ਤਾਜਾ ਖਬਰਾਂ
ਪੰਜਾਬ ਵਿੱਚ ਕਣਕ ਖਰੀਦ ਸੀਜ਼ਨ ਦੀ ਅਧਿਕਾਰਕ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਪ੍ਰਕਿਰਿਆ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਦੌਰਾਨ ਕਿਸਾਨਾਂ ਦੀ ਸੁਵਿਧਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਅਪ੍ਰੈਲ ਮਹੀਨੇ ਲਈ ਸੂਬੇ ਨੂੰ 30,973 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਮਿਲੀ ਹੈ, ਜਦਕਿ 122 ਲੱਖ ਮੀਟ੍ਰਿਕ ਟਨ ਕਣਕ ਖਰੀਦ ਦਾ ਟੀਚਾ ਰੱਖਿਆ ਗਿਆ ਹੈ ਅਤੇ 132 ਲੱਖ ਮੀਟ੍ਰਿਕ ਟਨ ਤੱਕ ਖਰੀਦ ਲਈ ਤਿਆਰੀ ਪੂਰੀ ਹੈ।
ਮੰਤਰੀ ਨੇ ਕਿਹਾ ਕਿ ਪਿਛਲੇ ਅੱਠ ਖਰੀਦ ਸੀਜ਼ਨਾਂ ਵਾਂਗ ਇਸ ਵਾਰ ਵੀ ਸਰਕਾਰ ਵੱਲੋਂ ਕਿਸਾਨਾਂ ਦੀ ਹਰ ਫਸਲ ਦੀ ਪੂਰੀ ਖਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੰਡੀਆਂ ਵਿੱਚ ਆਈ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ 24 ਘੰਟਿਆਂ ਅੰਦਰ ਉਸ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕਣਕ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ 2,585 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ, ਜਿਸ ਦੀ ਦੇਖ-ਰੇਖ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤੀ ਜਾ ਰਹੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਲਈ ਸਟੋਰੇਜ, ਸਾਫ਼-ਸਫ਼ਾਈ, ਬਿਜਲੀ, ਪੀਣ ਵਾਲਾ ਪਾਣੀ ਅਤੇ ਬਾਥਰੂਮ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਕਿਸਾਨ ਆਪਣੀ ਫਸਲ 24 ਘੰਟਿਆਂ ਅੰਦਰ ਵੇਚ ਕੇ ਵਾਪਸ ਜਾ ਸਕਣਗੇ ਅਤੇ ਭੁਗਤਾਨ ਵੀ ਤੁਰੰਤ ਉਨ੍ਹਾਂ ਦੇ ਖਾਤਿਆਂ ਵਿੱਚ ਕਰ ਦਿੱਤਾ ਜਾਵੇਗਾ।
ਪ੍ਰਸ਼ਾਸਨ ਵੱਲੋਂ ਕਣਕ ਦੀ ਲਿਫਟਿੰਗ ਲਈ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਟੈਂਡਰ ਪਹਿਲਾਂ ਹੀ ਮੁਕੰਮਲ ਕੀਤੇ ਜਾ ਚੁੱਕੇ ਹਨ। ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਉਣ ਅਤੇ ਨਮੀ 12 ਫੀਸਦੀ ਤੋਂ ਵੱਧ ਨਾ ਹੋਵੇ ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।
ਇਸ ਸਮਾਗਮ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜਤੀਏ ਵੀ ਮੌਜੂਦ ਰਹੇ, ਜਿਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ 'ਤੇ ਸੰਤੋਖ ਪ੍ਰਗਟਾਇਆ।
Get all latest content delivered to your email a few times a month.