ਤਾਜਾ ਖਬਰਾਂ
ਪੰਜਾਬ ਅਤੇ ਪੰਥਕ ਮਸਲਿਆਂ ਨੂੰ ਲੈ ਕੇ ਹੋਈ ਇਕ ਅਹਿਮ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਸ਼ਬਦਾਂ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਨੂੰ ਸਾਜ਼ਿਸ਼ ਕਰਾਰ ਦਿੱਤਾ, ਉਹ ਅਸਲ ਵਿੱਚ ਗੁਰੂ ਦੀ ਫਟਕਾਰ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਦੋ ਦਸੰਬਰ ਨੂੰ ਜਾਰੀ ਹੋਏ ਹੁਕਮਨਾਮਿਆਂ ਨਾਲ ਤਖ਼ਤ ਸਾਹਿਬ ਦੀ ਮਰਯਾਦਾ ਵਿਸ਼ਵ ਪੱਧਰ ’ਤੇ ਹੋਰ ਮਜ਼ਬੂਤ ਹੋਈ ਸੀ, ਪਰ ਬਾਅਦ ਵਿੱਚ ਕੁਝ ਲੋਕਾਂ ਵੱਲੋਂ ਇਸਨੂੰ ਕਲੰਕਿਤ ਕਰਨ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਦੋਸ਼ ਲਗਾਇਆ ਕਿ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਪਾਰਟੀ ਨੂੰ ਟਕਸਾਲੀ ਸੋਚ ਤੋਂ ਦੂਰ ਕਰਕੇ ਮਾਫੀਆ ਤੱਤਾਂ ਨਾਲ ਜੋੜਿਆ, ਜਿਸ ਨਾਲ ਪੰਥਕ ਸਿਧਾਂਤਾਂ ਨੂੰ ਨੁਕਸਾਨ ਪਹੁੰਚਿਆ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ।
ਮੀਟਿੰਗ ਦੌਰਾਨ ਹੋਰ ਆਗੂਆਂ ਨੇ ਵੀ ਕਿਹਾ ਕਿ ਦੋ ਦਸੰਬਰ ਦੀ ਘਟਨਾ ਦੌਰਾਨ ਜਿਹੜੀਆਂ ਗੱਲਾਂ ਮੰਨੀਆਂ ਗਈਆਂ, ਉਨ੍ਹਾਂ ਤੋਂ ਬਾਅਦ ਮੁਕਰ ਜਾਣਾ ਗੰਭੀਰ ਮਾਮਲਾ ਹੈ। ਉਨ੍ਹਾਂ ਨੇ ਇਸ ਨੂੰ ਸਿੱਖ ਮਰਯਾਦਾ ਦੇ ਖਿਲਾਫ ਕਰਾਰ ਦਿੱਤਾ ਅਤੇ ਲੋਕਾਂ ਨੂੰ ਅਸਲ ਸੱਚਾਈ ਨਾਲ ਜਾਣੂ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਦੌਰਾਨ ਕਈ ਸਥਾਨਕ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਰਹੇ, ਜਿਨ੍ਹਾਂ ਨੇ ਪੰਥਕ ਏਕਤਾ ਅਤੇ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਦੀ ਗੱਲ ਕੀਤੀ।
Get all latest content delivered to your email a few times a month.