ਤਾਜਾ ਖਬਰਾਂ
ਪੰਜਾਬ ਵਿੱਚ ਸੰਗਠਿਤ ਅਪਰਾਧ ਅਤੇ ਨਾਜਾਇਜ਼ ਅਸਲ੍ਹਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 10 ਉੱਚ-ਕੋਟੀ ਦੇ ਆਧੁਨਿਕ ਸੈਲਫ-ਲੋਡਿੰਗ ਹਥਿਆਰ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫੜੇ ਗਏ ਮੁਲਜ਼ਮ ਬਿਹਾਰ ਤੋਂ ਦੇਸੀ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਸਪਲਾਈ ਕਰਦੇ ਸਨ। ਪੁਲਿਸ ਮੁਤਾਬਕ ਇਹ ਮਾਡਿਊਲ ਪਿਛਲੇ ਕਾਫੀ ਸਮੇਂ ਤੋਂ ਸਰਗਰਮ ਸੀ ਅਤੇ ਸੂਬੇ ਦੀ ਅਮਨ-ਸ਼ਾਂਤੀ ਲਈ ਵੱਡਾ ਖ਼ਤਰਾ ਬਣਿਆ ਹੋਇਆ ਸੀ।
ਜਾਂਚ ਵਿੱਚ ਇਹ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਇਲਾਕੇ ਵਿੱਚ ਆਪਣਾ ਦਬਦਬਾ ਕਾਇਮ ਕਰਨ ਲਈ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਪੁਲਿਸ ਅਨੁਸਾਰ ਇਨ੍ਹਾਂ ਨੇ ਗੋਲਡੀ ਢਿੱਲੋਂ ਨੈੱਟਵਰਕ ਨਾਲ ਜੁੜੇ ਇੱਕ ਵਿਰੋਧੀ ਅਪਰਾਧੀ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਸੀ। ਪੁਲਿਸ ਦੀ ਮੁਸਤੈਦੀ ਕਾਰਨ ਸਮਾਂ ਰਹਿੰਦੇ ਇਸ ਖ਼ੂਨੀ ਗੈਂਗਵਾਰ ਨੂੰ ਟਾਲ ਦਿੱਤਾ ਗਿਆ ਹੈ।
ਪਟਿਆਲਾ ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਿੱਥੇ-ਕਿੱਥੇ ਹੋਣੀ ਸੀ ਅਤੇ ਇਸ ਨੈੱਟਵਰਕ ਦੇ ਹੋਰ ਕਿਹੜੇ ਮੈਂਬਰ ਪੰਜਾਬ ਜਾਂ ਬਾਹਰਲੇ ਰਾਜਾਂ ਵਿੱਚ ਬੈਠੇ ਹਨ। ਪੁਲਿਸ ਦਾ ਕਹਿਣਾ ਹੈ ਕਿ 'ਬੈਕਵਰਡ' ਅਤੇ 'ਫਾਰਵਰਡ' ਲਿੰਕਸ ਫਰੋਲ ਕੇ ਪੂਰੇ ਗੈਂਗ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ।
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰ ਕਲਚਰ ਵਿਰੁੱਧ 'ਜ਼ੀਰੋ ਟੋਲਰੈਂਸ' ਨੀਤੀ ਅਪਣਾਈ ਗਈ ਹੈ। ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਅਜਿਹੇ ਅਪਰਾਧਿਕ ਨੈੱਟਵਰਕਾਂ ਨੂੰ ਤਹਿਸ-ਨਹਿਸ ਕਰਨਾ ਪੁਲਿਸ ਦੀ ਮੁੱਖ ਤਰਜੀਹ ਹੈ।
Get all latest content delivered to your email a few times a month.