IMG-LOGO
ਹੋਮ ਪੰਜਾਬ: ਭਾਜਪਾ ਦਫ਼ਤਰ ਹਮਲਾ: ਸੀਸੀਟੀਵੀ ਫੁਟੇਜ 'ਚ ਕੈਦ ਹੋਏ ਹਮਲਾਵਰ, ਪਾਕਿਸਤਾਨੀ...

ਭਾਜਪਾ ਦਫ਼ਤਰ ਹਮਲਾ: ਸੀਸੀਟੀਵੀ ਫੁਟੇਜ 'ਚ ਕੈਦ ਹੋਏ ਹਮਲਾਵਰ, ਪਾਕਿਸਤਾਨੀ 'ਗ੍ਰਨੇਡ' ਦੀ ਵਰਤੋਂ ਦਾ ਸ਼ੱਕ

Admin User - Apr 02, 2026 11:17 AM
IMG

ਚੰਡੀਗੜ੍ਹ : ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਸੂਬਾ ਹੈੱਡਕੁਆਰਟਰ 'ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ। ਘਟਨਾ ਦੀਆਂ ਸਾਹਮਣੇ ਆਈਆਂ ਦੋ ਨਵੀਆਂ ਸੀਸੀਟੀਵੀ (CCTV) ਵੀਡੀਓਜ਼ ਨੇ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੇ ਭੱਜਣ ਦੇ ਰਸਤੇ ਬਾਰੇ ਵੱਡੇ ਖੁਲਾਸੇ ਕੀਤੇ ਹਨ। ਫੁਟੇਜ ਵਿੱਚ ਦੋ ਸ਼ੱਕੀ ਹਮਲਾਵਰ ਹਮਲੇ ਤੋਂ ਕੁਝ ਮਿੰਟ ਪਹਿਲਾਂ ਦਫ਼ਤਰ ਦੇ ਨੇੜੇ ਰੇਕੀ ਕਰਦੇ ਅਤੇ ਫਿਰ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੁੰਦੇ ਸਾਫ਼ ਦਿਖਾਈ ਦੇ ਰਹੇ ਹਨ।


ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਮੁੱਢਲੀ ਪੜਤਾਲ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਹਮਲੇ ਵਿੱਚ ਪਾਕਿਸਤਾਨੀ ਮੂਲ ਦੇ GHD2P ਗ੍ਰਨੇਡ ਦੀ ਵਰਤੋਂ ਕੀਤੀ ਗਈ ਹੋ ਸਕਦੀ ਹੈ। ਵੀਡੀਓ ਵਿੱਚ ਇੱਕ ਅਣਪਛਾਤਾ ਵਿਅਕਤੀ ਗ੍ਰਨੇਡ ਦੀ ਪਿੰਨ ਕੱਢ ਕੇ ਉਸ ਨੂੰ ਭਾਜਪਾ ਦਫ਼ਤਰ ਵੱਲ ਸੁੱਟਦਾ ਨਜ਼ਰ ਆ ਰਿਹਾ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਉੱਥੇ ਖੜ੍ਹੀ ਇੱਕ ਸਕੂਟੀ ਦੇ ਪਰਖੱਚੇ ਉੱਡ ਗਏ ਅਤੇ ਆਸ-ਪਾਸ ਦੀਆਂ ਇਮਾਰਤਾਂ ਦੇ ਸ਼ੀਸ਼ੇ ਟੁੱਟ ਗਏ।


ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰਨ 'ਤੇ ਪਤਾ ਲੱਗਿਆ ਹੈ ਕਿ ਸ਼ਾਮ ਕਰੀਬ 5:00 ਵਜੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਸੜਕ ਪਾਰ ਕਰਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਭੱਜ ਗਏ। ਪੁਲਿਸ ਮੁਤਾਬਕ ਹਮਲਾਵਰਾਂ ਨੇ ਮੋਹਾਲੀ ਜ਼ਿਲ੍ਹੇ ਦੇ ਨਯਾਗਾਓਂ ਵੱਲ ਜਾਣ ਵਾਲਾ ਰਸਤਾ ਅਖ਼ਤਿਆਰ ਕੀਤਾ ਹੈ। ਇਸ ਜਾਣਕਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।


ਵੀਰਵਾਰ ਸਵੇਰ ਤੋਂ ਹੀ ਚੰਡੀਗੜ੍ਹ ਪੁਲਿਸ ਅਤੇ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ (CFSL) ਦੀਆਂ ਟੀਮਾਂ ਘਟਨਾ ਸਥਾਨ 'ਤੇ ਮੌਜੂਦ ਹਨ। ਪੂਰੇ ਇਲਾਕੇ ਨੂੰ ਸੀਲ ਕਰਕੇ ਡੰਪ ਡਾਟਾ ਅਤੇ ਹੋਰ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਲਗਭਗ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਘਟਨਾ ਨੇ ਸ਼ਹਿਰ ਦੀ ਸੁਰੱਖਿਆ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.