ਤਾਜਾ ਖਬਰਾਂ
ਜਲਾਲਾਬਾਦ: ਸਥਾਨਕ ਖੇਤਰ ਦੇ ਪਿੰਡ ਸੁਖੇਰਾ ਬੋਦਲਾ ਵਿੱਚ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਦੇ ਸਰਪੰਚ 'ਤੇ ਇੱਕ ਮਹਿਲਾ ਨੇ ਘਰ ਵਿੱਚ ਇਕੱਲੀ ਦੇਖ ਕੇ ਜ਼ਬਰ-ਜਨਾਹ ਦੀ ਕੋਸ਼ਿਸ਼ ਕਰਨ ਅਤੇ ਵਿਰੋਧ ਕਰਨ 'ਤੇ ਪਰਿਵਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਸੰਗੀਨ ਇਲਜ਼ਾਮ ਲਗਾਏ ਹਨ। ਪੀੜਤਾ ਇਸ ਵੇਲੇ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰ ਰਹੀ ਹੈ। ਦੂਜੇ ਪਾਸੇ ਸਰਪੰਚ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ।
ਪੀੜਤ ਮਹਿਲਾ ਅਨੁਸਾਰ ਇਹ ਘਟਨਾ 15 ਅਪ੍ਰੈਲ ਦੀ ਹੈ। ਉਸ ਨੇ ਦੱਸਿਆ ਕਿ ਜਦੋਂ ਉਸ ਦਾ ਭਰਾ ਅਤੇ ਮਾਤਾ ਇੱਕ ਭੋਗ ਸਮਾਗਮ ਵਿੱਚ ਗਏ ਹੋਏ ਸਨ, ਤਾਂ ਸਰਪੰਚ ਜਸਵਿੰਦਰ ਸਿੰਘ ਆਧਾਰ ਕਾਰਡ ਲੈਣ ਦੇ ਬਹਾਨੇ ਉਸ ਦੇ ਘਰ ਆਇਆ। ਪੀੜਤਾ ਦਾ ਇਲਜ਼ਾਮ ਹੈ ਕਿ ਸਰਪੰਚ ਨੇ ਉਸ ਨੂੰ ਇਕੱਲੀ ਦੇਖ ਕੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਮਹਿਲਾ ਦੀ ਮਾਤਾ ਨੇ ਦੱਸਿਆ ਕਿ ਸਰਪੰਚ ਨੇ ਪਹਿਲਾਂ ਫੋਨ ਕਰਕੇ ਉਨ੍ਹਾਂ ਦੀ ਲੋਕੇਸ਼ਨ ਜਾਣੀ ਸੀ ਅਤੇ ਫਿਰ ਪਿੱਛੋਂ ਘਰ ਵਿੱਚ ਇਸ ਘਿਨੌਣੀ ਕਰਤੂਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ।
ਪੀੜਤਾ ਨੇ ਅੱਗੇ ਦੱਸਿਆ ਕਿ ਜਦੋਂ ਉਸ ਦਾ ਪਰਿਵਾਰ ਸਮਾਗਮ ਤੋਂ ਵਾਪਸ ਆਇਆ ਅਤੇ ਉਨ੍ਹਾਂ ਨੇ ਸਰਪੰਚ ਦੀ ਇਸ ਹਰਕਤ ਦਾ ਵਿਰੋਧ ਕੀਤਾ, ਤਾਂ ਸਰਪੰਚ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਪੂਰੇ ਪਰਿਵਾਰ 'ਤੇ ਹਮਲਾ ਕਰ ਦਿੱਤਾ। ਪੀੜਤ ਧਿਰ ਨੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਸਰਪੰਚ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।
ਦੂਜੇ ਪਾਸੇ, ਸਰਪੰਚ ਜਸਵਿੰਦਰ ਸਿੰਘ ਨੇ ਆਪਣੇ 'ਤੇ ਲੱਗੇ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ "ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ" ਹੋਣਾ ਚਾਹੀਦਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਅਧਿਕਾਰੀ ਸ਼ਿਮਲਾ ਰਾਣੀ ਨੇ ਹਸਪਤਾਲ ਪਹੁੰਚ ਕੇ ਪੀੜਤਾ ਦੇ ਬਿਆਨ ਕਲਮਬੱਧ ਕਰ ਲਏ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਜਾਂਚ ਅਧੀਨ ਹੈ ਅਤੇ ਤੱਥਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Get all latest content delivered to your email a few times a month.