ ਅਤੇ ਸੰਸਕ੍ਰਿਤਿਕ ਵਿਰਸੇ ਨਾਲ ਜੁੜਨ, ਬਾਣੀ ਅਤੇ ਬਾਣੇ ਦੀ ਮਹੱਤਤਾ ਨੂੰ ਸਮਝਣ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣ।
Get all latest content delivered to your email a few times a month.