IMG-LOGO
ਹੋਮ ਪੰਜਾਬ: ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ...

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

Admin User - Mar 18, 2026 08:24 PM
IMG

ਚੰਡੀਗੜ੍ਹ, 18 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ ਸਾਲਾਂ ਵਿੱਚ ਮੌਸਮੀ ਦਰਿਆਵਾਂ ਤੋਂ 10,000 ਕਿਊਸਿਕ ਪਾਣੀ ਯਕੀਨੀ ਬਣਾ ਕੇ ਅਤੇ ਬੰਦ ਹੋ ਰਹੇ ਨਹਿਰੀ ਨੈੱਟਵਰਕ ਨੂੰ ਮੁੜ ਸੁਰਜੀਤ ਕਰਕੇ ਸੂਬੇ ਦੇ ਖੇਤਾਂ ਨੂੰ ਭਾਖੜਾ ਨਹਿਰ ਦੇ ਬਰਾਬਰ ਪਾਣੀ ਦੀ ਸਪਲਾਈ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਨਾਲ ਸਿਰਫ਼ 26.50 ਫ਼ੀਸਦ ਸਿੰਚਾਈ ਕੀਤੀ ਜਾਂਦੀ ਸੀ ਜੋ ਵੱਧ ਕੇ ਅੱਜ 78 ਫ਼ੀਸਦ ਹੋ ਗਈ ਹੈ ਇਸੇ ਤਹਿਤ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਦੇ ਲੰਬੇ ਸਮੇਂ ਤੋਂ ਬੰਦ ਪਏ ਸਿਸਟਮ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਫਿਰੋਜ਼ਪੁਰ-ਸਰਹਿੰਦ ਫੀਡਰ ਰਾਹੀਂ ਪਾਣੀ ਦੀ 24 ਘੰਟੇ ਸਪਲਾਈ ਯਕੀਨੀ ਬਣਾਈ ਗਈ ਹੈ ਅਤੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ 1,446 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਿਆ ਗਿਆ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਿਛਲੇ ਚਾਰ ਸਾਲਾਂ ਦੌਰਾਨ ਸਿੰਚਾਈ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਵਿਆਪਕ ਲੇਖਾ-ਜੋਖਾ ਪੇਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ, “ਅਪ੍ਰੈਲ, 2022 ਤੋਂ ਹੁਣ ਤੱਕ ਨਹਿਰਾਂ ਦੀ ਲਾਈਨਿੰਗ, ਮੁਰੰਮਤ, ਆਧੁਨਿਕੀਕਰਨ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ 'ਤੇ 6,700 ਕਰੋੜ ਰੁਪਏ ਖਰਚ ਕੀਤੇ ਗਏ ਹਨ ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਕੀਤਾ ਗਿਆ ਸਭ ਤੋਂ ਵੱਧ ਖਰਚ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਨਾਲ ਲਗਭਗ 75.90 ਲੱਖ ਏਕੜ ਵਿੱਚ ਸਿੰਚਾਈ ਕੀਤੀ ਜਾ ਸਕਦੀ ਹੈ ਜਦਕਿ ਮਾਰਚ 2022 ਤੱਕ ਸਿਰਫ 20.89 ਲੱਖ ਏਕੜ ਨੂੰ ਹੀ ਨਹਿਰੀ ਪਾਣੀ ਮਿਲ ਰਿਹਾ ਸੀ ਜੋ ਮਹਿਜ਼ 26.5 ਫੀਸਦ ਹੀ ਬਣਦਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਨਹਿਰੀ ਪਾਣੀ ਨਾਲ ਸਿੰਚਾਈ ਹੇਠ ਰਕਬਾ ਲਗਭਗ 58 ਲੱਖ ਏਕੜ ਤੱਕ ਵਧਾ ਦਿੱਤਾ ਹੈ ਜਿਸ ਨਾਲ ਨਹਿਰੀ ਪਾਣੀ ਦੀ ਵਰਤੋਂ ਲਗਭਗ 78 ਫ਼ੀਸਦ ਹੋ ਗਈ ਹੈ। ਇਹ ਪਹਿਲਾਂ ਦੇ ਅੰਕੜਿਆਂ ਨਾਲੋਂ ਲਗਭਗ ਤਿੰਨ ਗੁਣਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਉਪਲਬਧ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਇਆ ਹੈ। 

