ਤਾਜਾ ਖਬਰਾਂ
ਚੰਡੀਗੜ੍ਹ, 3 ਅਪ੍ਰੈਲ :
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਪੱਛੜੇ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਲਈ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਨੂੰ 13.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਸਹਾਇਤਾ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਲਈ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਇਹ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਬਰਨਾਲਾ ਦੇ 70, ਬਠਿੰਡਾ ਦੇ 253, ਫਰੀਦਕੋਟ ਦੇ 13, ਫਿਰੋਜ਼ਪੁਰ ਦੇ 38, ਸ੍ਰੀ ਫਤਹਿਗੜ੍ਹ ਸਾਹਿਬ ਦੇ 72, ਗੁਰਦਾਸਪੁਰ ਦੇ 211, ਹੁਸ਼ਿਆਰਪੁਰ ਦੇ 267, ਲੁਧਿਆਣਾ ਦੇ 134 ਅਤੇ ਮਾਨਸਾ ਦੇ 275 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਦੇ 43, ਪਟਿਆਲਾ ਦੇ 129, ਪਠਾਨਕੋਟ ਦੇ 212, ਰੂਪਨਗਰ ਦੇ 336, ਐਸ.ਏ.ਐਸ. ਨਗਰ ਦੇ 163, ਐਸ.ਬੀ.ਐਸ. ਨਗਰ ਦੇ 29, ਸੰਗਰੂਰ ਦੇ 79, ਮਾਲੇਰਕੋਟਲਾ ਦੇ 171 ਅਤੇ ਤਰਨਤਾਰਨ ਦੇ 199 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਆਰਥਿਕ ਮਦਦ ਮਿਲਦੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ ਅਤੇ ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ। ਉਨ੍ਹਾਂ ਦੱਸਿਆ ਕਿ ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣ ਦੀ ਸਥਿਤੀ ਵਿੱਚ ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹੁੰਦੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾਂਦੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
Get all latest content delivered to your email a few times a month.