ਤਾਜਾ ਖਬਰਾਂ
ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਗੁਰੂ ਘਰ ਨਤਮਸਤਕ ਹੋ ਕੇ ਵਾਪਸ ਪਰਤ ਰਹੀਆਂ ਸੰਗਤਾਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਪਿੰਡ ਮੇਨ ਮਾਜਰੀ ਨੇੜੇ ਸ਼ਰਧਾਲੂਆਂ ਦੀ ਬੱਸ ਪਲਟਣ ਕਾਰਨ 6 ਕੀਮਤੀ ਜਾਨਾਂ ਚਲੇ ਜਾਣ 'ਤੇ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਆਪਣਾ ਸੰਦੇਸ਼ ਸਾਂਝਾ ਕਰਦਿਆਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਾਦਸੇ ਦੇ ਸ਼ਿਕਾਰ ਹੋਏ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰੀ ਤੰਤਰ ਨੂੰ ਪੂਰੀ ਤਰ੍ਹਾਂ ਹਰਕਤ ਵਿੱਚ ਰਹਿਣ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਮੁਸ਼ਕਲ ਦੀ ਇਸ ਘੜੀ ਵਿੱਚ ਇਨਸਾਨੀਅਤ ਦੀ ਮਿਸਾਲ ਪੇਸ਼ ਕਰਨ ਵਾਲੇ ਸਥਾਨਕ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਤੁਰੰਤ ਬਾਅਦ ਜਿਸ ਤੇਜ਼ੀ ਨਾਲ ਸਥਾਨਕ ਨਿਵਾਸੀਆਂ ਨੇ ਜ਼ਖ਼ਮੀਆਂ ਨੂੰ ਬੱਸ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ, ਉਹ ਸ਼ਲਾਘਾਯੋਗ ਕਦਮ ਹੈ।
ਜ਼ਿਕਰਯੋਗ ਹੈ ਕਿ ਚੁੰਨੀ-ਮੋਰਿੰਡਾ ਸੜਕ 'ਤੇ ਵਾਪਰੇ ਇਸ ਹਾਦਸੇ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਸਰਕਾਰ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਦੇ ਨਾਲ-ਨਾਲ ਪੀੜਤਾਂ ਨੂੰ ਬਣਦੀ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।
Get all latest content delivered to your email a few times a month.