ਤਾਜਾ ਖਬਰਾਂ
ਖੰਨਾ, (ਲੁਧਿਆਣਾ), 23 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ, ਖੰਨਾ ਦੇ ਮਾਰਕੀਟ ਕਮੇਟੀ ਦੇ ਮੀਟਿੰਗ ਹਾਲ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਖਰੀਦ ਏਜੰਸੀਆਂ ਦੇ ਮੁਖੀਆਂ, ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਸਬੰਧਿਤ ਵਿਭਾਗਾਂ ਅਤੇ ਆੜ੍ਹਤੀਆ ਐਸੋਸੀਏਸ਼ਨ ਖੰਨਾ ਨਾਲ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ ਅਤੇ ਉਪ ਮੰਡਲ ਮੈਜਿਸਟ੍ਰੇਟ ਖੰਨਾ ਸਵਾਤੀ ਟਿਵਾਣਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸੌਂਦ ਨੇ ਇਸ ਮੀਟਿੰਗ ਵਿੱਚ ਸਾਰਿਆਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ ਤਾਂ ਜੋ ਮੌਜੂਦਾ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਕਣਕ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਕਿ ਅਨਾਜ ਮੰਡੀ ਵਿੱਚ ਆਏ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਤਰੁੰਤ ਕੀਤੀ ਜਾਵੇ ਅਤੇ ਖਰੀਦ ਕੀਤੀ ਕਣਕ ਦੀ ਸਮੇਂ ਸਿਰ ਲਿਫਟਿੰਗ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ।
ਮੰਤਰੀ ਸੌਂਦ ਨੇ ਆੜਤੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਸ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਚੇਅਰਮੈਨ ਮਾਰਕੀਟ ਕਮੇਟੀ ਖੰਨਾ, ਉਪ ਮੰਡਲ ਮਜਿਸਟਰੇਟ ਖੰਨਾ ਅਤੇ ਜਾਂ ਉਨ੍ਹਾਂ ਦੇ ਨਾਲ ਸਿੱਧੇ ਤੌਰ 'ਤੇ ਧਿਆਨ ਵਿੱਚ ਲਿਆ ਸਕਦੇ ਹਨ। ਇਸ ਕਣਕ ਦੇ ਸੀਜਨ ਦੌਰਾਨ ਕਿਸੇ ਵੀ ਕਿਸਾਨ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਣਕ ਦੇ ਖਰੀਦ ਸੀਜਨ ਨੂੰ ਬਹੁਤ ਚੰਗੇ ਤਰੀਕੇ ਨਾਲ ਸਿਰੇ ਲਗਾ ਦਿੱਤਾ ਜਾਵੇਗਾ। ਜੇਕਰ ਕਿਸੇ ਵੀ ਕਿਸਮ ਦੀ ਦਿੱਕਤ ਆਉਂਦੀ ਹੈ ਤਾਂ ਸਾਰਾ ਪ੍ਰਸ਼ਾਸਨ ਤੁਹਾਡੇ ਲਈ ਹਾਜ਼ਰ ਹੈ।
ਬਾਅਦ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਕਣਕ ਦੀ ਖਰੀਦ ਦਾ ਸੀਜ਼ਨ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਵੀ ਪੰਜਾਬ ਦੀ ਅਨਾਜ ਮੰਡੀ ਵਿੱਚ ਕੋਈ ਮੁਸ਼ਕਲ ਨਾ ਆਵੇ।
ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਪੱਕਾ ਕਰਨ ਲਈ ਉਨ੍ਹਾਂ ਨੇ ਏਸ਼ੀਆ ਦੀ ਸਭ ਵੱਡੀ ਅਨਾਜ ਮੰਡੀ ਖੰਨਾ ਵਿੱਚ ਪਹੁੰਚ ਕੇ ਪ੍ਰਸ਼ਾਸਨਿਕ ਅਧਿਕਾਰੀਆਂ, ਖਰੀਦ ਏਜੰਸੀਆਂ ਦੇ ਮੁਖੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਕਣਕ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ।
ਉਨ੍ਹਾਂ ਦੱਸਿਆ ਕਿ ਖੰਨਾ ਦੀ ਅਨਾਜ ਮੰਡੀ ਇਸ ਸਮੇਂ ਜ਼ਿਲ੍ਹੇ ਵਿੱਚ ਸਭ ਤੋਂ ਅੱਗੇ ਹੈ। ਹੁਣ ਤੱਕ 61ਫੀਸਦੀ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਬਾਕੀ 40 ਫੀਸਦੀ ਰਹਿੰਦੀ ਲਿਫਟਿੰਗ ਵੀ ਅਗਲੇ 5–7 ਦਿਨਾਂ ਵਿੱਚ ਹੋ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ ਕਿਸੇ ਆੜਤੀਏ ਨੇ ਆਪਣੀ ਤਰਫੋਂ (ਪ੍ਰਾਈਵੇਟ) ਲਿਫਟਿੰਗ ਕਰਵਾਈ ਹੈ, ਉਨ੍ਹਾਂ ਦਾ ਲਿਫਟਿੰਗ ਖਰਚਾ ਵੀ ਵਾਪਸ ਕੀਤਾ ਜਾਵੇਗਾ ਤਾਂ ਜੋ ਕਿਸੇ ਨੂੰ ਨੁਕਸਾਨ ਨਾ ਹੋਵੇ।
ਉਨ੍ਹਾਂ ਨੇ ਦੱਸਿਆ ਕਿ ਖੰਨਾ ਅਨਾਜ ਮੰਡੀ ਵਿੱਚ ਕੁੱਲ 7,43,789 ਲੱਖ ਕੁਆਇੰਟਲ ਕਣਕ ਆਈ ਸੀ, ਜਿਸ ਵਿੱਚੋਂ 4,29,845 ਲੱਖ ਕੁਆਇੰਟਲ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਸਰਕਾਰ ਵੱਲੋਂ ਖਾਸ ਟ੍ਰੇਨਾਂ (ਸਪੈਸ਼ਲਾਂ) ਰਾਹੀਂ ਵੀ ਅਨਾਜ ਨੂੰ ਜਲਦੀ ਉਠਾ ਕੇ ਭੇਜਿਆ ਜਾ ਰਿਹਾ ਹੈ, ਤਾਂ ਜੋ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸੁਚੱਜੀ ਤਰ੍ਹਾਂ ਚੱਲਦੀ ਰਹੇ।
ਉਨ੍ਹਾਂ ਕਿਹਾ ਕਿ ਇਸ ਸੀਜਨ ਨਾਲ ਸੰਬੰਧਿਤ ਬਾਰਦਾਨੇ ਦੀ ਕਮੀ ਨਾ ਆਵੇ, ਢੋਆ ਢੁਆਈ ਦੇ ਵਹੀਕਲਾਂ ਦੀ ਜਾਂ ਕਣਕ ਲਈ ਸਟੋਰੇਜ ਦੀ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ। ਇਸ ਸਾਰੇ 'ਤੇ ਨਿਗ੍ਹਾਸਾਨੀ ਲਈ ਅਧਿਕਾਰੀਆਂ ਅਤੇ ਆੜਤੀਆ ਐਸੋਸੀਏਸ਼ਨ ਨਾਲ ਮੀਟਿੰਗ ਕਰਨੀ ਬਹੁਤ ਜਰੂਰੀ ਹੁੰਦੀ ਹੈ ਕਿਉਂਕਿ ਉਨ੍ਹਾਂ ਤੋਂ ਸਾਨੂੰ ਸਹਿਯੋਗ ਚਾਹੀਦਾ ਹੁੰਦਾ ਹੈ। ਇਸ ਲਈ ਅਸੀਂ ਭਰੋਸਾ ਦਿੰਦੇ ਹਾਂ ਕਿ ਕਿਸਾਨਾਂ ਦੀ ਕਣਕ ਦਾ ਇਕੱਲਾ-ਇਕੱਲਾ ਦਾਣਾ ਅਸੀਂ ਚੁਕਾਵਾਂਗੇ। ਅਸੀਂ ਸਾਰੇ ਰਲ ਮਿਲ ਕੇ ਲਿਫਟਿੰਗ ਯਕੀਨੀ ਬਣਾਵਾਂਗੇ।
ਇਸ ਮੌਕੇ ਉਪ ਮੰਡਲ ਮਜਿਸਟਰੇਟ ਖੰਨਾ ਸਵਾਤੀ ਟਿਵਾਣਾ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ ਮਾਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਸ੍ਰੀ ਜਗਤਾਰ ਸਿੰਘ ਗਿੱਲ ਰਤਨਹੇੜੀ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆੜਤੀਏ ਮੌਜੂਦ ਸਨ।
Get all latest content delivered to your email a few times a month.