IMG-LOGO
ਹੋਮ ਪੰਜਾਬ: ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ...

ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸੱਭਿਆਚਾਰਕ ਮੇਲੇ ਲੱਗਣੋਂ ਹਟ ਗਏ ਸਨ, ਹੁਣ ‘ਰੰਗਲੇ ਪੰਜਾਬ’ ਦੇ ਰੰਗ ਦਿਸਣ ਲੱਗੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Admin User - Mar 22, 2026 09:52 PM
IMG

ਬਠਿੰਡਾ, 22 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਜਿਸ ਨਾਲ ਪੰਜਾਬ ਮੁੜ ‘ਰੰਗਲੇ ਪੰਜਾਬ’ ਵੱਲ ਵਧ ਰਿਹਾ ਹੈ।

ਵਿਰਾਸਤੀ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਅਜਿਹੇ ਮੇਲੇ ਬੰਦ ਹੋ ਗਏ ਸਨ ਜਦਕਿ ਇਹ ਮੇਲੇ ਸੂਬੇ ਦੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ, “ਹਾਲਾਂਕਿ, ਹੁਣ ਪੰਜਾਬ ‘ਰੰਗਲੇ ਪੰਜਾਬ’ ਦੇ ਦੌਰ ਵਿੱਚ ਪ੍ਰਵੇਸ਼ ਕਰ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਹਰ ਖੇਤਰ ਵਿੱਚ ਹਰ ਰੋਜ਼ ਨਵੇਂ ਰੰਗ ਜੋੜੇ ਜਾ ਰਹੇ ਹਨ। ਪੰਜਾਬ ਕਈ ਵਾਰ ਡਿੱਗਿਆ ਹੈ, ਪਰ ਇਹ ਵਾਰ-ਵਾਰ ਉੱਠਿਆ ਵੀ ਹੈ, ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਅੱਜ, ਰੰਗਲਾ ਪੰਜਾਬ ਦੇ ਰੰਗ ਇੱਕ ਵਾਰ ਫਿਰ ਦਿਖਾਈ ਦੇ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਹਰ ਕੀਮਤ 'ਤੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿੱਚ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ, “ਵਿਰਾਸਤੀ ਮੇਲਿਆਂ ਵਿੱਚ ਗਿੱਧਾ ਤੇ ਭੰਗੜਾ ਪੰਜਾਬ ਦੀ ਰੂਹ ਦਾ ਪ੍ਰਗਟਾਵਾ ਕਰਦੇ ਹਨ। ਮੇਰੀ ਬਠਿੰਡਾ ਦੇ ਮੇਲੇ ਵਿੱਚ ਸ਼ਾਮਲ ਹੋਣ ਦੀ ਇੱਛਾ ਸੀ, ਕਿਉਂਕਿ ਇਹ ਸਾਡੇ ਬੱਚਿਆਂ ਨੂੰ ਉਨ੍ਹਾਂ ਦੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਦਾ ਵੱਡਾ ਉਪਰਾਲਾ ਹੈ।” ਨਵੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਅੱਗੇ ਕਿਹਾ, "ਪੰਜਾਬ ਵਿੱਚ ਲੋਕ-ਪੱਖੀ ਅਤੇ ਵਿਕਾਸ-ਮੁਖੀ ਯੋਜਨਾਵਾਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾ ਰਹੀਆਂ ਹਨ, ਕਿਉਂਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਹਿਰੀ ਪਾਣੀ  ਟੇਲਾਂ ’ਤੇ ਸਥਿਤ ਖੇਤਾਂ ਤੱਕ ਵੀ ਪਹੁੰਚ ਰਿਹਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਰੇਤਲੇ ਟਿੱਬਿਆਂ ਤੱਕ ਵੀ ਪਾਣੀ ਪਹੁੰਚਾਇਆ ਗਿਆ ਹੈ ਜਦੋਂ ਕਿ ਪੰਜਾਬ ਦੇ ਹਰ ਕੋਨੇ ਵਿੱਚ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ 'ਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, "ਇੱਕ ਹੋਰ ਮਹੱਤਵਪੂਰਨ ਕਦਮ ਵਿੱਚ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ, ਅਤੇ ਹੁਣ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਇਸ ਦੇ ਅਧੀਨ ਸ਼ਾਮਲ ਕੀਤਾ ਗਿਆ ਹੈ।"  

ਸਿਹਤ ਸੰਭਾਲ ਅਤੇ ਬਿਜਲੀ ਖੇਤਰ ਦੇ ਸੁਧਾਰਾਂ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਅਤੇ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ।" ਉਨ੍ਹਾਂ ਅੱਗੇ ਕਿਹਾ, "2022 ਵਿੱਚ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਲਗਭਗ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਬਿਜਲੀ ਵੀ ਦਿਨ ਵੇਲੇ ਦਿੱਤੀ ਜਾ ਰਹੀ ਹੈ।"

ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਲਈ ਖੇਡਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਕਾਰਗਰ ਸਾਧਨ ਹੋ ਸਕਦਾ ਹੈ ਅਤੇ ਅਸੀਂ ਇਸ ਲਈ ਕੋਈ ਕਸਰ ਨਹੀਂ ਛੱਡ ਰਹੇ ਹਾਂ। ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਬੁੰਲਦੀ ਛੂਹਣ 'ਤੇ ਧਿਆਨ ਦਿੰਦੇ ਹਨ।” ਉਨ੍ਹਾਂ ਅੱਗੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਹਰ ਸਾਲ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਦੀਆਂ ਹਨ।”

ਉਨ੍ਹਾਂ ਅੱਗੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਬਠਿੰਡਾ ਵਿੱਚ ਵੀ ਕਰਵਾਈਆਂ ਗਈਆਂ ਸਨ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਤਿੰਨ-ਤਿੰਨ ਪੀੜ੍ਹੀਆਂ ਨੇ ਇਕੱਠੇ ਹਿੱਸਾ ਲਿਆ। ‘ਆਪ’ ਸਰਕਾਰ ਨਵੇਂ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨ ਨਸ਼ਿਆਂ ਅਤੇ ਹੋਰ ਬੁਰਾਈਆਂ ਤੋਂ ਦੂਰ ਰਹਿਣ। ਇਨ੍ਹਾਂ ਖੇਡਾਂ ਨੇ ਸਾਨੂੰ ਖਿਡਾਰੀਆਂ ਦੀਆਂ ਸ਼ਕਤੀਆਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕੀਤੀ ਹੈ, ਜੋ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਗਮਾਂ ਲਈ ਤਿਆਰ ਕਰਨ ਵਿੱਚ ਮਦਦ ਕਰੇਗੀ।”

ਨਸ਼ਿਆਂ ਵਿਰੁੱਧ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਵੱਡੀ ਮੁਹਿੰਮ ਹੈ। ਇਹ ਸੂਬੇ ਵਿੱਚ ਨਸ਼ਿਆਂ ਦੇ ਨੈੱਟਵਰਕ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ। ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ, ਪੀੜ੍ਹੀਆਂ ਨੂੰ ਬਰਬਾਦ ਕੀਤਾ, ਪਰ ਪੰਜਾਬ ਸਰਕਾਰ ਨੇ ਸਪਲਾਈ ਲਾਈਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਪਾ ਕੇ ਇਸ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ ਨਸ਼ਾ ਤਸਕਰਾਂ ਦੁਆਰਾ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਢਾਹਿਆ ਜਾਂ ਜ਼ਬਤ ਕੀਤਾ ਗਿਆ। ਲੋਕਾਂ ਦੇ ਸਹਿਯੋਦ ਨਾਲ ਇਹ ਲੜਾਈ ਲੋਕ ਲਹਿਰ ਬਣ ਗਈ ਹੈ।”

ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ, “ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਅੱਗੇ ਵਧਾਉਣਾ ਬਹੁਤ ਜ਼ਰੂਰੀ ਹੈ। ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ, ਸਾਡੀ ਸਰਕਾਰ ਨੇ ਸੰਪੂਰਨ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ 'ਤੇ ਧਿਆਨ ਕੇਂਦਰਿਤ ਕੀਤਾ ਹੈ। ਹਰ ਖੇਤਰ ਨੂੰ ਵੱਡਾ ਹੁਲਾਰਾ ਦੇਣ ਲਈ ਵਿਸ਼ੇਸ਼ ਯੋਜਨਾ ਤਿਆਰ ਕਰਕੇ ਲਾਗੂ ਕੀਤੀ ਗਈ ਹੈ ਕਿਉਂਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਸੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਮੇਲਿਆਂ ਦੌਰਾਨ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਪੰਜਾਬ ਸਰਕਾਰ ਆਪਣੇ ਮਿਸ਼ਨ ਵਿੱਚ ਸਫਲ ਹੋ ਗਈ ਹੈ। ਲੋਕਾਂ ਦੇ ਸਰਗਰਮ ਸਹਿਯੋਗ ਨਾਲ  ਅਸੀਂ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਇਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਨਾਇਕਾਂ ਨੂੰ ਸੱਚੀ ਅਤੇ ਨਿਮਰ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਦੇਸ਼ ਅਤੇ ਇਸਦੇ ਲੋਕਾਂ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।”


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.