ਜ਼ਮੀਨੀ ਪੱਧਰ 'ਤੇ ਕੀਤੇ ਗਏ ਵਿਆਪਕ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, “ਅਸੀਂ ਲਗਭਗ 13,000 ਕਿਲੋਮੀਟਰ ਨਹਿਰਾਂ ਦੇ ਨਿਰਮਾਣ ਤੇ ਮੁਰੰਮਤ ਲਈ ਲਗਭਗ 2,000 ਕਰੋੜ ਰੁਪਏ ਖਰਚ ਕੀਤੇ ਹਨ ਜਿਸ ਕਾਰਨ ਨਹਿਰੀ ਪਾਣੀ ਹੁਣ 58 ਲੱਖ ਏਕੜ ਰਕਬੇ ਤੱਕ ਪਹੁੰਚ ਰਿਹਾ ਹੈ। ਇਸ ਦੇ ਨਾਲ ਲਗਭਗ 7,000 ਖਾਲ਼ਿਆਂ ਨੂੰ ਬਹਾਲ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਕੁੱਲ 15,539 ਨਹਿਰਾਂ ਦੀ ਸਫਾਈ ਕੀਤੀ ਗਈ ਹੈ ਅਤੇ 18,349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਜਿਸ ਨਾਲ ਹੁਣ ਸੂਬੇ ਦੇ ਦੂਰ-ਦਰਾਡੇ ਵਾਲੇ ਖੇਤਾਂ ਤੱਕ ਵੀ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।”

ਢਾਂਚਾਗਤ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 545 ਕਿਲੋਮੀਟਰ ਤੱਕ ਫੈਲੀਆਂ 101 ਬੰਦ ਪਈਆਂ ਨਹਿਰਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ। ਇਹਨਾਂ ਵਿੱਚੋਂ ਬਹੁਤ ਸਾਰੀਆਂ ਨਹਿਰਾਂ 30 ਤੋਂ 40 ਸਾਲਾਂ ਤੋਂ ਬੰਦ ਸਨ ਅਤੇ ਮਿੱਟੀ ਨਾਲ ਵੀ ਭਰੀਆਂ ਹੋਈਆਂ ਸਨ। ਅਸੀਂ ਇੱਕ ਇੰਚ ਜ਼ਮੀਨ ‘ਤੇ ਕਬਜ਼ਾ ਲਏ ਬਿਨਾਂ ਇਹਨਾਂ ਨਹਿਰਾਂ ਨੂੰ ਬਹਾਲ ਕੀਤਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਰਸਾਤੀ ਨਾਲਿਆਂ ਨੂੰ ਮੁੜ ਸੁਰਜੀਤ ਕਰਨ ਨਾਲ 2.75 ਲੱਖ ਏਕੜ ਨੂੰ ਨਹਿਰੀ ਸਿੰਚਾਈ ਹੇਠ ਲਿਆਉਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ, “ਪੁਰਾਣੀਆਂ ਨਹਿਰੀ ਪ੍ਰਣਾਲੀਆਂ ਨੂੰ ਬਹਾਲ ਕਰਕੇ ਅਸੀਂ ਇਹ ਯਕੀਨੀ ਬਣਾਇਆ ਹੈ ਕਿ ਹੁਣ ਖੇਤਾਂ ਤੱਕ 10,000 ਕਿਊਸਿਕ ਵਾਧੂ ਪਾਣੀ ਪਹੁੰਚ ਰਿਹਾ ਹੈ। ਅਸਲ ਵਿੱਚ ਅਸੀਂ ਬਿਨਾਂ ਕੋਈ ਜ਼ਮੀਨ ਪ੍ਰਾਪਤ ਕੀਤੇ ਨਵੀਂ ‘ਭਾਖੜਾ ਨਹਿਰ’ ਬਣਾਈ ਹੈ।” 

