ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਨੇ ਕਈ ਅਹਿਮ ਫੈਸਲੇ ਲਏ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨ ਦੀ ਕੜੀ ਆਲੋਚਨਾ ਕਰਦਿਆਂ ਕਿਹਾ ਕਿ 2 ਦਸੰਬਰ 2024 ਦੇ ਹੁਕਮਨਾਮੇ ਨੂੰ ਸਾਜ਼ਿਸ਼ ਕਰਾਰ ਦੇਣਾ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੇ ਖ਼ਿਲਾਫ਼ ਹੈ। ਉਨ੍ਹਾਂ ਦਲੀਲ ਦਿੱਤੀ ਕਿ ਇਹ ਫੈਸਲਾ ਸੁਖਬੀਰ ਬਾਦਲ ਦੇ ਆਪਣੇ ਕਬੂਲਨਾਮੇ ਦੇ ਆਧਾਰ ‘ਤੇ ਹੋਇਆ ਸੀ, ਇਸ ਲਈ ਇਸਨੂੰ ਸਾਜ਼ਿਸ਼ ਕਹਿਣਾ ਗੰਭੀਰ ਧਾਰਮਿਕ ਉਲੰਘਣਾ ਹੈ।
ਪਾਰਟੀ ਨੇ ਐਲਾਨ ਕੀਤਾ ਕਿ ਇਸ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਅੱਗੇ ਮੰਗ ਪੱਤਰ ਪੇਸ਼ ਕਰਕੇ ਸੁਖਬੀਰ ਬਾਦਲ ਦੀ ਜਵਾਬਦੇਹੀ ਨਿਸ਼ਚਿਤ ਕਰਨ ਦੀ ਮੰਗ ਕੀਤੀ ਜਾਵੇਗੀ। ਨਾਲ ਹੀ ਵੱਖ-ਵੱਖ ਪੰਥਕ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਇਕਾਈਆਂ ਨਾਲ ਮਿਲ ਕੇ ਸਾਂਝੀ ਰਣਨੀਤੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।
ਪ੍ਰੈਸ ਕਾਨਫਰੰਸ ਵਿੱਚ SGPC ਚੋਣਾਂ ਨੂੰ ਲੈ ਕੇ ਵੀ ਚਿੰਤਾ ਜਤਾਈ ਗਈ। ਆਗੂਆਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਚੋਣਾਂ ਨਾ ਹੋਣ ਕਾਰਨ ਪ੍ਰਬੰਧਕੀ ਪ੍ਰਣਾਲੀ ਪ੍ਰਭਾਵਿਤ ਹੋ ਰਹੀ ਹੈ ਅਤੇ ਕੇਂਦਰ ਸਰਕਾਰ ਨੂੰ ਜਲਦੀ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ, ਨਹੀਂ ਤਾਂ ਪਾਰਟੀ ਵੱਲੋਂ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਬੀਬੀ ਜਗੀਰ ਕੌਰ ਨੇ ਵੀ ਕਿਹਾ ਕਿ ਸੁਖਬੀਰ ਬਾਦਲ ਦੇ ਬਿਆਨਾਂ ਨਾਲ ਪੰਥਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਹ ਅਕਾਲ ਤਖ਼ਤ ਦੀ ਅਥਾਰਟੀ ਨੂੰ ਚੁਣੌਤੀ ਦੇਣ ਵਰਗਾ ਹੈ। ਉਨ੍ਹਾਂ ਨੇ ਸਿਆਸਤ ਵਿੱਚ ਮਹਿਲਾਵਾਂ ਦੀ ਭੂਮਿਕਾ ਵਧਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਮਹਿਲਾਵਾਂ ਨੂੰ ਵੱਧ ਮੌਕੇ ਦਿੱਤੇ ਜਾਣਗੇ। ਨਾਲ ਹੀ ਉਨ੍ਹਾਂ ਸਿਆਸੀ ਬੋਲੀ ਦੇ ਡਿੱਗਦੇ ਮਿਆਰ ‘ਤੇ ਚਿੰਤਾ ਜਤਾਈ ਅਤੇ ਵੱਖ-ਵੱਖ ਧਿਰਾਂ ਨਾਲ ਮਿਲ ਕੇ ਸਾਂਝਾ ਮੋਰਚਾ ਬਣਾਉਣ ਦੀ ਗੱਲ ਵੀ ਦੋਹਰਾਈ।
Get all latest content delivered to your email a few times a month.