ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕਰਨ ਦਾ ਵਾਅਦਾ ਬਖ਼ੂਬੀ ਨਿਭਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਮੰਡੀਆਂ ਵਿੱਚ ਆਈ ਫਸਲ ਦੀ ਤੁਰੰਤ ਖਰੀਦ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਹੈ, ਜਿਸ ਦਾ ਨਤੀਜਾ ਇਹ ਹੈ ਕਿ ਹੁਣ ਤੱਕ 4,90,260 ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ।
ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 87.89 ਲੱਖ ਮੀਟਰਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 83.94 ਲੱਖ ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਇਸ ਦੇ ਨਾਲ ਹੀ ਲਿਫਟਿੰਗ ਦੇ ਕੰਮ ਵਿੱਚ ਵੀ ਤੇਜ਼ੀ ਆਈ ਹੈ, ਜਿਸ ਨਾਲ ਮੰਡੀਆਂ ਵਿੱਚ ਭੀੜ ਘੱਟ ਰਹੀ ਹੈ ਅਤੇ ਕਿਸਾਨਾਂ ਨੂੰ ਸੁਵਿਧਾ ਮਿਲ ਰਹੀ ਹੈ।
ਜ਼ਿਲ੍ਹਾ ਪਟਿਆਲਾ ਖਰੀਦ ਵਿੱਚ ਸਭ ਤੋਂ ਅੱਗੇ ਹੈ, ਜਿੱਥੇ ਲਗਭਗ 7.83 ਲੱਖ ਮੀਟਰਕ ਟਨ ਕਣਕ ਖਰੀਦੀ ਗਈ ਹੈ। ਇਸ ਤੋਂ ਬਾਅਦ ਸੰਗਰੂਰ ਅਤੇ ਫਿਰੋਜ਼ਪੁਰ ਦੂਜੇ ਅਤੇ ਤੀਜੇ ਸਥਾਨ 'ਤੇ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਵਿਭਾਗ ਵੱਲੋਂ ਕੁੱਲ 122 ਲੱਖ ਮੀਟਰਕ ਟਨ ਕਣਕ ਦੀ ਖਰੀਦ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ।
Get all latest content delivered to your email a few times a month.