ਤਾਜਾ ਖਬਰਾਂ
ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਖੇਤਰ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਗੁਰਦਾਸਪੁਰ ਵਿਖੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਖਰੀਦ ਅਧਿਕਾਰੀ, ਡੀ.ਐਫ.ਐਸ.ਸੀ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਰਹੇ। ਮੀਟਿੰਗ ਦਾ ਮੁੱਖ ਉਦੇਸ਼ ਮੰਡੀਆਂ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਲੱਭਣਾ ਸੀ।
ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਪਿਛਲੇ ਸਾਲਾਂ ਵਾਂਗ ਇਸ ਵਾਰ ਵੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਲੱਸਟਰ ਵਾਈਜ਼ ਟਰਾਂਸਪੋਰਟ ਤੇ ਲੇਬਰ ਦੀ 100 ਫੀਸਦੀ ਉਪਲਬਧਤਾ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਲੇਬਰ ਠੇਕੇਦਾਰਾਂ ਵੱਲੋਂ ਗੁਦਾਮਾਂ ਦੇ ਸਮੇਂ ਵਿੱਚ ਵਾਧੇ ਦੀ ਮੰਗ ਕੀਤੀ ਗਈ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਮੰਤਰੀ ਨੇ ਅਧਿਕਾਰੀਆਂ ਨਾਲ ਸਲਾਹ ਮਸ਼ਵਰਾ ਕਰਕੇ ਗੁਦਾਮਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦਾ ਐਲਾਨ ਕੀਤਾ। ਇਸ ਫੈਸਲੇ ਦਾ ਸਵਾਗਤ ਕਰਦਿਆਂ ਠੇਕੇਦਾਰਾਂ ਨੇ ਕਿਹਾ ਕਿ ਇਸ ਨਾਲ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਤੇਜ਼ ਹੋਵੇਗੀ ਅਤੇ ਕਿਸਾਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਵਚਨਬੱਧ ਹੈ ਅਤੇ ਫਸਲ ਦੀ ਖਰੀਦ ਤੋਂ 24 ਘੰਟਿਆਂ ਅੰਦਰ ਭੁਗਤਾਨ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਆੜ੍ਹਤੀਆਂ ਦੀਆਂ ਮੰਗਾਂ ਬਾਰੇ ਕਿਹਾ ਕਿ ਇਹ ਕੇਂਦਰ ਸਰਕਾਰ ਨਾਲ ਸੰਬੰਧਿਤ ਮਾਮਲਾ ਹੈ, ਪਰ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਕੋਸ਼ਿਸ਼ ਜਾਰੀ ਰੱਖੇਗੀ।
Get all latest content delivered to your email a few times a month.