ਤਾਜਾ ਖਬਰਾਂ
ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਨਜ਼ਰ ਆ ਰਹੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇਤਿਹਾਸਕ ਸ਼ਹਿਰ ਬਟਾਲਾ ਦੇ ਨਿਵਾਸੀਆਂ ਨੂੰ ਵੱਡੀ ਸੌਗਾਤ ਦੇਣ ਜਾ ਰਹੇ ਹਨ। ਮੁੱਖ ਮੰਤਰੀ ਵੱਲੋਂ ਅੱਜ ਬਟਾਲਾ ਦੇ ਵੱਖ-ਵੱਖ ਹਲਕਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਜਾਵੇਗੀ।
ਮੁੱਖ ਮੰਤਰੀ ਦੇ ਇਸ ਦੌਰੇ ਦੌਰਾਨ ਵੱਖ-ਵੱਖ ਵਿਭਾਗਾਂ ਰਾਹੀਂ ਹੇਠ ਲਿਖੇ ਵੱਡੇ ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿੱਤੀ ਜਾਵੇਗੀ:
ਨਗਰ ਨਿਗਮ ਬਟਾਲਾ: ਸ਼ਹਿਰੀ ਸਹੂਲਤਾਂ ਵਿੱਚ ਵਾਧਾ ਕਰਨ ਲਈ 95.72 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ।
ਪੰਜਾਬ ਮੰਡੀ ਬੋਰਡ: ਪੇਂਡੂ ਅਤੇ ਮੰਡੀਕਰਨ ਢਾਂਚੇ ਨੂੰ ਮਜ਼ਬੂਤ ਕਰਨ ਲਈ 16.10 ਕਰੋੜ ਰੁਪਏ ਦੇ ਪ੍ਰੋਜੈਕਟ।
ਲੋਕ ਨਿਰਮਾਣ ਵਿਭਾਗ (P.W.D): ਇਲਾਕੇ ਦੀਆਂ ਸੜਕਾਂ ਦੇ ਜਾਲ ਨੂੰ ਹੋਰ ਬਿਹਤਰ ਬਣਾਉਣ ਲਈ 65.09 ਕਰੋੜ ਰੁਪਏ ਦੀ ਰਾਸ਼ੀ ਨਾਲ ਬਣਨ ਵਾਲੀਆਂ ਸੜਕਾਂ ਦਾ ਨੀਂਹ ਪੱਥਰ।
ਬਟਾਲਾ ਸ਼ਹਿਰ ਦੀ ਸਭ ਤੋਂ ਵੱਡੀ ਦਿੱਕਤ ਭਾਵ ਟ੍ਰੈਫਿਕ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ, ਮੁੱਖ ਮੰਤਰੀ ਵੱਲੋਂ ਇੱਕ ਨਵੇਂ ਹਾਈ-ਟੈਕ ਬੱਸ ਸਟੈਂਡ ਦੇ ਨਿਰਮਾਣ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ਹਿਰ ਦੀ ਸੁਰੱਖਿਆ ਨੂੰ ਪੁਖ਼ਤਾ ਕਰਨ ਲਈ ਨਵੀਂ ਪੁਲਿਸ ਲਾਈਨ ਸਥਾਪਤ ਕਰਨ ਦੀ ਯੋਜਨਾ ਵੀ ਤਿਆਰ ਹੈ।
ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਕੁਝ ਅਹਿਮ ਪੁਲਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਜਿਨ੍ਹਾਂ ਵਿੱਚ ਸ਼ਾਮਲ ਹਨ:
ਮੰਸੂਰਕੇ ਕੋਟਲਾ ਡਰੇਨ 'ਤੇ ਪੁਲ, ਗ੍ਰੇਟਰ ਕੈਲਾਸ਼ ਨੇੜੇ ਹੰਸਾਲੀ ਡਰੇਨ 'ਤੇ ਪੁਲ, ਕਸੂਰ ਡਰੇਨ 'ਤੇ ਨਵਾਂ ਪੁਲ
"ਸਾਡੀ ਸਰਕਾਰ ਦਾ ਇੱਕੋ-ਇੱਕ ਮਕਸਦ ਪੰਜਾਬ ਦੇ ਹਰ ਕੋਨੇ ਤੱਕ ਵਿਕਾਸ ਦੀ ਰੌਸ਼ਨੀ ਪਹੁੰਚਾਉਣਾ ਹੈ। ਬਟਾਲਾ ਵਾਸੀਆਂ ਦੀਆਂ ਚਿਰੋਕਣੀ ਮੰਗਾਂ ਅੱਜ ਪੂਰੀਆਂ ਹੋਣ ਜਾ ਰਹੀਆਂ ਹਨ।"
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਿਸ਼ਾਲ ਜਨਸਭਾ ਨੂੰ ਵੀ ਸੰਬੋਧਨ ਕਰਨਗੇ, ਜਿੱਥੇ ਉਹ ਪੰਜਾਬ ਸਰਕਾਰ ਦੀਆਂ ਭਵਿੱਖੀ ਯੋਜਨਾਵਾਂ ਅਤੇ ਸੂਬੇ ਦੀ ਤਰੱਕੀ ਬਾਰੇ ਪੰਜਾਬ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਪ੍ਰਸ਼ਾਸਨ ਵੱਲੋਂ ਇਸ ਸਮਾਗਮ ਲਈ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
Get all latest content delivered to your email a few times a month.