ਤਰਨਤਾਰਨ ਜ਼ਿਲ੍ਹੇ ਦੀ ਸ਼ਾਨਦਾਰ ਉਦਾਹਰਣ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ 22 ਕਿਲੋਮੀਟਰ ਲੰਬੀ ਸਰਹਾਲੀ ਮਾਈਨਰ ਨਹਿਰ ਪੂਰੀ ਤਰ੍ਹਾਂ ਅਲੋਪ ਹੋ ਗਈ ਸੀ। ਜਦੋਂ ਸਾਡੇ ਇੰਜੀਨੀਅਰਾਂ ਨੇ ਕੰਮ ਸ਼ੁਰੂ ਕੀਤਾ ਤਾਂ ਉਨ੍ਹਾਂ ਨੇ ਨਹਿਰ ਨੂੰ ਜ਼ਮੀਨਦੋਜ਼ ਲੱਭਿਆ। ਸਥਾਨਕ ਲੋਕ ਵੀ ਇਸ ਦੀ ਹੋਂਦ ਨੂੰ ਭੁੱਲ ਗਏ ਸਨ। ਅੱਜ ਅਸੀਂ ਇਸ ਨੂੰ ਮੁੜ ਸੁਰਜੀਤ ਕੀਤਾ ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਕਰ ਦਿੱਤਾ ਹੈ।”

ਮੁੱਖ ਨਹਿਰੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਬਾਰੇ ਉਨ੍ਹਾਂ ਕਿਹਾ, “ਫਿਰੋਜ਼ਪੁਰ ਫੀਡਰ ਨਹਿਰ, ਜੋ ਅਸਲ ਵਿੱਚ 1952 ਵਿੱਚ ਬਣਾਈ ਗਈ ਸੀ, ਨੂੰ ਰਿਕਾਰਡ 35 ਦਿਨਾਂ ਵਿੱਚ ਅਪਗ੍ਰੇਡ ਕੀਤਾ ਗਿਆ ਸੀ ਜਿਸ ਨਾਲ ਇਸ ਦੀ ਸਮਰੱਥਾ ਵਿੱਚ 2,682 ਕਿਊਸਿਕ ਦਾ ਵਾਧਾ ਹੋਇਆ ਸੀ। ਇਸੇ ਤਰ੍ਹਾਂ ਮਾਲਵੇ ਦੀ ਜੀਵਨ ਰੇਖਾ ਮੰਨੀ ਜਾਂਦੀ ਸਰਹਿੰਦ ਨਹਿਰ ਜਿਸ ਨੂੰ 1950 ਦੇ ਆਸਪਾਸ ਬਣਾਇਆ ਗਿਆ ਸੀ, ਨੂੰ 75 ਸਾਲਾਂ ਬਾਅਦ ਅਪਗ੍ਰੇਡ ਕੀਤਾ ਗਿਆ ਹੈ ਜਿਸ ਨਾਲ ਇਸਦੀ ਸਮਰੱਥਾ ਵਿੱਚ 2,844 ਕਿਊਸਿਕ ਦਾ ਵਾਧਾ ਹੋਇਆ ਹੈ।”

ਉਨ੍ਹਾਂ ਅੱਗੇ ਕਿਹਾ, “ਸਰਹਿੰਦ ਅਤੇ ਪਟਿਆਲਾ ਵਰਗੀਆਂ ਵੱਡੀਆਂ ਨਹਿਰਾਂ ਦੀ ਲਾਈਨਿੰਗ ਕਰਕੇ, ਅਸੀਂ ਪਾਣੀ ਦੀ ਉਪਲਬਧਤਾ ਵਿੱਚ ਲਗਭਗ 1.5 ਐਮਏਐਫ ਦਾ ਵਾਧਾ ਕੀਤਾ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਸੂਬੇ ਦੇ ਦੂਰ-ਦਰਾਡੇ ਦੇ ਖੇਤਾਂ ਨੂੰ ਵੀ ਹੁਣ ਪਾਣੀ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।”


ਕਿਸਾਨਾਂ ਨੂੰ ਲੰਮੇ ਸਮੇਂ ਤੋਂ ਦਰਪੇਸ਼ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾਂ ਨਹਿਰਾਂ ਵਿੱਚ ਪਾਣੀ ਰੋਟੇਸ਼ਨਲ ਆਧਾਰ 'ਤੇ ਸਪਲਾਈ ਕੀਤਾ ਜਾਂਦਾ ਸੀ ਜਿਸ ਨਾਲ ਕਿਸਾਨਾਂ ਨੂੰ ਆਪਣੀ ਵਾਰੀ ਦੀ ਉਡੀਕ ਕਰਨੀ ਪੈਂਦੀ ਸੀ। ਪਹਿਲੀ ਵਾਰ ਅਸੀਂ ਇਸ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਕਿਸਾਨਾਂ ਨੂੰ ਹਰ ਰੋਜ਼ ਪਾਣੀ ਮਿਲੇ।”

ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਪਾਣੀ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਉਣ ਲਈ ਲੋੜ ਪੈਣ 'ਤੇ ਹਰੀਕੇ ਪੱਤਣ ਵੱਲ ਨਹਿਰਾਂ ਉਲਟੀ ਦਿਸ਼ਾ ਵਿੱਚ ਚਲਾਈਆਂ।

ਕੰਢੀ ਖੇਤਰ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਸ਼ਿਆਰਪੁਰ ਵਿੱਚ ਕੰਢੀ ਨਹਿਰ, ਜੋ ਲਗਭਗ 40 ਸਾਲਾਂ ਤੋਂ ਬੰਦ ਪਈ ਸੀ, ਨੂੰ ਹੁਣ ਮੁੜ ਬਹਾਲ ਕੀਤਾ ਗਿਆ ਹੈ। ਇਲਾਕੇ ਦੇ ਲੋਕ ਪਾਣੀ ਦੀ ਅਸਲ ਕੀਮਤ  ਸਮਝਦੇ ਹਨ ਅਤੇ ਇਸ ਨਹਿਰ ਦੀ ਮੁੜ ਬਹਾਲੀ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਨਹਿਰੀ ਢਾਂਚੇ ਦੇ ਵਿਸਥਾਰ ਸਦਕਾ ਆਜ਼ਾਦੀ ਤੋਂ ਬਾਅਦ ਹੁਣ ਪਹਿਲੀ ਵਾਰ ਲਗਭਗ 1400 ਪਿੰਡ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। ਇਨ੍ਹਾਂ ਵਿੱਚੋਂ ਬਹੁਤ ਸਾਰੇ ਪਿੰਡਾਂ ਨੇ 20-50 ਸਾਲਾਂ ਤੋਂ ਨਹਿਰੀ ਪਾਣੀ ਨਹੀਂ ਦੇਖਿਆ ਸੀ।”

ਉਨ੍ਹਾਂ ਇਹ ਵੀ ਦੱਸਿਆ ਕਿ ਚੀਮਾ ਮਾਈਨਰ, ਫਿਲੌਰ ਮਾਈਨਰ, ਕਰਮਗੜ੍ਹ ਲਿੰਕ, ਰਾਜਪੁਰਾ, ਪਾਤੜਾਂ, ਘੱਗਰ ਅਤੇ ਕੋਟਲਾ ਵਰਗੀਆਂ ਨਵੀਆਂ ਨਹਿਰੀ ਪ੍ਰਣਾਲੀਆਂ ਨੇ ਖੇਤਰਾਂ ਵਿੱਚ ਸਿੰਚਾਈ ਸਹੂਲਤਾਂ ਵਧਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਬੁਨਿਆਦੀ ਢਾਂਚੇ ਦੇ ਵਿਸਥਾਰ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਕਈ ਜ਼ਿਲ੍ਹਿਆਂ ਵਿੱਚ ਸਿੰਚਾਈ ਵਿਵਸਥਾ ਨੂੰ ਮਜ਼ਬੂਤ ਕਰਨ ਲਈ 8 ਨਵੀਆਂ ਨਹਿਰਾਂ ਬਣਾਈਆਂ ਹਨ ਅਤੇ 18 ਪੰਪ ਸਿਸਟਮ ਚਾਲੂ ਕੀਤੇ ਹਨ।”

ਪ੍ਰਸ਼ਾਸਕੀ ਸੁਧਾਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਕੁਸ਼ਲਤਾ ਵਿੱਚ ਸੁਧਾਰ ਲਿਆਉਣ ਲਈ ਅਸੀਂ ਫਤਿਹਗੜ੍ਹ ਨਹਿਰ ਡਿਵੀਜ਼ਨ ਅਤੇ ਤਰਨਤਾਰਨ ਨਹਿਰ ਡਿਵੀਜ਼ਨ ਵਰਗੇ ਸਮਰਪਿਤ ਨਹਿਰੀ ਪਾਣੀ ਅਤੇ ਭੂਮੀਗਤ ਡਿਵੀਜ਼ਨ ਤਿਆਰ ਕੀਤੇ ਹਨ ਅਤੇ ਜਵਾਬਦੇਹੀ ਤੇ ਤੁਰੰਤ ਅਮਲ ਨੂੰ ਯਕੀਨੀ ਬਣਾਉਣ ਲਈ ਸਥਾਈ ਤੌਰ ਉਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ।’’

