ਤਾਜਾ ਖਬਰਾਂ
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਕਸਬੇ ਅਮਰਕੋਟ ਵਿੱਚ ਅੱਜ ਸਵੇਰੇ ਇੱਕ ਦਹਿਸ਼ਤਭਰੀ ਘਟਨਾ ਨੇ ਸਾਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਨਕਾਬਪੋਸ਼ ਹਮਲਾਵਰਾਂ ਨੇ ਦਿਨ ਦਿਹਾੜੇ ਇੱਕ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਨਾਲ ਮਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ, ‘ਜੱਜ ਮੈਡੀਕਲ ਸਟੋਰ’ ਦੇ ਮਾਲਕ ਸੁਨੀਲ ਅਰੋੜਾ ਆਪਣੇ ਪੁੱਤਰ ਨਾਲ ਦੁਕਾਨ ‘ਤੇ ਮੌਜੂਦ ਸਨ। ਇਸ ਦੌਰਾਨ ਤਿੰਨ ਅਣਪਛਾਤੇ ਹਮਲਾਵਰ ਮੋਟਰਸਾਈਕਲ ‘ਤੇ ਆਏ ਅਤੇ ਬਿਨਾਂ ਕਿਸੇ ਚੇਤਾਵਨੀ ਦੇ ਦੁਕਾਨ ਵੱਲ ਗੋਲੀਆਂ ਚਲਾਉਣ ਲੱਗ ਪਏ। ਲਗਭਗ ਚਾਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਗੋਲੀ ਸੁਨੀਲ ਅਰੋੜਾ ਦੀ ਲੱਤ ਵਿੱਚ ਲੱਗੀ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਹਮਲਾ ਕਿਸੇ ਨਿੱਜੀ ਰੰਜਿਸ਼ ਨਹੀਂ, ਸਗੋਂ ਫਿਰੌਤੀ ਦੇ ਮਾਮਲੇ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਪ੍ਰਭ ਦਾਸੂਵਾਲ ਵੱਲੋਂ ਪਿਛਲੇ ਕਾਫ਼ੀ ਸਮੇਂ ਤੋਂ 30 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਪਰਿਵਾਰ ਵੱਲੋਂ ਇਹ ਰਕਮ ਨਾ ਦੇਣ ‘ਤੇ ਹਮਲਾਵਰਾਂ ਨੇ ਡਰ ਪੈਦਾ ਕਰਨ ਲਈ ਇਹ ਵਾਰਦਾਤ ਅੰਜਾਮ ਦਿੱਤੀ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਸਥਾਨਕ ਵਪਾਰੀ ਡਰੇ ਹੋਏ ਹਨ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਗਈ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਯਤਨ ਜਾਰੀ ਹਨ। ਪੂਰੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਚੌਕਸੀ ਵਧਾ ਦਿੱਤੀ ਗਈ ਹੈ।
ਸਥਾਨਕ ਦੁਕਾਨਦਾਰਾਂ ਅਤੇ ਪੀੜਤ ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਧ ਰਹੀਆਂ ਰੰਗਦਾਰੀ ਦੀਆਂ ਘਟਨਾਵਾਂ ‘ਤੇ ਕਾਬੂ ਪਾਇਆ ਜਾਵੇ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਪੁਲਿਸ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Get all latest content delivered to your email a few times a month.