ਤਾਜਾ ਖਬਰਾਂ
ਰਾਮਪੁਰਾ ਫੂਲ ਬਲਾਕ ਸਮਿਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਿਹਾ ਲੰਬਾ ਵਿਵਾਦ ਹੁਣ ਨਿਰਣਾਇਕ ਮੋੜ 'ਤੇ ਪਹੁੰਚ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ਼ ਅਪਣਾਉਂਦਿਆਂ ਹੁਕਮ ਦਿੱਤੇ ਹਨ ਕਿ ਇਹ ਚੋਣਾਂ ਹੁਣ 1 ਅਪ੍ਰੈਲ ਨੂੰ ਅਦਾਲਤ ਦੀ ਸਿੱਧੀ ਨਿਗਰਾਨੀ ਹੇਠ ਕਰਵਾਈਆਂ ਜਾਣਗੀਆਂ। ਅਦਾਲਤ ਨੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਇੱਕ ਸੁਤੰਤਰ ਵਕੀਲ ਨੂੰ ਬਤੌਰ ਓਬਜ਼ਰਵਰ (ਨਿਗਰਾਨ) ਵੀ ਨਿਯੁਕਤ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੇਸ਼ ਹੋਏ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਦੋ ਵਾਰ ਇਨ੍ਹਾਂ ਚੋਣਾਂ ਨੂੰ ਮੁਅੱਤਲ ਕੀਤਾ ਗਿਆ ਸੀ। ਇਲਜ਼ਾਮ ਲਗਾਏ ਜਾ ਰਹੇ ਸਨ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਕੋਲ ਬਹੁਮਤ ਨਾ ਹੋਣ ਕਾਰਨ ਚੋਣਾਂ ਨੂੰ ਜਾਣਬੁੱਝ ਕੇ ਟਾਲਿਆ ਜਾ ਰਿਹਾ ਸੀ। ਹਾਈ ਕੋਰਟ ਨੇ ਹੁਣ ਡਿਪਟੀ ਕਮਿਸ਼ਨਰ (ਡੀ.ਸੀ.) ਬਠਿੰਡਾ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੀ ਦੇਖ-ਰੇਖ ਹੇਠ ਪੂਰੀ ਨਿਰਪੱਖਤਾ ਨਾਲ ਇਸ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ।
ਅਦਾਲਤ ਨੇ ਚੋਣਾਂ ਦੌਰਾਨ ਹੋਣ ਵਾਲੀ ਸੰਭਾਵੀ ਸਿਆਸੀ ਦਖ਼ਲਅੰਦਾਜ਼ੀ ਨੂੰ ਰੋਕਣ ਲਈ ਵੱਡਾ ਫੈਸਲਾ ਸੁਣਾਇਆ ਹੈ। ਸਪੱਸ਼ਟ ਆਦੇਸ਼ ਦਿੱਤੇ ਗਏ ਹਨ ਕਿ ਸਥਾਨਕ ਵਿਧਾਇਕਾਂ ਜਾਂ ਅਜਿਹੇ ਕਿਸੇ ਵੀ ਵਿਅਕਤੀ ਨੂੰ, ਜਿਸ ਕੋਲ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ, ਪੋਲਿੰਗ ਸਟੇਸ਼ਨ ਦੇ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਪਟੀਸ਼ਨਾਂ 'ਤੇ ਹਾਈ ਕੋਰਟ ਨੇ ਸਰਕਾਰ ਦੇ ਫੈਸਲਿਆਂ ਨੂੰ ਪਲਟਦਿਆਂ ਅਦਾਲਤੀ ਨਿਗਰਾਨੀ ਹੇਠ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਫੈਸਲੇ ਨੂੰ ਵਿਰੋਧੀ ਧਿਰਾਂ ਆਪਣੀ ਵੱਡੀ ਨੈਤਿਕ ਜਿੱਤ ਵਜੋਂ ਦੇਖ ਰਹੀਆਂ ਹਨ।
Get all latest content delivered to your email a few times a month.