ਤਾਜਾ ਖਬਰਾਂ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੁਰੱਖਿਆ ਬਲਾਂ ਨੇ ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਅਸਲ੍ਹਾ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ, ਜੋ ਕਿ ਪਾਕਿਸਤਾਨੀ ਤਸਕਰਾਂ ਰਾਹੀਂ ਭਾਰਤੀ ਸਰਹੱਦ ਅੰਦਰ ਪਹੁੰਚਾਏ ਗਏ ਸਨ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 6 ਅਤਿ-ਆਧੁਨਿਕ ਪਿਸਤੌਲ ਬਰਾਮਦ ਹੋਏ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚ ਤੁਰਕੀ ਦੀ ਬਣੀ ਦੁਰਲੱਭ 'PX 5.7×28 mm TISAS' ਸੀਰੀਜ਼ ਦੀ ਪਿਸਤੌਲ ਵੀ ਸ਼ਾਮਲ ਹੈ। ਹਥਿਆਰਾਂ ਤੋਂ ਇਲਾਵਾ ਪੁਲਿਸ ਨੇ 60 ਜ਼ਿੰਦਾ ਕਾਰਤੂਸ ਅਤੇ 3.513 ਕਿਲੋਗ੍ਰਾਮ ਹੈਰੋਇਨ ਵੀ ਜ਼ਬਤ ਕੀਤੀ ਹੈ।
ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਗਿਰੋਹ ਸਰਹੱਦ ਪਾਰ ਬੈਠੇ ਇੱਕ 'ਹੈਂਡਲਰ' ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਸੀ, ਜੋ ਭਾਰਤ-ਪਾਕਿ ਸਰਹੱਦ ਦੇ ਰਸਤੇ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਯਕੀਨੀ ਬਣਾਉਂਦਾ ਸੀ। ਪੁਲਿਸ ਅਨੁਸਾਰ ਇਹ ਇੱਕ ਬਹੁਤ ਹੀ ਸੰਗਠਿਤ ਨੈੱਟਵਰਕ ਹੈ ਜੋ ਦੇਸ਼ ਦੀ ਸੁਰੱਖਿਆ ਲਈ ਖਤਰਾ ਪੈਦਾ ਕਰ ਰਿਹਾ ਸੀ।
ਇਸ ਕਾਰਵਾਈ ਤਹਿਤ ਅੰਮ੍ਰਿਤਸਰ ਦੇ ਤਿੰਨ ਵੱਖ-ਵੱਖ ਥਾਣਿਆਂ—ਗੇਟ ਹਕੀਮਾ, ਛੇਹਰਟਾ ਅਤੇ ਵੇਰਕਾ ਵਿੱਚ ਐਫ.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ (Forward and Backward linkages) ਦੀ ਜਾਂਚ ਕਰ ਰਹੀ ਹੈ ਤਾਂ ਜੋ ਇਸ ਪੂਰੇ ਗਿਰੋਹ ਦੀਆਂ ਜੜ੍ਹਾਂ ਵੱਢੀਆਂ ਜਾ ਸਕਣ।
ਪੰਜਾਬ ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਸ਼ਿਆਂ, ਨਾਜਾਇਜ਼ ਹਥਿਆਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ 'ਜ਼ੀਰੋ ਟਾਲਰੈਂਸ' ਦੀ ਨੀਤੀ ਜਾਰੀ ਰਹੇਗੀ।
Get all latest content delivered to your email a few times a month.