ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਇੱਕ ਖ਼ਾਸ ਨਾਕਾਬੰਦੀ ਦੌਰਾਨ ਪੁਲਿਸ ਨੇ ਲੁੱਟਾਂ-ਖੋਹਾਂ ਵਿੱਚ ਸ਼ਾਮਲ ਇੱਕ ਸੰਗਠਿਤ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਹ ਕਾਰਵਾਈ ਐਸ.ਐਚ.ਓ. ਸਤਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਜਿੱਥੇ ਪੁਲਿਸ ਟੀਮ ਨੇ ਸੂਝਬੂਝ ਨਾਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ .32 ਬੋਰ ਪਿਸਤੌਲ, ਖੰਡਾ ਅਤੇ ਹੋਰ ਤੇਜ਼ਧਾਰ ਹਥਿਆਰ ਜਿਵੇਂ ਕਿਰਚ ਆਦਿ ਬਰਾਮਦ ਕੀਤੇ ਹਨ। ਪ੍ਰਾਰੰਭਿਕ ਜਾਂਚ ਮੁਤਾਬਕ ਇਹ ਸਾਰੇ ਦੋਸ਼ੀ ਨੰਗਲ (ਬਟਾਲਾ), ਅਬੋਵਾਲ ਅਤੇ ਕੋਟਲਾ ਨੋਧ ਸਿੰਘ ਇਲਾਕਿਆਂ ਨਾਲ ਸਬੰਧਿਤ ਹਨ ਅਤੇ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਹੇ ਸਨ।
ਡੀਐਸਪੀ ਦਵਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਗਿਰੋਹ ਕਾਫ਼ੀ ਸਮੇਂ ਤੋਂ ਸਰਗਰਮ ਸੀ ਅਤੇ ਇਸ ਦੇ ਤਾਰ ਜੇਲ੍ਹਾਂ ਵਿੱਚ ਬੈਠੇ ਅਪਰਾਧੀਆਂ ਨਾਲ ਵੀ ਜੁੜੇ ਹੋਏ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਗੰਭੀਰ ਮਾਮਲੇ ਦਰਜ ਹਨ। ਪੁਲਿਸ ਵੱਲੋਂ ਹੁਣ ਇਨ੍ਹਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਗਿਰੋਹ ਦੇ ਹੋਰ ਮੈਂਬਰਾਂ ਅਤੇ ਆਕਾਵਾਂ ਬਾਰੇ ਖੁਲਾਸੇ ਹੋ ਸਕਣ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਇਲਾਕੇ ਵਿੱਚ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਜਾ ਸਕੇਗਾ। ਹੁਣ ਸਭ ਦੀ ਨਜ਼ਰ ਪੁੱਛਗਿੱਛ ਦੌਰਾਨ ਹੋਣ ਵਾਲੇ ਹੋਰ ਖੁਲਾਸਿਆਂ ‘ਤੇ ਟਿਕੀ ਹੋਈ ਹੈ।
Get all latest content delivered to your email a few times a month.