ਤਾਜਾ ਖਬਰਾਂ
ਪਿੰਡ ਸੰਧਵਾਂ ਵਿੱਚ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਸਿੱਖਿਆ ਸੰਬੰਧੀ ਮੁੱਦਿਆਂ ਨੂੰ ਲੈ ਕੇ ਵੱਡਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਕੁਲਤਾਰ ਸਿੰਘ ਸੰਧਵਾਂ ਦੇ ਨਿਵਾਸ ਸਥਾਨ ਦੇ ਬਾਹਰ ਲਗਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀ ਨਾਰਾਜ਼ਗੀ ਜਤਾਈ।
ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਉਹ ਆਪਣਾ ਸੰਘਰਸ਼ ਤਦ ਤੱਕ ਜਾਰੀ ਰੱਖਣਗੇ ਜਦ ਤੱਕ ਸਪੀਕਰ ਖੁਦ ਆ ਕੇ ਉਨ੍ਹਾਂ ਦਾ ਮੰਗ ਪੱਤਰ ਨਹੀਂ ਲੈਂਦੇ। ਵਿਦਿਆਰਥੀ ਆਗੂਆਂ ਨੇ ਦੋਸ਼ ਲਗਾਇਆ ਕਿ ਨਵੀਂ ਸਿੱਖਿਆ ਨੀਤੀ ਕਾਰਨ ਵਿਦਿਆਰਥੀਆਂ ‘ਤੇ ਪੜ੍ਹਾਈ ਦਾ ਬੋਝ ਵੱਧ ਰਿਹਾ ਹੈ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਅਧਿਆਪਕਾਂ ਦੀ ਘਾਟ ਵੀ ਗੰਭੀਰ ਸਮੱਸਿਆ ਬਣੀ ਹੋਈ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੀਆਂ ਲੋੜਾਂ ਮੁਤਾਬਕ ਇੱਕ ਵੱਖਰੀ ਸਿੱਖਿਆ ਨੀਤੀ ਤਿਆਰ ਕੀਤੀ ਜਾਵੇ। ਇਸਦੇ ਨਾਲ ਹੀ ਨੌਕਰੀਆਂ ਵਿੱਚ ਪੰਜਾਬ ਦੇ ਨੌਜਵਾਨਾਂ ਲਈ 90 ਫੀਸਦੀ ਰਾਖਵਾ ਲਾਗੂ ਕਰਨ ਦੀ ਮੰਗ ਵੀ ਉਠਾਈ ਗਈ।
ਵਿਦਿਆਰਥੀਆਂ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਕਾਨੂੰਨੀ ਪ੍ਰਬੰਧ ਦੇ ਨਾਂ ‘ਤੇ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ‘ਤੇ ਰੋਕ ਲਗਾਈ ਜਾਵੇ ਅਤੇ ਪੰਜਾਬ ਨੂੰ "ਪੁਲਿਸ ਸਟੇਟ" ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।
ਇਸ ਮੌਕੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸਿੱਖਿਆ ਖੇਤਰ ਵਿੱਚ ਕੋਈ ਮਜ਼ਬੂਤ ਅਤੇ ਲੰਬੇ ਸਮੇਂ ਲਈ ਲਾਭਦਾਇਕ ਨੀਤੀ ਲਿਆਂਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Get all latest content delivered to your email a few times a month.