ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਅੱਜ ਮੋਗਾ ਕੇਂਦਰ ਬਿੰਦੂ ਬਣਿਆ ਹੋਇਆ ਹੈ। ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਸਥਾਨਕ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਇਸ ਮੌਕੇ ਜਿੱਥੇ ਪਾਰਟੀ ਆਪਣਾ ਸ਼ਕਤੀ ਪ੍ਰਦਰਸ਼ਨ ਕਰੇਗੀ, ਉੱਥੇ ਹੀ ਮੁੱਖ ਮੰਤਰੀ ਮੋਗਾ ਨਿਵਾਸੀਆਂ ਲਈ 83 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।
ਰੈਲੀ ਦੌਰਾਨ ਮੁੱਖ ਮੰਤਰੀ ਕਈ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ, ਜੋ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ। ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਜਿਨ੍ਹਾਂ ਨੇ ਸ਼ੁੱਕਰਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਲਿਆ ਸੀ, ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਕੋਲ ਸਰਕਾਰ ਦੇ ਕੰਮਾਂ 'ਤੇ ਉਂਗਲ ਚੁੱਕਣ ਲਈ ਕੋਈ ਮੁੱਦਾ ਨਹੀਂ ਬਚਿਆ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।
ਇੱਕ ਪਾਸੇ ਜਿੱਥੇ ਰੈਲੀ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਪਿੰਡ ਦੁਨੇਕੇ ਵਿਖੇ ਮੁੱਖ ਮੰਤਰੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਸਖ਼ਤ ਘੇਰਾਬੰਦੀ ਕਰਕੇ ਰੋਕ ਲਿਆ। ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਇਕ ਸ਼ਮਸ਼ਾਨਘਾਟ ਵਾਲੀ ਜਗ੍ਹਾ 'ਤੇ ਹਿਰਾਸਤ ਵਿੱਚ ਲੈ ਲਿਆ। ਰੈਲੀ ਵਾਲੀ ਥਾਂ ਵੱਲ ਵਧਣ ਤੋਂ ਰੋਕਣ ਲਈ ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਦੀ ਆਮਦ ਅਤੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹਨ। ਰੈਲੀ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
Get all latest content delivered to your email a few times a month.