ਤਾਜਾ ਖਬਰਾਂ
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ 'ਤੇ ਇੱਕ ਵਾਰ ਫਿਰ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ। ਲੁਧਿਆਣਾ ਦੇ ਮਾਛੀਵਾੜਾ ਇਲਾਕੇ ਵਿੱਚ ਬੀਤੀ ਸ਼ਾਮ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਇਸ ਖ਼ੂਨੀ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ ਪਰਮਿੰਦਰ ਤਿਵਾੜੀ ਆਪਣੇ ਕੁਆਰਟਰ ਵਿੱਚ ਕੁਰਸੀ 'ਤੇ ਬੈਠੇ ਹੋਏ ਸਨ, ਜਦੋਂ ਦੋ ਬਦਮਾਸ਼ਾਂ ਨੇ ਪਿੱਛੇ ਤੋਂ ਆ ਕੇ ਉਨ੍ਹਾਂ ਦੇ ਸਿਰ 'ਤੇ ਕੁਲਹਾੜੀ ਵਰਗੇ ਤੇਜ਼ਧਾਰ ਹਥਿਆਰ ਨਾਲ ਜ਼ੋਰਦਾਰ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਤਿਵਾੜੀ ਗੰਭੀਰ ਜ਼ਖ਼ਮੀ ਹੋ ਕੇ ਜ਼ਮੀਨ 'ਤੇ ਡਿੱਗ ਪਏ। ਵਾਰਦਾਤ ਤੋਂ ਬਾਅਦ ਹਮਲਾਵਰ ਆਪਣੇ ਖੂਨ ਨਾਲ ਲਿਬੜੇ ਹਥਿਆਰ ਮੌਕੇ 'ਤੇ ਹੀ ਛੱਡ ਕੇ ਫ਼ਰਾਰ ਹੋ ਗਏ।
ਘਟਨਾ ਦੇ ਤੁਰੰਤ ਬਾਅਦ ਉਨ੍ਹਾਂ ਦਾ ਪੁੱਤਰ ਮੌਕੇ 'ਤੇ ਪਹੁੰਚਿਆ ਅਤੇ ਉਨ੍ਹਾਂ ਨੂੰ ਮਾਛੀਵਾੜਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਲੁਧਿਆਣਾ ਦੇ ਫੋਰਟਿਸ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਕੂਮਕਲਾਂ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਫਿਲਹਾਲ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਫਤੀਸ਼ ਜਾਰੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ 'ਤੇ ਡੂੰਘਾ ਸਦਮਾ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ:
"ਪਰਮਿੰਦਰ ਤਿਵਾੜੀ ਜੀ ਕਾਂਗਰਸ ਪਰਿਵਾਰ ਦੇ ਇੱਕ ਮਿਹਨਤੀ ਅਤੇ ਅਨਿੱਖੜਵਾਂ ਅੰਗ ਸਨ। ਦਿਨ-ਦਿਹਾੜੇ ਹੋਏ ਇਸ ਕਤਲ ਨੇ ਮੈਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀ ਹਮਦਰਦੀ ਪੀੜਤ ਪਰਿਵਾਰ ਦੇ ਨਾਲ ਹੈ।"
ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਕਾਤਲਾਂ ਦਾ ਪਤਾ ਲਗਾਇਆ ਜਾ ਸਕੇ।
Get all latest content delivered to your email a few times a month.