ਤਾਜਾ ਖਬਰਾਂ
ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦਾ ਮਾਮਲਾ ਹੁਣ ਪੂਰੀ ਤਰ੍ਹਾਂ ਭਖ ਗਿਆ ਹੈ। ਇਸ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਆਗੂਆਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ।
ਸਰਕਾਰ ਦੀ ਨੀਅਤ 'ਚ ਖੋਟ - ਸੁਨੀਲ ਜਾਖੜ: ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ 'ਤੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਐਫ.ਆਈ.ਆਰ. ਦਰਜ ਕਰਨ ਵਿੱਚ ਕੀਤੀ ਗਈ ਦੇਰੀ ਸਾਬਿਤ ਕਰਦੀ ਹੈ ਕਿ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ। ਜਾਖੜ ਅਨੁਸਾਰ, ਜੇਕਰ ਵਿਰੋਧੀ ਧਿਰਾਂ ਇਕਜੁੱਟ ਹੋ ਕੇ ਦਬਾਅ ਨਾ ਬਣਾਉਂਦੀਆਂ ਤਾਂ ਸ਼ਾਇਦ ਇਹ ਕਾਰਵਾਈ ਕਦੇ ਹੁੰਦੀ ਹੀ ਨਾ। ਉਨ੍ਹਾਂ ਸਵਾਲ ਚੁੱਕਿਆ ਕਿ ਮੌਤ ਦੇ ਤੁਰੰਤ ਬਾਅਦ ਮਾਮਲਾ ਦਰਜ ਕਿਉਂ ਨਹੀਂ ਕੀਤਾ ਗਿਆ?
ਮੁੱਖ ਮੰਤਰੀ 'ਤੇ ਸੰਵੇਦਨਹੀਣਤਾ ਦੇ ਦੋਸ਼: ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸੀ.ਐੱਮ. ਕੋਲ ਅੰਮ੍ਰਿਤਸਰ ਵਿੱਚ ਗਾਇਕ ਸਤਿੰਦਰ ਸਰਤਾਜ ਦਾ ਪ੍ਰੋਗਰਾਮ ਦੇਖਣ ਲਈ ਤਾਂ ਸਮਾਂ ਸੀ, ਪਰ ਉਹ ਕੁਝ ਹੀ ਦੂਰੀ 'ਤੇ ਬੈਠੇ ਪੀੜਤ ਪਰਿਵਾਰ ਦਾ ਦਰਦ ਵੰਡਾਉਣ ਨਹੀਂ ਪਹੁੰਚ ਸਕੇ। ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਪਰਿਵਾਰ ਨੂੰ ਲਾਲਚ ਦੇ ਕੇ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਬੇਹੱਦ ਮੰਦਭਾਗਾ ਹੈ।
ਗ੍ਰਿਫ਼ਤਾਰੀ ਤੱਕ ਪੋਸਟਮਾਰਟਮ ਨਹੀਂ: ਜਾਖੜ ਨੇ ਪਰਿਵਾਰ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਜਦੋਂ ਤੱਕ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਡਾ. ਰੰਧਾਵਾ ਦਾ ਪੋਸਟਮਾਰਟਮ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਇੱਕ ਪਰਿਵਾਰ ਦੀ ਨਹੀਂ, ਬਲਕਿ ਹਰ ਉਸ ਅਧਿਕਾਰੀ ਅਤੇ ਨਾਗਰਿਕ ਦੀ ਹੈ ਜੋ ਸਿਆਸੀ ਦਬਾਅ ਹੇਠ ਦੱਬਿਆ ਹੋਇਆ ਹੈ। ਭਾਜਪਾ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
Get all latest content delivered to your email a few times a month.