ਤਾਜਾ ਖਬਰਾਂ
ਪੰਜਾਬ ਵਿੱਚ ਹੋਈ ਬੇਮੌਸਮੀ ਬਰਸਾਤ ਅਤੇ ਭਾਰੀ ਗੜ੍ਹੇਮਾਰੀ ਨੇ ਸੂਬੇ ਦੇ ਅੰਨਦਾਤੇ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਪੱਕਣ ਕਿਨਾਰੇ ਖੜ੍ਹੀ ਕਣਕ ਦੀ ਫਸਲ ਦੇ ਹੋਏ ਵੱਡੇ ਨੁਕਸਾਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਮਾਲ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਨੁਕਸਾਨ ਦਾ ਸਹੀ ਅੰਦਾਜ਼ਾ ਲਗਾ ਕੇ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਢਲੀਆਂ ਰਿਪੋਰਟਾਂ ਅਨੁਸਾਰ ਸੂਬੇ ਦੇ 1.25 ਲੱਖ ਏਕੜ ਤੋਂ ਵੱਧ ਖੇਤਰ ਵਿੱਚ ਫਸਲ ਪ੍ਰਭਾਵਿਤ ਹੋਈ ਹੈ। ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੀ ਮਦਦ ਲਈ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਕਰਮਚਾਰੀ ਫੀਲਡ ਵਿੱਚ ਤੈਨਾਤ ਕੀਤੇ ਗਏ ਹਨ। ਇਨ੍ਹਾਂ ਟੀਮਾਂ ਵਿੱਚ ਗਰੁੱਪ-ਏ ਦੇ 145 ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ, ਜੋ ਸੱਤ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਨੁਕਸਾਨ ਦਾ ਨਿਰੀਖਣ ਕਰਨਗੇ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮਾਲ ਵਿਭਾਗ ਨਾਲ ਬਿਹਤਰ ਤਾਲਮੇਲ ਬਣਾ ਕੇ ਰਿਪੋਰਟ ਤਿਆਰ ਕਰਨ।
ਮੌਸਮ ਵਿਭਾਗ ਅਨੁਸਾਰ ਅਜੇ ਖ਼ਤਰਾ ਟਲਿਆ ਨਹੀਂ ਹੈ। ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ 'ਆਰੇਂਜ ਅਲਰਟ' ਜਾਰੀ ਕਰਦਿਆਂ ਗੜ੍ਹੇਮਾਰੀ ਦੀ ਚੇਤਾਵਨੀ ਦਿੱਤੀ ਗਈ ਹੈ। ਦੂਜੇ ਪਾਸੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸਮੇਤ ਕਈ ਹੋਰ ਜ਼ਿਲ੍ਹਿਆਂ ਵਿੱਚ 'ਯੈਲੋ ਅਲਰਟ' ਰਹੇਗਾ, ਜਿੱਥੇ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਕਿਸਾਨਾਂ ਲਈ ਰਾਹਤ ਦੀ ਗੱਲ ਇਹ ਹੈ ਕਿ ਅੱਜ ਦੀ ਹਲਚਲ ਤੋਂ ਬਾਅਦ ਅਗਲੇ ਤਿੰਨ ਦਿਨ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨੀਆਂ ਮੁਤਾਬਕ 9 ਤੋਂ 11 ਅਪ੍ਰੈਲ ਤੱਕ ਸੂਬੇ ਵਿੱਚ ਮੀਂਹ ਜਾਂ ਗੜ੍ਹੇਮਾਰੀ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਨਾਲ ਵਾਢੀ ਦੇ ਕੰਮ ਵਿੱਚ ਲੱਗੇ ਕਿਸਾਨਾਂ ਨੂੰ ਕੁਝ ਰਾਹਤ ਮਿਲੇਗੀ।
Get all latest content delivered to your email a few times a month.