ਤਾਜਾ ਖਬਰਾਂ
ਖੰਨਾ: ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਮੰਜਾ ਮਾਰਕੀਟ ਵਿੱਚ ਬੀਤੀ ਦੇਰ ਰਾਤ ਇੱਕ ਕੱਪੜੇ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਹਾਦਸੇ ਵਿੱਚ ਦੁਕਾਨਦਾਰ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਬੜੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਅਤੇ ਆਸ-ਪਾਸ ਦੀਆਂ ਦੁਕਾਨਾਂ ਨੂੰ ਚਪੇਟ ਵਿੱਚ ਆਉਣ ਤੋਂ ਬਚਾਇਆ।
ਜਾਣਕਾਰੀ ਅਨੁਸਾਰ ਦੁਕਾਨ ਦੇ ਮਾਲਕ ਸੋਨੂ ਜੌਹਰ ਰੋਜ਼ਾਨਾ ਦੀ ਤਰ੍ਹਾਂ ਰਾਤ ਕਰੀਬ ਸਾਢੇ ਸੱਤ ਵਜੇ ਆਪਣਾ ਕਾਰੋਬਾਰ ਬੰਦ ਕਰਕੇ ਘਰ ਗਏ ਸਨ। ਰਾਤ ਕਰੀਬ 9 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੁਕਾਨ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਤੱਕ ਉਹ ਮੌਕੇ 'ਤੇ ਪਹੁੰਚੇ, ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਕੱਪੜਾ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲੀ ਅਤੇ ਅੰਦਰ ਪਿਆ ਫਰਨੀਚਰ ਤੇ ਸਟਾਕ ਮਿੰਟਾਂ ਵਿੱਚ ਹੀ ਸੁਆਹ ਹੋ ਗਿਆ।
ਪੀੜਤ ਦੁਕਾਨਦਾਰ ਅਨੁਸਾਰ ਇਸ ਅਗਨੀਕਾਂਡ ਵਿੱਚ ਉਸ ਦਾ ਕਰੀਬ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਮੁੱਢਲੀ ਜਾਂਚ ਵਿੱਚ ਬਿਜਲੀ ਦਾ ਸ਼ਾਰਟ ਸਰਕਟ ਹੀ ਅੱਗ ਲੱਗਣ ਦਾ ਮੁੱਖ ਕਾਰਨ ਜਾਪ ਰਿਹਾ ਹੈ।
ਘਟਨਾ ਦੀ ਖ਼ਬਰ ਮਿਲਦਿਆਂ ਹੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਕਾਸ ਮਹਿਤਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਪੀੜਤ ਦੁਕਾਨਦਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਅਜਿਹੇ ਤੰਗ ਬਾਜ਼ਾਰਾਂ ਵਿੱਚ ਬਿਜਲੀ ਦੀਆਂ ਤਾਰਾਂ ਅਤੇ ਸੁਰੱਖਿਆ ਪ੍ਰਬੰਧਾਂ ਵੱਲ ਖ਼ਾਸ ਧਿਆਨ ਦਿੱਤਾ ਜਾਵੇ।
Get all latest content delivered to your email a few times a month.