ਤਾਜਾ ਖਬਰਾਂ
ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲੇ ਵਿੱਚ ਇੱਕ ਅਹਿਮ ਮੋੜ ਆਇਆ ਹੈ। ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ 'ਤੇ ਲਗਾਈ ਗਈ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਹੁਣ ਪੂਰੀ ਹੋ ਚੁੱਕੀ ਹੈ। ਇਸੇ ਦੌਰਾਨ ਪੰਜਾਬ ਪੁਲਿਸ ਨੇ ਅਜਨਾਲਾ ਹਿੰਸਾ ਕਾਂਡ ਨਾਲ ਸਬੰਧਤ ਮਾਮਲੇ ਵਿੱਚ ਉਨ੍ਹਾਂ ਦੀ ਪੁੱਛਗਿੱਛ ਅਤੇ ਕਾਨੂੰਨੀ ਕਾਰਵਾਈ ਤੇਜ਼ ਕਰ ਦਿੱਤੀ ਹੈ।
ਭਲਕੇ ਅਜਨਾਲਾ ਦੀ ਮਾਨਯੋਗ ਅਦਾਲਤ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ। ਇਹ ਕਾਰਵਾਈ ਅਜਨਾਲਾ ਥਾਣੇ ਵਿੱਚ ਦਰਜ ਐਫ.ਆਈ.ਆਰ. ਨੰਬਰ 39 ਦੇ ਸਬੰਧ ਵਿੱਚ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਉਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਵਿੱਚ ਹੀ ਰੱਖ ਕੇ ਜਾਂਚ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਦੇ ਡੀ.ਐਸ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟੀਮ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਚੁੱਕੀ ਹੈ। ਪੁਲਿਸ ਸੂਤਰਾਂ ਅਨੁਸਾਰ, ਅਦਾਲਤੀ ਪੇਸ਼ੀ ਦੌਰਾਨ ਪੁਲਿਸ ਅੰਮ੍ਰਿਤਪਾਲ ਸਿੰਘ ਦਾ ਰਿਮਾਂਡ ਹਾਸਲ ਕਰਨ ਦੀ ਮੰਗ ਕਰ ਸਕਦੀ ਹੈ ਤਾਂ ਜੋ ਅਜਨਾਲਾ ਘਟਨਾਕ੍ਰਮ ਦੀਆਂ ਪਰਤਾਂ ਖੋਲ੍ਹੀਆਂ ਜਾ ਸਕਣ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਰਿਤੂਰਾਜ ਸਿੰਘ ਸੰਧੂ ਨੇ ਦੱਸਿਆ ਕਿ:
ਇਹ ਮਾਮਲਾ ਇਰਾਦਾ-ਏ-ਕਤਲ (ਧਾਰਾ 307) ਸਮੇਤ ਹੋਰ ਕਈ ਸੰਗੀਨ ਧਾਰਾਵਾਂ ਅਧੀਨ ਦਰਜ ਹੈ।
ਇਸ ਕੇਸ ਵਿੱਚ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਸਾਥੀ ਪੱਪਲਪ੍ਰੀਤ ਸਿੰਘ ਅਤੇ ਹੋਰਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।
ਬਾਕੀ ਮੁਲਜ਼ਮਾਂ ਦੀ ਅਦਾਲਤੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਹੁਣ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਨਾਲ ਜਾਂਚ ਅਗਲੇ ਪੜਾਅ 'ਤੇ ਪਹੁੰਚੇਗੀ।
NSA ਖ਼ਤਮ ਹੋਣ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਇਸ ਪੇਸ਼ੀ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਕਾਨੂੰਨੀ ਮਾਹਿਰਾਂ ਮੁਤਾਬਕ, NSA ਹਟਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਨੂੰ ਆਮ ਅਪਰਾਧਿਕ ਮਾਮਲਿਆਂ ਵਿੱਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਇਸ ਕੇਸ ਵਿੱਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
Get all latest content delivered to your email a few times a month.