ਤਾਜਾ ਖਬਰਾਂ
ਇਟਲੀ ਦੇ ਜ਼ਿਲ੍ਹਾ ਬੈਰਗਾਮੋ ਅਧੀਨ ਆਉਂਦੇ ਸ਼ਹਿਰ ਕੋਬੋ ਵਿੱਚ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਦੇ ਬਾਹਰ ਵਾਪਰੀ ਇੱਕ ਖੂਨੀ ਵਾਰਦਾਤ ਨੇ ਪੂਰੇ ਯੂਰਪੀ ਸਿੱਖ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਪੂਰਵ ਸੰਧਿਆ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਫਾਇਰਿੰਗ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੁੱਖ ਸੇਵਾਦਾਰਾਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਗੁਰੂ ਘਰ ਵਿਖੇ ਵਿਸਾਖੀ ਸਬੰਧੀ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਸਨ। ਸ਼ੁੱਕਰਵਾਰ ਨੂੰ ਜਦੋਂ ਸੰਗਤਾਂ ਮੱਥਾ ਟੇਕ ਕੇ ਵਾਪਸ ਘਰਾਂ ਨੂੰ ਪਰਤ ਰਹੀਆਂ ਸਨ, ਤਾਂ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ 'ਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਗੋਲੀਬਾਰੀ ਵਿੱਚ ਗੁਰਦੁਆਰਾ ਕਮੇਟੀ ਦੇ ਸਰਗਰਮ ਸੇਵਾਦਾਰ ਰਜਿੰਦਰ ਸਿੰਘ ਰੰਮੀ ਅਤੇ ਗੁਰਮੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਘਟਨਾ ਤੋਂ ਬਾਅਦ ਇਟਲੀ ਵਿੱਚ ਵੱਸਦੇ ਭਾਰਤੀ ਭਾਈਚਾਰੇ ਵਿੱਚ ਮਾਤਮ ਪਸਰ ਗਿਆ ਹੈ। ਹਾਲਾਤ ਦੀ ਗੰਭੀਰਤਾ ਅਤੇ ਸੋਗ ਦੇ ਮੱਦੇਨਜ਼ਰ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦਾ ਪ੍ਰੋਗਰਾਮ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਸਥਾਨਕ ਸਿੱਖ ਆਗੂਆਂ ਨੇ ਇਸ ਕਾਇਰਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ।
ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਇਟਾਲੀਅਨ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
Get all latest content delivered to your email a few times a month.