ਧਰਤੀ ਹੇਠਲੇ ਪਾਣੀ ਦੀ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸਾਡੀਆਂ ਕੋਸ਼ਿਸ਼ਾਂ ਸਦਕਾ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਨੂੰ ਕਾਫ਼ੀ ਹੱਦ ਤੱਕ ਘਟਾਇਆ ਗਿਆ ਹੈ। ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਧਰਤੀ ਹੇਠਲੇ ਪਾਣੀ ਦੀ ਨਿਕਾਸੀ 61.48 ਫੀਸਦ ਤੋਂ ਘਟ ਕੇ ਲਗਭਗ 31 ਫੀਸਦੀ ਹੋ ਗਈ ਹੈ ਜੋ ਇਕ ਸ਼ਾਨਦਾਰ ਪ੍ਰਾਪਤੀ ਹੈ। ਇਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ।’’ ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਉਦੇਸ਼ ਧਰਤੀ ਉਪਰਲੇ ਪਾਣੀ (ਸਰਫੇਸ ਵਾਟਰ) ਦੀ ਵਰਤੋਂ ਨੂੰ ਹੋਰ ਵਧਾਉਣਾ ਅਤੇ ਧਰਤੀ ਹੇਠਲੇ ਸਰੋਤਾਂ ’ਤੇ ਨਿਰਭਰਤਾ ਘਟਾਉਣਾ ਹੈ।

ਆਫ਼ਤ ਪ੍ਰਬੰਧਨ ਅਤੇ ਵਾਤਾਵਰਣ ਬਹਾਲੀ ਬਾਰੇ ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਅਤੇ ਪਾਣੀ ਪ੍ਰਬੰਧਨ ਦੇ ਉਦੇਸ਼ ਨਾਲ 195 ਕੰਮਾਂ ਲਈ ਰਾਜ ਆਫ਼ਤ ਰਾਹਤ ਫੰਡ ਵਿੱਚੋਂ 477 ਕਰੋੜ ਰੁਪਏ ਖ਼ਰਚੇ ਗਏ ਹਨ। ਅਸੀਂ 199 ਡੀ-ਸਿਲਟਿੰਗ ਸਾਈਟਾਂ ਦੀ ਪਛਾਣ ਕੀਤੀ ਹੈ ਅਤੇ ਜੰਗੀ ਪੱਧਰ ’ਤੇ ਨਾਲਿਆਂ ਦੀ ਸਫਾਈ ਲਈ ਨਵੀਆਂ ਚੇਨ-ਮਾਊਂਟ ਕੀਤੀਆਂ ਮਸ਼ੀਨਾਂ ਤਾਇਨਾਤ ਕੀਤੀਆਂ ਹਨ।’’

ਉਨ੍ਹਾਂ ਅੱਗੇ ਕਿਹਾ, “ਸਤਲੁਜ, ਰਾਵੀ ਅਤੇ ਘੱਗਰ ਵਰਗੇ ਦਰਿਆਵਾਂ ਵਿੱਚੋਂ ਗਾਰ ਕੱਢਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਤਹਿਤ 245 ਮਿਲੀਅਨ ਘਣ ਫੁੱਟ ਗਾਰ ਕੱਢਣ ਦਾ ਟੀਚਾ ਹੈ, ਜਿਸ ਵਿੱਚੋਂ ਮਹੱਤਵਪੂਰਨ ਪ੍ਰਗਤੀ ਪਹਿਲਾਂ ਹੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹੜ੍ਹਾਂ ਦੇ ਨੁਕਸਾਨ ਨੂੰ ਰੋਕਣ ਲਈ 206 ਕਿਲੋਮੀਟਰ ਦਰਿਆਈ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “ ਨਜਾਇਜ਼ ਕਬਜ਼ਿਆਂ ਨੂੰ ਰੋਕਣ ਅਤੇ ਜਾਨ-ਮਾਲ ਦੀ ਰੱਖਿਆ ਲਈ ਪੰਜਾਬ ਨਹਿਰ ਅਤੇ ਡਰੇਨੇਜ ਐਕਟ, 2023 ਤਹਿਤ 850 ਵਿੱਚੋਂ 849 ਨਾਲਿਆਂ ਨੂੰ ਨੋਟੀਫਾਈ ਕੀਤਾ ਗਿਆ ਹੈ।”

