ਤਾਜਾ ਖਬਰਾਂ
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਫ਼ਿਰੋਜ਼ਪੁਰ) ਅਤੇ ਸੀਮਾ ਸੁਰੱਖਿਆ ਬਲ (BSF) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਫਾਜ਼ਿਲਕਾ ਦੇ ਸਦਰ ਥਾਣੇ ਅਧੀਨ ਆਉਂਦੇ ਪਿੰਡ ਮਹਿਤਮ ਨਗਰ ਦੀ ਬੀ.ਓ.ਪੀ. (BOP) ਜੀ.ਜੀ.-2 ਦੇ ਨੇੜਿਓਂ ਕਰੀਬ 6.5 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਸਥਿਤ ਤਸਕਰਾਂ ਨੇ ਜ਼ੀਰੋ ਲਾਈਨ ਪਾਰ ਕਰਕੇ ਸਰਹੱਦੀ ਕੰਡਿਆਲੀ ਤਾਰ ਦੇ ਬਿਲਕੁਲ ਨੇੜੇ ਪਹੁੰਚ ਕੇ ਨਸ਼ੀਲੇ ਪਦਾਰਥਾਂ ਦੀ ਖੇਪ ਭਾਰਤੀ ਖੇਤਰ ਵਿੱਚ ਧੱਕਣ ਦੀ ਕੋਸ਼ਿਸ਼ ਕੀਤੀ ਸੀ। ਤਸਕਰ ਰਾਤ ਦੇ ਹਨੇਰੇ ਦਾ ਫਾਇਦਾ ਉਠਾ ਕੇ ਇਸ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ।
ਕਾਊਂਟਰ ਇੰਟੈਲੀਜੈਂਸ ਵੱਲੋਂ ਮਿਲੀ ਸਟੀਕ ਜਾਣਕਾਰੀ ਦੇ ਅਧਾਰ 'ਤੇ BSF ਦੇ ਮੁਸਤੈਦ ਜਵਾਨਾਂ ਨੇ ਤਸਕਰਾਂ ਦੀ ਹਰਕਤ ਦੇਖਦਿਆਂ ਹੀ ਕਈ ਰਾਊਂਡ ਫਾਇਰ ਕੀਤੇ। ਫਾਇਰਿੰਗ ਤੋਂ ਬਾਅਦ ਤਸਕਰ ਮੌਕੇ ਤੋਂ ਭੱਜਣ ਵਿੱਚ ਸਫਲ ਰਹੇ। ਇਸ ਤੋਂ ਬਾਅਦ ਇਲਾਕੇ ਵਿੱਚ ਚਲਾਏ ਗਏ ਇੱਕ ਤਲਾਸ਼ੀ ਅਭਿਆਨ ਦੌਰਾਨ ਹੈਰੋਇਨ ਦੇ ਪੈਕੇਟ ਬਰਾਮਦ ਕੀਤੇ ਗਏ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਨਸ਼ਾ ਤਸਕਰੀ ਅਤੇ ਸਰਹੱਦ ਪਾਰੋਂ ਹੋਣ ਵਾਲੇ ਅਪਰਾਧਾਂ ਦੇ ਖ਼ਿਲਾਫ਼ 'ਜ਼ੀਰੋ ਟੋਲਰੈਂਸ' ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਸਰਹੱਦੀ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਦੇਸ਼ ਵਿਰੋਧੀ ਅਨਸਰਾਂ ਦੇ ਮਨਸੂਬਿਆਂ ਨੂੰ ਪੂਰਾ ਨਾ ਹੋਣ ਦਿੱਤਾ ਜਾਵੇ।
ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਅਤੇ ਹੋਰ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.