ਤਾਜਾ ਖਬਰਾਂ
ਅੰਮ੍ਰਿਤਸਰ, 20 ਮਾਰਚ - ਯੂਨਾਈਟਿਡ ਕਿੰਗਡਮ ਦੇ ਬਰਮਿੰਘਮ ਐਜਬੈਸਟਨ ਤੋਂ ਸੰਸਦ ਮੈਂਬਰ ਬੀਬੀ ਪ੍ਰੀਤ ਕੌਰ ਗਿੱਲ ਅੱਜ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਤੀਰਥ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਮੱਥਾ ਟੇਕ ਕੇ ਅਪਾਰ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਦਰਸ਼ਨ ਕਰਨ ਤੋਂ ਬਾਅਦ ਬੀਬੀ ਗਿੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪਹੁੰਚੇ, ਜਿੱਥੇ ਉਨ੍ਹਾਂ ਦੀ ਮੁਲਾਕਾਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਹੋਈ। ਇਸ ਮੌਕੇ ਧਾਮੀ ਨੇ ਉਨ੍ਹਾਂ ਦਾ ਸਵਾਗਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ।
ਸਨਮਾਨ ਪ੍ਰਾਪਤ ਕਰਨ ਉਪਰੰਤ ਬੀਬੀ ਪ੍ਰੀਤ ਕੌਰ ਗਿੱਲ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦੇ ਹਨ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਾਮ ਸਿਰਫ਼ ਸਿੱਖਾਂ ਲਈ ਹੀ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਰਾਹ-ਦਰਸਾਉਣ ਵਾਲਾ ਕੇਂਦਰ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਐਮਪੀ ਬਣਨ ਤੋਂ ਬਾਅਦ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਅਤੇ ਵਿਸ਼ਵ ਵਿੱਚ ਬਣ ਰਹੇ ਤਣਾਅਪੂਰਨ ਹਾਲਾਤਾਂ ਦੇ ਖਾਤਮੇ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਗੁਰੂ ਸਾਹਿਬ ਅੱਗੇ ਪ੍ਰਾਰਥਨਾ ਕੀਤੀ ਕਿ ਦੁਨੀਆ ਵਿੱਚ ਸ਼ਾਂਤੀ ਕਾਇਮ ਰਹੇ ਅਤੇ ਸਾਰਾ ਸੰਸਾਰ ਖੁਸ਼ਹਾਲੀ ਵੱਲ ਵਧੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਈ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੇ ਇਸ ਪਵਿੱਤਰ ਮੌਕੇ ਨੂੰ ਯਾਦਗਾਰ ਬਣਾਇਆ।
Get all latest content delivered to your email a few times a month.