IMG-LOGO
ਹੋਮ ਪੰਜਾਬ, ਰਾਸ਼ਟਰੀ, ਫਾਜ਼ਿਲਕਾ 'ਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ...

ਫਾਜ਼ਿਲਕਾ 'ਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

Admin User - Mar 21, 2026 04:03 PM
IMG

ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।


ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ  ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਵਿਸਥਾਰਤ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਨ੍ਹਾਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਸ਼ਨੀਵਾਰ ਸਵੇਰੇ ਵਿਸ਼ੇਸ਼ ਘਾਤ ਲਗਾ ਕੇ ਹਮਲਾ ਕਰਨ ਦੀ ਯੋਜਨਾ ਬਣਾਈ ਅਤੇ ਪਿੰਡ ਮਹਿਤਮ ਨਗਰ, ਫਾਜ਼ਿਲਕਾ, ਜਿੱਥੋਂ ਪਾਕਿਸਤਾਨੀ ਤਸਕਰ ਖੇਪ ਨੂੰ ਅੱਗੇ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਦੇ ਖੇਤਰ ਵਿੱਚ ਸਾਂਝਾ ਗੁਪਤ ਆਪ੍ਰੇਸ਼ਨ ਚਲਾਇਆ। ਉਨ੍ਹਾਂ ਕਿਹਾ ਕਿ ਬੀਐਸਐਫ ਤਾਇਨਾਤ ਜਵਾਨਾਂ ਨੇ ਜਵਾਬੀ ਕਾਰਵਾਈ ਵਿੱਚ ਤੁਰੰਤ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਈ।


ਏਆਈਜੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਥਾਨਕ ਤਸਕਰ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।


ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 07 ਮਿਤੀ 21-03-2026 ਦਰਜ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.