ਤਾਜਾ ਖਬਰਾਂ
ਪਟਿਆਲਾ ਵਿੱਚ ਅਪਰਾਧ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕੁੱਲ 7 ਬਦਨਾਮ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀਆਂ ਵੱਖ-ਵੱਖ ਮਾਮਲਿਆਂ ਨਾਲ ਸੰਬੰਧਿਤ ਹਨ ਅਤੇ ਇਨ੍ਹਾਂ ਕੋਲੋਂ ਨਾਜਾਇਜ਼ ਹਥਿਆਰਾਂ ਦੇ ਨਾਲ ਲੁੱਟੇ ਹੋਏ ਸੋਨੇ-ਚਾਂਦੀ ਦੇ ਗਹਿਣੇ ਅਤੇ ਲਗਭਗ 5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ।
ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਕਾਰਵਾਈ ਦੌਰਾਨ ਤਿੰਨ ਖ਼ਤਰਨਾਕ ਸ਼ੂਟਰਾਂ ਨੂੰ ਵੀ ਕਾਬੂ ਕੀਤਾ ਗਿਆ ਹੈ, ਜੋ ਗੋਲੀਬਾਰੀ ਅਤੇ ਜਬਰੀ ਵਸੂਲੀ ਦੇ ਕਈ ਮਾਮਲਿਆਂ ਵਿੱਚ ਲਿਪਤ ਸਨ। ਇਹ ਸ਼ੂਟਰ ਵਿਦੇਸ਼ ਵਿੱਚ ਬੈਠੇ ਇੱਕ ਭਗੌੜੇ ਅਪਰਾਧੀ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਪੁਲਿਸ ਨੇ ਉਨ੍ਹਾਂ ਕੋਲੋਂ .30 ਬੋਰ ਦੇ 2 ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਕਾਰਵਾਈ ਨਾਲ ਇੱਕ ਵੱਡੀ ਸਾਜ਼ਿਸ਼ ਨੂੰ ਵੀ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।
ਇਸ ਤੋਂ ਇਲਾਵਾ, ਮਾਡਲ ਟਾਊਨ ਲੁੱਟ ਮਾਮਲੇ ਵਿੱਚ ਪੁਲਿਸ ਨੇ 3 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 5 ਲੱਖ ਰੁਪਏ ਦੀ ਨਕਦੀ, ਕਰੀਬ 8 ਤੋਲਾ ਸੋਨਾ ਅਤੇ 2 ਕਿਲੋ ਚਾਂਦੀ ਬਰਾਮਦ ਕੀਤੀ ਹੈ। ਇੱਕ ਹੋਰ ਕਾਰਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਨਾਲ ਜੁੜੇ ਇੱਕ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ ਗਿਆ ਹੈ, ਜਿਸ ਕੋਲੋਂ .32 ਬੋਰ ਪਿਸਤੌਲ ਮਿਲੀ ਹੈ।
ਪਟਿਆਲਾ ਪੁਲਿਸ ਨੇ ਇਸ ਕਾਰਵਾਈ ਨੂੰ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ਦਾ ਹਿੱਸਾ ਦੱਸਦੇ ਹੋਏ ਕਿਹਾ ਹੈ ਕਿ ਅਪਰਾਧੀਆਂ ਖ਼ਿਲਾਫ਼ ਇਸ ਤਰ੍ਹਾਂ ਦੀਆਂ ਸਖ਼ਤ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਪੁਲਿਸ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਮੌਕੇ ਐਸਪੀ ਗੁਰਬੰਸ ਬੈਂਸ, ਐਸਐਚਓ ਪ੍ਰਦੀਪ ਬਾਜਵਾ ਅਤੇ ਉਨ੍ਹਾਂ ਦੀਆਂ ਟੀਮਾਂ ਵੀ ਮੌਜੂਦ ਸਨ।
Get all latest content delivered to your email a few times a month.