IMG-LOGO
ਹੋਮ ਪੰਜਾਬ: ਅਧਿਆਪਕਾਂ ਨੇ ਪੁਲਸੀਆ ਤਸ਼ੱਦਦ ਦੇ ਵਿਰੋਧ ‘ਚ ਪੰਜਾਬ ਸਰਕਾਰ ਦੀ...

ਅਧਿਆਪਕਾਂ ਨੇ ਪੁਲਸੀਆ ਤਸ਼ੱਦਦ ਦੇ ਵਿਰੋਧ ‘ਚ ਪੰਜਾਬ ਸਰਕਾਰ ਦੀ ਅਰਥੀ ਫੂਕੀ, ਸੇਵਾ ਸੁਰੱਖਿਆ ਲਈ ਕੀਤਾ ਜ਼ੋਰਦਾਰ ਪ੍ਰਦਰਸ਼ਨ

Admin User - Mar 17, 2026 09:13 PM
IMG

ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਅਧਿਆਪਕਾਂ ਨਾਲ ਕੀਤੇ ਜਾ ਰਹੇ ਵਰਤਾਅ ਦੇ ਵਿਰੋਧ ਵਿੱਚ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਕ੍ਰਿਸ਼ਨ ਸਿੰਘ ਦੁੱਗਾਂ, ਅਵਤਾਰ ਸਿੰਘ ਭਲਵਾਨ, ਦੇਵੀ ਦਿਆਲ, ਵਰਿੰਦਰਜੀਤ ਸਿੰਘ ਬਜਾਜ, ਦਾਤਾ ਸਿੰਘ ਅਤੇ ਨਿਰਮਲ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਘਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਜੋਰਦਾਰ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਸੁਪਰੀਮ ਕੋਰਟ ਰਾਹੀਂ ਟੈੱਟ (ਅਧਿਆਪਕ ਯੋਗਤਾ ਟੈਸਟ) ਦੀ ਗੈਰ-ਜ਼ਰੂਰੀ ਅਤੇ ਗੈਰ-ਵਿਧਾਨਕ ਸ਼ਰਤ ਅਧਿਆਪਕਾਂ ’ਤੇ ਜਬਰੀ ਥੋਪੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਕੋਈ ਬਿੱਲ ਪੇਸ਼ ਨਹੀਂ ਕੀਤਾ ਗਿਆ ਅਤੇ ਨਾ ਹੀ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਕੀਤੀ ਗਈ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਵੱਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਸਬੰਧੀ ਜਾਰੀ ਪੱਤਰ ਵੀ ਰੱਦ ਕਰ ਦਿੱਤਾ ਗਿਆ ਹੈ।

ਅਧਿਆਪਕ ਆਗੂਆਂ ਨੇ ਦੱਸਿਆ ਕਿ ਸੰਘਰਸ਼ ਦੌਰਾਨ ਅਧਿਆਪਕਾਂ ਉੱਤੇ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕੀਤੀ ਗਈ, ਜਿਸ ਕਾਰਨ ਕਈ ਅਧਿਆਪਕ ਜਖਮੀ ਹੋਏ। ਉਨ੍ਹਾਂ ਕਿਹਾ ਕਿ ਰਾਸ਼ਟਰ ਨਿਰਮਾਤਾ ਮੰਨੇ ਜਾਣ ਵਾਲੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਠੇਸ ਪਹੁੰਚਾਉਣਾ ਬਹੁਤ ਹੀ ਦੁਖਦਾਈ ਹੈ।

ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਹਰ ਵਰਗ ਦੇ ਸੰਘਰਸ਼ ਕਰ ਰਹੇ ਅਧਿਆਪਕਾਂ ’ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਜਾਰੀ ਕੀਤਾ ਨੋਟੀਫਿਕੇਸ਼ਨ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਤਨਖਾਹ ਦੁਹਰਾਈ ਦੇ ਬਕਾਏ, ਨਵੇਂ ਸਕੇਲ ਰੱਦ ਕਰਕੇ ਪੰਜਾਬ ਤਨਖਾਹ ਸਕੇਲਾਂ ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਹੋਰ ਬਕਾਏ ਵੀ ਅਜੇ ਤੱਕ ਅਧਿਆਪਕਾਂ ਨੂੰ ਨਹੀਂ ਮਿਲੇ।

ਅਧਿਆਪਕਾਂ ਨੇ ਇਹ ਵੀ ਦੱਸਿਆ ਕਿ ਸੋਧ ਦੇ ਨਾਂ ’ਤੇ ਬੰਦ ਕੀਤੇ ਕਈ ਭੱਤੇ ਅਜੇ ਤੱਕ ਬਹਾਲ ਨਹੀਂ ਕੀਤੇ ਗਏ ਅਤੇ ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ। ਸਕੂਲਾਂ ਵਿੱਚ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਪਈਆਂ ਹਨ, ਪਰ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਯੋਗ ਅਧਿਆਪਕਾਂ ਦੀਆਂ ਤਰੱਕੀਆਂ ਕੀਤੀਆਂ ਜਾ ਰਹੀਆਂ ਹਨ।

ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਖਜਾਨਾ ਭਰੇ ਹੋਣ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਕਈ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਤੋਂ ਵੀ ਵੰਚਿਤ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਕਮਲਜੀਤ ਸਿੰਘ, ਵਿਸ਼ਾਲ ਸ਼ਰਮਾ, ਸੁਖਵਿੰਦਰ ਗਿਰ, ਫਕੀਰ ਸਿੰਘ ਟਿੱਬਾ, ਜਸਵੀਰ ਨਮੋਲ, ਜਤਿੰਦਰ ਜੋਤੀ, ਅਵਤਾਰ ਸਿੰਘ, ਬਲਜੀਤ ਸਿੰਘ, ਜਸਵਿੰਦਰ ਸਮਰਾ, ਅਮਨ ਵਿਸਿਸਟ, ਬਾਰਾ ਸਿੰਘ, ਸੁਖਜਿੰਦਰ ਸਿੰਘ, ਜਸਵੀਰ ਗਿੱਲ, ਚੰਦ ਸਿੰਘ, ਅਮਨਦੀਪ ਸਿੰਘ ਕਲੇਰ, ਕੁਲਵੰਤ ਸਿੰਘ ਖਨੌਰੀ, ਪ੍ਰਿੰਸ ਸਿੰਗਲਾ, ਯਾਦਵਿੰਦਰ ਪਾਲ ਸਿੰਘ, ਸੌਰਵ ਜੋਸ਼ੀ ਅਤੇ ਜਗਦੀਸ਼ ਗਗੜਪੁਰ ਸਮੇਤ ਕਈ ਅਧਿਆਪਕ ਆਗੂ ਅਤੇ ਸਹਿਯੋਗੀ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.