IMG-LOGO
ਹੋਮ ਪੰਜਾਬ: ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ਤੇ...

ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ

Admin User - Apr 07, 2026 11:09 AM
IMG

ਅੰਮ੍ਰਿਤਸਰ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਇੱਕ ਪਾਸੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚੋਂ ਸੁੰਦਰ ਜਲੋ ਸਾਹਿਬ ਸਜਾਏ ਗਏ ਤੇ ਸੰਗਤਾਂ ਸਵੇਰ ਤੋਂ ਹੀ ਸੁੰਦਰ ਜਲੋਂ ਸਾਹਿਬ ਦੇ ਦਰਸ਼ਨ ਕਰ ਰਹੀਆਂ ਹਨ ਉੱਥੇ ਹੀ ਦੂਜੇ ਪਾਸੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸੰਗਤਾਂ ਜਨਮ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿੱਚ ਮੱਥਾ ਟੇਕ ਰਹੀਆਂ ਹਨ। ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਮੂਹ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।

ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਸਾਰੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਉਸ ਸਮੇਂ ਧਾਰਮਿਕ ਜ਼ੁਲਮ ਦੇ ਖ਼ਿਲਾਫ਼ ਖੜ੍ਹ ਕੇ ਤਿਲਕ ਤੇ ਜਨੇਊ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ, ਜੋ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਉਪਦੇਸ਼ “ਨਾ ਆਪ ਡਰਨਾ ਤੇ ਨਾ ਕਿਸੇ ਨੂੰ ਡਰਾਉਣਾ” ਅੱਜ ਵੀ ਸਾਨੂੰ ਸਹੀ ਰਾਹ ਦਿਖਾਉਂਦਾ ਹੈ। ਜਥੇਦਾਰ ਨੇ ਬੰਦੀ ਸਿੰਘਾਂ ਦੇ ਮਸਲੇ ‘ਤੇ ਗੱਲ ਕਰਦਿਆਂ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ ਅਤੇ ਸਮੂਹ ਪੰਥ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਸਿੱਖ ਧਾਰਮਿਕ ਨਿਸ਼ਾਨੀਆਂ ‘ਤੇ ਲੱਗ ਰਹੀਆਂ ਪਾਬੰਦੀਆਂ ਦਾ ਵੀ ਜ਼ਿਕਰ ਕੀਤਾ। ਜਥੇਦਾਰ ਨੇ ਕਿਹਾ ਕਿ ਕਿਰਪਾਨ ਸਿੱਖ ਧਰਮ ਦਾ ਅਟੁੱਟ ਅੰਗ ਹੈ ਅਤੇ ਇਸ ‘ਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀ ਸਿੱਖਾਂ ਦੇ ਸੰਵਿਧਾਨਕ ਹੱਕਾਂ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਵਾਈ ਅੱਡਿਆਂ ‘ਤੇ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਨਾਲ ਜਾਣ ‘ਤੇ ਲੱਗੀਆਂ ਪਾਬੰਦੀਆਂ ਨੂੰ ਤੁਰੰਤ ਵਾਪਸ ਲਿਆ ਜਾਵੇ।

ਲੋਕ ਸਭਾ ਵਿੱਚ “ਬੋਲੇ ਸੋ ਨਿਹਾਲ” ਦੇ ਜੈਕਾਰਿਆਂ ‘ਤੇ ਹੋਏ ਵਿਵਾਦ ਬਾਰੇ ਪੁੱਛੇ ਗਏ ਸਵਾਲ ‘ਤੇ ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਜੈਕਾਰਾ ਸਿੱਖ ਕੌਮ ਦੀ ਸ਼ਾਨ ਹੈ ਅਤੇ ਇਤਿਹਾਸ ਵਿੱਚ ਇਸਦਾ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਲਸਾਈ ਜੈਕਾਰਿਆਂ ਨੇ ਦੇਸ਼ ਅਤੇ ਕੌਮ ਵਿੱਚ ਹਮੇਸ਼ਾ ਚੜ੍ਹਦੀ ਕਲਾ ਪੈਦਾ ਕੀਤੀ ਹੈ ਅਤੇ ਇਹ ਸਿੱਖ ਇਤਿਹਾਸ ਦਾ ਅਹਿਮ ਹਿੱਸਾ ਹਨ।

ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਸਾਨੂੰ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਸੱਚ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ ਅਤੇ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਅਮਲ ਕਰਨਾ ਚਾਹੀਦਾ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.