ਤਾਜਾ ਖਬਰਾਂ
ਸਥਾਨਕ ਨੈਸ਼ਨਲ ਹਾਈਵੇ ‘ਤੇ ਪਿੰਡ ਬਿਧੀਪੁਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ‘ਤੇ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਸਤਨਾਮ ਸਿੰਘ (65) ਵਾਸੀ ਪਿੰਡ ਮੂਲਿਆਂਵਾਲ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਆਪਣੇ ਸਪਲੈਂਡਰ ਮੋਟਰਸਾਈਕਲ ‘ਤੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਪਿੰਡ ਅਰਜੁਨਪੁਰ ਜਾ ਰਹੇ ਸਨ। ਜਦੋਂ ਉਹ ਪਿੰਡ ਬਿਧੀਪੁਰ-ਸਿੱਧਵਾਂ ਮੋੜ ਤੋਂ ਨੌਸ਼ਹਿਰਾ ਮੱਝਾ ਸਿੰਘ ਵੱਲ ਮੁੜ ਰਹੇ ਸਨ, ਤਦੋਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਇਨਡੈਵਰ ਕਾਰ ਨੇ ਉਨ੍ਹਾਂ ਦੇ ਵਾਹਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਅਤੇ ਕਾਰ ਦੋਵਾਂ ਦੇ ਪਰਖੱਚੇ ਉੱਡ ਗਏ ਅਤੇ ਦੋਵੇਂ ਪਤੀ-ਪਤਨੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜਿਆ ਗਿਆ ਹੈ। ਮ੍ਰਿਤਕਾਂ ਦੇ ਪੁੱਤਰ ਹਿੱਤਕਾਰ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਅਗਲੀ ਜਾਂਚ ਜਾਰੀ ਹੈ।
Get all latest content delivered to your email a few times a month.