ਲੰਬੇ ਸਮੇਂ ਤੋਂ ਰੁਕੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਾਹਪੁਰ ਕੰਢੀ ਡੈਮ ਪ੍ਰੋਜੈਕਟ, ਜੋ 25 ਸਾਲਾਂ ਤੋਂ ਵੱਧ ਸਮੇਂ ਤੋਂ ਲਟਕਿਆ ਹੋਇਆ ਸੀ, ਹੁਣ 3394.49 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਗਿਆ ਹੈ। ਇਸ ਨਾਲ ਰਣਜੀਤ ਸਾਗਰ ਡੈਮ ਦੀ ਕੁਸ਼ਲਤਾ ਵਧੇਗੀ ਅਤੇ ਪਾਕਿਸਤਾਨ ਦੇ ਇਲਾਕੇ ’ਚ ਵਹਿੰਦੇ ਸਾਡੇ ਪਾਣੀ ’ਤੇ ਰੋਕ ਲਗੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਬੂਤ ਸਟੈਂਡ ਲੈਂਦਿਆਂ ਕਿਹਾ, “ਜਿਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੇ ਰਾਖੇ ਹੋਣ ਦਾ ਦਾਅਵਾ ਕੀਤਾ ਸੀ, ਉਨ੍ਹਾਂ ਨੇ ਹੀ ਸਾਡੇ ਪਾਣੀਆਂ ਨੂੰ ਤਬਾਹ ਕਰ ਦਿੱਤਾ। ਅਸੀਂ ਆਪਣੇ ਪਾਣੀਆਂ ਅਤੇ ਸਿਸਟਮ ਦੋਵਾਂ ਨੂੰ ਮੁੜ ਸੁਰਜੀਤ ਕੀਤਾ ਹੈ।”

ਉਨ੍ਹਾਂ ਕਿਹਾ, “ਨਹਿਰੀ ਪਾਣੀ ਵਿੱਚ ਜ਼ਰੂਰੀ ਖਣਿਜ ਹੁੰਦੇ ਹਨ ਅਤੇ ਇਸ ਦੀ ਵਧਦੀ ਉਪਲਬਧਤਾ ਫਸਲੀ ਉਤਪਾਦਕਤਾ ਵਿੱਚ ਅਹਿਮ ਸੁਧਾਰ ਲਿਆਏਗੀ। ਕਿਸਾਨ ਖੁਸ਼ ਹਨ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਪਹਿਲੀ ਵਾਰ ਆਪਣੇ ਖੇਤਾਂ ਵਿੱਚ ਨਹਿਰੀ ਪਾਣੀ ਮਿਲਿਆ ਹੈ।”

ਪੰਜਾਬ ਦੀ ਅਧਿਆਤਮਿਕ ਭਾਵਨਾ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, “ਅਸੀਂ ਆਪਣੇ ਗੁਰੂਆਂ ਦੇ ਮਹਾਨ ਸੰਦੇਸ਼ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’  ਤੋਂ ਸੇਧ ਲੈਂਦੇ ਹਾਂ ਅਤੇ ਅਸੀਂ ਆਪਣੇ ਕੁਦਰਤੀ ਸਰੋਤਾਂ ਦੀ ਰਾਖੀ ਲਈ ਵਚਨਬੱਧ ਹਾਂ।”

ਉਨ੍ਹਾਂ ਅੱਗੇ ਕਿਹਾ ਕਿ ਸਿੰਚਾਈ ਵਿਭਾਗ ਨੂੰ ਮਾਲੀਆ ਪੈਦਾ ਕਰਨ ਵਾਲੇ ਮਾਡਲ ਵਜੋਂ ਵੀ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਮਾਲੀਆ ਪੈਦਾ ਕਰਨ ਲਈ ਬੋਟਿੰਗ ਸਹੂਲਤਾਂ, ਆਰਾਮ ਘਰ, ਹੈੱਡਵਰਕਸ ਅਤੇ ਹੋਰ ਬੁਨਿਆਦੀ ਢਾਂਚੇ ਸਮੇਤ 26 ਸੈਰ-ਸਪਾਟਾ ਸਥਾਨ ਵਿਕਸਤ ਕੀਤੇ ਹਨ।”

ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

--------

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.